ਜਗਦੀਸ਼ ਥਿੰਦ
ਫਾਜ਼ਿਲਕਾ, 19 ਫਰਵਰੀ:
ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮੇਟੀ ਦੇ ਚੇਅਰਮੈਨ ਅਤੇ ਕੈਬਨਿਟ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਰ ਕਰਵਾਉਣ ਆਉਂਦੇ ਲੋਕਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ ਅਤੇ ਸਮਾਂ ਬੱਧ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।
ਉਨਾਂ ਇਸ ਦੌਰਾਨ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਪਿਛਲੀ ਮੀਟਿੰਗ ਵਿੱਚ ਉਠਾਏ ਗਏ ਮੁੱਦਿਆਂ ਨੂੰ ਹੱਲ ਕਰਨ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਵੀ ਕੀਤੀ ਅਤੇ ਅਧਿਕਾਰੀਆਂ ਨੂੰ ਸਪੱਸ਼ਟ ਦਿਸ਼ਾ ਨਿਰਦੇਸ਼ ਦਿੱਤੇ ਕਿ ਲੋਕਾਂ ਦੇ ਅਹਿਮ ਮਸਲਿਆਂ ਨਾਲ ਜੁੜੀਆਂ ਸ਼ਿਕਾਇਤਾਂ ਨੂੰ ਨਿਰਧਾਰਿਤ ਸਮੇਂ ਅੰਦਰ ਨਿਪਟਾਉਣ ਨੂੰ ਯਕੀਨੀ ਬਣਾਇਆ ਜਾਵੇ।
ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਦੀ ਤਰਫੋਂ ਵੱਖ-ਵੱਖ ਸਬ-ਡਵੀਜ਼ਨਾਂ ਦੇ ਪਿੰਡਾਂ ਤੋਂ ਸ਼ਹਿਰੀ ਖੇਤਰਾਂ ਦੀਆਂ ਸੜਕਾਂ ਦੁਆਲੇ ਬਰਮ ਬਣਾਉਣ, ਗੰਦੇ ਪਾਣੀ ਦੀ ਨਿਕਾਸੀ, ਪਿੰਡਾਂ ਦੀਆਂ ਿਕ ਸੜਕਾਂ ਦੀ ਮੁਰੰਮਤ, ਕਿਸਾਨੀ ਨਾਲ ਜੁੜੇ ਮਸਲਿਆਂ, ਨਜ਼ਾਇਜ ਕਬਜ਼ਿਆਂ, ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਕੰਮ ਆਦਿ ਵਰਗੇ ਵੱਖ ਵੱਖ ਸਮਾਜਿਕ ਮੁੱਦਿਆਂ ਬਾਰੇ ਆਪਣੇ ਸੁਝਾਅ ਤੇ ਸਮੱਸਿਆਵਾਂ ਬਾਰੇ ਸ. ਸਿੱਧੂ ਨੂੰ ਜਾਣੂ ਕਰਵਾਉਂਦਿਆਂ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਜਿਸ ’ਤੇ ਸ੍ਰੀ ਸਿੱਧੂ ਨੇ ਮੌਕੇ ’ਤੇ ਮੌਜੂਦ ਸਬੰਧਤ ਅਧਿਕਾਰੀਆਂ ਨੰੂ ਅਗਲੀ ਮੀਟਿੰਗ ਤੋਂ ਪਹਿਲਾ ਸਾਰੀਆਂ ਸਮੱਸਿਆਵਾਂ ਨੰੂ ਸਮੇਂ ਨਾਲ ਹਲ ਕਰਨ ਦੇ ਆਦੇਸ਼ ਜਾਰੀ ਕੀਤੇ। ਉਨਾਂ ਡਿਪਟੀ ਕਮਿਸ਼ਨਰ ਨੂੰ ਆਖਿਆ ਕਿ ਸਬੰਧਤ ਵਿਭਾਗੀ ਅਧਿਕਾਰੀਆਂ ਰਾਹੀਂ ਇਨਾਂ ਸਮੱਸਿਆਵਾਂ ਦੇ ਸਬੰਧ ਵਿੱਚ ਫੌਰੀ ਕਦਮ ਚੁੱਕੇ ਜਾਣ। ਸ. ਸਿੱਧੂ ਨੇ ਡਿਪਟੀ ਕਮਿਸ਼ਨਰ ਸ੍ਰ.ਸੰਧੂ ਨੰੂ ਜ਼ਿਲੇ ਦੀਆਂ ਸਾਰੀਆਂ ਡਰੇਨਾਂ ਦੀ ਸਫ਼ਾਈ ਕਰਵਾਉਣ ਲਈ ਕਿਹਾ।
ਡਿਪਟੀ ਕਮਿਸ਼ਨਰ ਸ੍ਰ. ਅਰਵਿੰਦ ਪਾਲ ਸਿੰਘ ਸੰਧੂ ਨੇ ਵਿਸ਼ਵਾਸ ਦਿਵਾਇਆ ਕਿ ਜ਼ਿਲਾ ਪ੍ਰਸ਼ਾਸਨ ਹਰੇਕ ਤਰਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਵਚਨਬੱਧ ਹੈ ਅਤੇ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੌਰਾਨ ਉਠਾਏ ਜਾਣ ਵਾਲੇ ਮੁੱਦਿਆਂ ਨੂੰ ਫੌਰੀ ਆਧਾਰ ’ਤੇ ਹੱਲ ਕਰਵਾਇਆ ਜਾਂਦਾ ਹੈ।
ਮੀਟਿੰਗ ਦੌਰਾਨ ਐਮ.ਐਲ.ਏ ਫਾਜ਼ਿਲਕਾ ਦਵਿੰਦਰ ਸਿੰਘ ਘੁਬਾਇਆ, ਐਮ.ਐਲ.ਏ ਜਲਾਲਾਬਾਦ ਰਮਿੰਦਰ ਆਂਵਲਾ, ਸੀਨੀਅਰ ਕਾਂਗਰਸੀ ਆਗੂ ਸੰਦੀਪ ਜਾਖੜ ਅਤੇ ਰੰਜ਼ਮ ਕਾਮਰਾ, ਸੁਖਵਿੰਦਰ ਸਿੰਘ ਕਾਕਾ ਕੰਬੋਜ਼, ਪੀ.ਏ.ਟੂ ਸਿਹਤ ਮੰਤਰੀ ਹਰਕੇਸ਼ ਚੰਦ ਸ਼ਰਮਾ, ਐਸ.ਐਸ.ਪੀ ਫਾਜ਼ਿਲਕਾ ਹਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਰ.ਪੀ. ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਲ ਰਾਮ, ਐਸ.ਡੀ.ਐਮ ਫਾਜ਼ਲਿਕਾ ਸੁਭਾਸ਼ ਖੱਟਕ, ਐਸ.ਡੀ.ਐਮ. ਜਲਾਲਾਬਾਦ ਕੇਸ਼ਵ ਗੋਇਲ, ਐਸ.ਡੀ.ਐਮ ਅਬੋਹਰ ਵਿਨੋਦ ਕੁਮਾਰ ਬਾਂਸਲ, ਸਹਾਇਕ ਕਮਿਸ਼ਨਰ ਸ਼ਿਕਾਇਤਾ ਪੂਨਮ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ