ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੀ ਗਵਰਨਿੰਗ ਕੌਂਸਲ ਦੀ ਹੋਈ ਮੀਟਿੰਗ
ਅਸ਼ੋਕ ਵਰਮਾ
ਮਾਨਸਾ, 24 ਫਰਵਰੀ 2020 : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅੱਜ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਬਿਉਰੋ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਨੁੰਮਾਇੰਦਿਆਂ ਨੇ ਭਾਗ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਚਾਹਲ ਨੇ ਕਿਹਾ ਕਿ ਕਾਲਜ ਜਾਂ ਸਕੂਲ ਪਾਸ ਆਊਟ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਕਰਵਾਈ ਜਾਵੇ ਅਤੇ ਇਸ ਤੋਂ ਇਲਾਵਾ ਇਨ੍ਹਾਂ ਵਿਦਿਆਰਥੀਆਂ ਸਬੰਧੀ ਜਾਣਕਾਰੀ ਐਕਸਲ ਸ਼ੀਟ ਵਿੱਚ ਤਿਆਰ ਕਰ ਕੇ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 12 ਤੋਂ 24 ਮਾਰਚ ਤੱਕ ਸੂਬਾ ਪੱਧਰੀ ਹਾਈ ਐਂਡ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਜਿਨ੍ਹਾ ਵਿੱਚ ਵੱਡੇ ਪੱਧਰ 'ਤੇ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੇਲਿਆਂ ਵਿੱਚ ਨੌਜਵਾਨਾਂ ਨੂੰ ਘੱਟੋ-ਘੱਟ 3 ਲੱਖ ਅਤੇ ਵੱਧ ਤੋਂ ਵੱਧ 14 ਲੱਖ ਰੁਪਏ ਦੇ ਸਾਲਾਨਾ ਪੈਕੇਜ਼ ਦਿੱਤੇ ਜਾਣਗੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਇਸ ਲਈ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਲਿਸਟ ਭੇਜੀ ਜਾਵੇ ਤਾਂ ਜੋ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਬੇਰੁਜ਼ਗਾਰ ਨੌਜਵਾਨ ਲਾਹਾ ਲੈ ਸਕਣ।
ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਕਿਹਾ ਕਿ ਪੰਚਾਇਤਾਂ ਦੇ ਸਹਿਯੋਗ ਨਾਲ ਪਿੰਡਾਂ ਦੇ ਬੇਰੁਜ਼ਗਾਰ ਪ੍ਰਾਰਥੀਆਂ ਦੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰਜਿਸਟ੍ਰੇਸ਼ਨ ਕਰਵਾਈ ਜਾਵੇ ਅਤੇ ਉਨ੍ਹਾਂ ਨੂੰ ਇਨ੍ਹਾਂ ਮੇਲਿਆਂ ਤੋਂ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਵੈ-ਰੋਜ਼ਗਾਰ ਵਿਭਾਗ ਹਰ ਮਹੀਨੇ ਆਪਣੀਆਂ ਰਿਪੋਰਟਾਂ ਸਮੇਂ ਸਿਰ ਭੇਜਣੀਆਂ ਯਕੀਨੀ ਬਣਾਉਣ। ਉਨ੍ਹਾਂ ਵੱਖ-ਵੱਖ ਕਾਲਜਾਂ ਤੋਂ ਆਏ ਪ੍ਰਿੰਸੀਪਲਾਂ ਅਤੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦਾ ਦੌਰਾ ਜ਼ਰੂਰ ਕਰਵਾਉਣ ਤਾਂ ਜੋ ਵਿਦਿਆਰਥੀਆਂ ਨੂੰ ਬਿਉਰੋ ਦੀਆਂ ਸਕੀਮਾਂ ਤੋਂ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ।
ਉਨ੍ਹਾਂ ਆਰ.ਸੇਟੀ ਅਤੇ ਹੁਨਰ ਵਿਕਾਸ ਮਿਸ਼ਨ ਨੂੰ ਹਦਾਇਤ ਕੀਤੀ ਕਿ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਟ੍ਰੇਨਿੰਗ ਦੇਣ ਉਪਰੰਤ ਹੁਨਰ ਪ੍ਰਾਪਤ ਕਰ ਚੁੱਕੇ ਬੇਰੁਜ਼ਗਾਰ ਪ੍ਰਾਰਥੀਆਂ ਦੀ ਰੋਜ਼ਗਾਰ ਦਫ਼ਤਰ ਵਿਖੇ ਰਜਿਸਟ੍ਰੇਸ਼ਨ ਜ਼ਰੂਰ ਕਰਵਾਈ ਜਾਵੇ। ਉਨ੍ਹਾਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਵੱਖ-ਵੱਖ ਕਾਲਜਾਂ ਵਿੱਚ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਕੈਂਪਾਂ ਦਾ ਆਯੋਜਨ ਕੀਤਾ ਜਾਵੇ ਅਤੇ ਵਿਦਿਆਰਥੀਆਂ ਨੂੰ ਰੋਜਗਾਰ ਬਿਉਰੋ ਦੀ ਪ੍ਰਕ੍ਰਿਆ ਤੋਂ ਜਾਣੂ ਕਰਵਾਇਆ ਜਾਵੇ ਅਤੇ ਇਸ ਦੇ ਨਾਲ ਹੀ 12 ਮਾਰਚ ਤੋਂ 24 ਮਾਰਚ ਤੱਕ ਲੱਗਣ ਵਾਲੇ ਹਾਈ ਐਂਡ ਰੋਜ਼ਗਾਰ ਮੇਲੇ ਤੋਂ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਜਾਵੇ ਅਤੇ ਬੱਚਿਆਂ ਦੀ ਰਜਿਸਟ੍ਰੇਸ਼ਨ ਮਮਮ.ਬਪਗ਼ਾਠ.ਫਰਠ ਪੋਰਟਲ ਉਪਰ ਕਰਵਾਈ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਜਿਲ੍ਹਾ ਰੋਜ਼ਗਾਰ ਅਫ਼ਸਰ ਮੇਜਰ (ਰਿਟਾ.) ਹਰਪ੍ਰੀਤ ਸਿੰਘ ਮਾਨਸਾਹੀਆ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਦਿਨੇਸ਼ ਵਸ਼ਿਸ਼ਟ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਰਾਜਵੰਤ ਕੌਰ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀਮਤੀ ਮਧੂ ਅਤੇ ਡਾ. ਬਲਜੀਤ ਕੌਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਅਤੇ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਤੇ ਨੁਮਾਇੰਦੇ ਮੌਜੂਦ ਸਨ।