ਅਰਵਿੰਦ ਪਾਲ ਸਿੰਘ ਸੰਧੂ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ
ਜਗਦੀਸ਼ ਥਿੰਦ
ਫ਼ਾਜਿਲਕਾ, 3 ਅਪ੍ਰੈਲ
ਨੋਵਲ ਕੋਰੋਨਾਵਾਇਰਸ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸਾਸਨ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ ਜ਼ਿਲ੍ਹੇ ਵਿਚੋਂ ਟੈਸਟ ਲਈ ਭੇਜੇ ਗਏ ਸਾਰੇ 16 ਸ਼ੱਕੀ ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ। ਇਹ ਜਾਣਕਾਰੀ ਡਿਪਟੀ ਕਮਿਸਨਰ ਫ਼ਾਜ਼ਿਲਕਾ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਰੋਨਾਵਾਇਰਸ ਸਬੰਧੀ ਕਿਸੇ ਕਿਸਮ ਦੀ ਗਲਤ ਜਾਣਕਾਰੀ ਜਾਂ ਅਫਵਾਹ ਲੋਕਾਂ ਵਿਚ ਨਾ ਫੈਲਾਉਣ ਅਤੇ ਜੇ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਦੋਸ਼ੀਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜਿਲਕਾ ਨਾਲ ਸਬੰਧਤ ਬਾਹਰੋਂ ਆਏ 292 ਯਾਤਰੀਆਂ ਦੀ ਸੂਚੀ ਵਿੱਚੋਂ ਮੌਜੂਦਾ ਸਮੇਂ 76 ਵਿਅਕਤੀ ਹੀ ਏਕਾਂਤਵਾਸ ਵਿੱਚ ਹਨ ਜਦਕਿ ਬਾਕੀ ਯਾਤਰੀ ਏਕਾਂਤਵਾਸ ਦਾ ਸਮਾਂ ਪੂਰਾ ਕਰ ਚੁੱਕੇ ਹਨ ਅਤੇ ਕੋਰੋਨਾ ਵਾਇਰਸ ਦੇ ਸੱਕ ਦੇ ਘੇਰੇ ’ਚੋਂ ਬਾਹਰ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਵਿਅਕਤੀ ਮੌਜੂਦਾ ਸਮੇਂ ਏਕਾਂਤਵਾਸ ਵਿਚ ਹਨ, ਜੇਕਰ ਉਨ੍ਹਾਂ ਨੂੰ ਬੁਖਾਰ, ਖੰਘ, ਗਲੇ ‘ਚ ਖਰਾਸ ਅਤੇ ਸਾਹ ਲੈਣ ਵਿੱਚ ਮੁਸਕਲ ਆਦਿ ਲੱਛਣ ਦਿਖਾਈ ਦਿੰਦੇ ਹਨ ਤਾਂ ਉਨ੍ਹਾਂ ਨੂੰ ਤੁਰੰਤ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਆਪਣੀ ਜਾਣਕਾਰੀ ਦੇਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਏਕਾਂਤਵਾਸ ਦੇ ਨਿਯਮਾਂ ਦਾ ਪਾਲਣ ਕਰਦੇ ਹੋਏ ਆਪਣੇ ਘਰ ਵਿਚ ਹੀ ਰਹਿਣਾ ਚਾਹੀਦਾ ਹੈ ਅਤੇ ਬਾਹਰ ਨਹੀਂ ਜਾਣਾ ਚਾਹੀਦਾ। ਉਨ੍ਹਾਂ ਨੇ ਦੱਸਿਆ ਕਿ ਜੇਕਰ ਏਕਾਂਤਵਾਸ ‘ਚ ਰੱਖਿਆ ਗਿਆ ਵਿਅਕਤੀ ਨਿਯਮਾਂ ਅਤੇ ਲੋੜੀਂਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਵਿਰੁੱਧ ਪੁਲਿਸ ਕੇਸ ਦਰਜ ਕੀਤਾ ਜਾਵੇਗਾ।