ਅਸ਼ੋਕ ਵਰਮਾ
ਬਠਿੰਡਾ 24 ਫਰਵਰੀ 2020: ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 2 ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 2 ਮਾਰਚ 2020 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਿਖਲਾਈ ਕੋਰਸ ਦੀ ਕੌਂਸਲਿੰਗ 27 ਫ਼ਰਵਰੀ 2020 ਨੂੰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਖੇ ਸਵੇਰੇ 10 ਵਜੇ ਹੋਵੇਗੀ। ਇਹ ਜਾਣਕਾਰੀ ਡੇਅਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਹਰਪਾਲ ਸਿੰਘ ਨੇ ਦਿੱਤੀ।
ਡਿਪਟੀ ਡਾਇਰੈਕਟਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੇ ਨਾਲ-ਨਾਲ ਵਜੀਫ਼ਾ ਵੀ ਦਿੱਤਾ ਜਾਵੇਗਾ। ਉਨ•ਾਂ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਬੇਰੁਜ਼ਗਾਰ ਉਮੀਦਵਾਰ ਲਈ ਘੱਟੋ-ਘੱਟ ਵਿੱਦਿਅਕ ਯੋਗਤਾ 5ਵੀਂ ਪਾਸ, ਉਮਰ 18 ਤੋਂ 50 ਸਾਲ, ਅਨੁਸੂਚਿਤ ਜਾਤੀ ਦਾ ਸਰਟੀਫ਼ਿਕੇਟ, ਆਧਾਰ ਕਾਰਡ, ਵੋਟਰ ਕਾਰਡ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ ਲੈ ਕੇ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਦੂਜੀ ਮੰਜ਼ਲ 'ਤੇ ਸਥਿਤ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਕਮਰਾ ਨੰਬਰ 302-ਈ ਵਿਖੇ ਆਪਣਾ ਫ਼ਾਰਮ ਭਰ ਕੇ ਕੌਂਸਲਿੰਗ 'ਚ ਭਾਗ ਲੈ ਸਕਦੇ ਹਨ।
ਉਨ•ਾਂ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਉਮੀਦਵਾਰ ਆਪਣੇ ਦਸਤਾਵੇਜ਼ ਲੈ ਕੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਖੇ ਸੰਪਰਕ ਕਰ ਸਕਦੇ ਹਨ। ਉਨ•ਾਂ ਇਹ ਵੀ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ ਕਰਜ਼ਾ ਲੈ ਕੇ ਡੇਅਰੀ ਧੰਦਾ ਸ਼ੁਰੂ ਕਰਨ ਲਈ ਨਬਾਰਡ ਵੱਲੋਂ 33.33 ਫ਼ੀਸਦੀ ਸਬਸਿਡੀ ਵੀ ਦਿੱਤੀ ਜਾਵੇਗੀ। ਚਾਹਵਾਨ ਉਮੀਦਵਾਰ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਟੈਲੀਫੋਨ ਨੰਬਰ 0164-2240645 'ਤੇ ਸੰਪਰਕ ਕਰ ਸਕਦੇ ਹਨ।