ਅਸ਼ੋਕ ਵਰਮਾ
ਬਠਿੰਡਾ, 24 ਮਈ 2020 - ਕੇਂਦਰ ਸਰਕਾਰ ਦੇ ਖੇਤੀ ਲਾਗਤ ਅਤੇ ਕੀਮਤ ਕਮਿਸ਼ਨ ( ਸੀ. ਏ. ਸੀ. ਪੀ ) ਨੇ ਖੇਤੀਬਾੜੀ ਮੰਤਰਾਲੇ ਨੂੰ 2020-21 ਲਈ ਖਰੀਫ ਫਸਲਾਂ ਲਈ ਸੌਂਪੀ ਰਿਪੋਰਟ ‘ਚ ਝੋਨੇ ਦੇ ਭਾਅ ’ਚ 53 ਰੁਪਏ, ਨਰਮੇਂ ਦੇ ਭਾਅ ’ਚ 260 ਰੁਪਏ ਅਤੇ ਦਾਲਾਂ ਦੇ ਭਾਅ ’ਚ 150 ਤੋਂ 300 ਰੁਪਏ ਤੱਕ ਵਧਾਉਣ ਦੀ ਸਿਫਾਰਸ਼ ਨੂੰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੁੱਢੋਂ ਰੱਦ ਕਰਦਿਆਂ ਮੰਗ ਕੀਤੀ ਹੈ ਕਿ ਇਸ ਸਿਫਾਰਸ਼ ਨੂੰ ਕੇਂਦਰ ਸਰਕਾਰ ਨਾ-ਮੰਨਜੂਰ ਕਰੇ। ਯੂਨੀਅਨ ਦੇ ਸੂਬਾ ਮੁੱਖ ਸਕੱਤਰ ਜਰਨਲ ਰਾਮਕਰਨ ਸਿੰਘ ਰਾਮਾਂ ਨੇ ਕਰਦਿਆਂ ਕਿਹਾ ਕਿ ਡਾ. ਰਮੇਸ਼ ਚੰਦ ਦੀ ਅਗਵਾਈ ’ਚ ਸਮਰਥਨ ਮੁੱਲ ਸੰਬੰਧੀ ਪ੍ਰਣਾਲੀ ਬਾਰੇ ਜਾਂਚ ਕਮੇਟੀ ਦੀ ਰਿਪੋਰਟ ਨੂੰ ਲਾਗੂ ਕਰਕੇ ਫਸਲਾਂ ਦੇ ਭਾਅ ਡਾਕਟਰ ਸੁਆਮੀਨਾਥਨ ਦੀਆਂ ਸਿਫਾਰਸ਼ਾਂ ਮੁਤਾਬਿਕ ਦਿੱਤੇ ਜਾਣ। ਰਾਮਕਰਨ ਸਿੰਘ ਰਾਮਾਂ ਨੇ ਕਿਹਾ ਕਿ ਪਿਛਲੇ ਲੰਮੇਂ ਸਮੇਂ ਤੋਂ ਕੇਂਦਰ ਸਰਕਾਰ ਦੀ ਸੀ. ਏ. ਸੀ. ਪੀ ਕਮੇਟੀ ਇਸੇ ਤਰਾਂ ਕਿਸਾਨਾਂ ਦੀਆਂ ਫਸਲਾਂ ਵਿਚ ਮਾਮੂਲੀ ਵਾਧੇ ਕਰਨ ਦੀ ਸਿਫਾਰਸ਼ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਦੀ ਆ ਰਹੀ ਹੈ, ਜਿਸ ਨੂੰ ਦੇਸ਼ ਦਾ ਕਿਸਾਨ ਹੁਣ ਬਰਦਾਸ਼ਤ ਨਹੀ ਕਰੇਗਾ। ਉਨਾਂ ਕਿਹਾ ਕਿ ਕੇਂਦਰ ਵਿਚ ਕਿਸੇ ਵੀ ਪਾਰਟੀ ਦੀ ਸਰਕਾਰ ਆਈ ਹੋਵੇ, ਉਸ ਨੇ ਕਦੇ ਵੀ ਕਿਸਾਨਾਂ ਦੀਆਂ ਫਸਲਾਂ ਦੇ ਭਾਅ ਪੂਰੇ ਨਹੀ ਦਿੱਤੇ ਜਿਸ ਕਾਰਨ ਕਿਸਾਨ ਦਿਨੋ-ਦਿਨ ਕਮਜ਼ੋਰ ਹੁੰਦਾ ਹੋਇਆ ਕਰਜ਼ਾਈ ਹੋ ਕੇ ਖੁਦਕੁਸ਼ੀਆ ਕਰ ਰਿਹਾ ਹੈ। ਇਸ ਸਮੇਂ ਜਿਲਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ ਅਤੇ ਜਿਲਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਵੀ ਮੌਜੂਦ ਸਨ।