ਅਸ਼ੋਕ ਵਰਮਾ
ਸ੍ਰੀ ਮੁਕਤਸਰ ਸਾਹਿਬ, 28 ਮਈ 2020 ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਪੰਜਾਬ ਖੇਤ ਮਜਦੂਰ ਯੂਨੀਅਨ ਦੇ ਸੂਬਾ ਕਮੇਟੀਆਂ ਦੇ ਸੱਦੇ ‘ਤੇ ਕੋਰੋਨਾ ਪਾਜ਼ੀਟਿਵ ਰਿਪੋਰਟਾਂ ਵਾਲੇ ਪਰ ਬਾਹਰੀ ਲੱਛਣ ਨਾ ਦਿਖਾਉਣ ਵਾਲੇ ਰੋਗੀਆਂ ਨੂੰ ਹਸਪਤਾਲਾਂ ‘ਚੋਂ ਕੱਢਕੇ ਘਰੇ ਭੇਜਣ ਦੀ ਸਰਕਾਰੀ ਨੀਤੀ ਤੋਂ ਖਫ਼ਾ ਹੋਏ ਖੇਤ ਮਜ਼ਦੂਰਾਂ ਨੇ ਸਰਕਾਰ ‘ਤੇ ਗਿਣਮਿਥ ਕੇ ਲੋਕਾਂ ਨੂੰ ਮੌਤ ਦੇ ਮੂੰਹ ਧੱਕਣ ਦਾ ਦੋਸ਼ ਲਾਉਂਦਿਆਂ ਅੱਜ ਪਿੰਡ ਖੁੰਡੇ ਹਲਾਲ ’ਚ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦਾ ਪੁਤਲਾ ਸੜਿਆ ਗਿਆ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਜਰਨਲ ਸਕੱਤਰ ਤਰਸੇਮ ਸਿੰਘ ਖੁੰਡੇ ਅਤੇ ਬਲਾਕ ਪ੍ਰਧਾਨ ਕਾਕਾ ਸਿੰਘ ਖੁੰਡੇ ਹਲਾਲ ਨੇ ਆਖਿਆ ਕਿ ਸਰਕਾਰ ਕਰੋਨਾ ਪੀੜਤਾਂ ਦੇ ਇਲਾਜ ਤੇ ਸਾਂਭ ਸੰਭਾਲ ਦੀ ਆਪਣੀ ਜਿੰਮੇਵਾਰੀ ਤੋਂ ਭੱਜ ਕੇ ਪਾਜੇਟਿਵ ਪਾਏ ਗਏ ਰੋਗੀਆਂ ਨੂੰ ਘਰੀਂ ਤੋਰ ਕੇ ਪਿੰਡਾਂ ਤੇ ਸਮਾਜ ‘ਚ ਕੋਰੋਨਾ ਦੀ ਲਾਗ ਵੱਡੇ ਪੱਧਰ ‘ਤੇ ਫੈਲਾ ਰਹੀ ਹੈ ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਹਨਾਂ ਆਖਿਆ ਕਿ ਸਾਰੇ ਪੰਜਾਬ ‘ਚ ਹੀ ਅਜਿਹੇ ਮਰੀਜ਼ ਘਰੇ ਭੇਜੇ ਜਾ ਰਹੇ ਹਨ। ਉਹਨਾਂ ਦੋਸ਼ ਲਾਇਆ ਕਿ ਪਹਿਲਾਂ ਸਮਾਂ ਰਹਿੰਦੇ ਇਸ ਬਿਮਾਰੀ ਦੀ ਰੋਕਥਾਮ ਲਈ ਵਿਦੇਸ਼ਾਂ ‘ਚੋਂ ਆਉਣ ਵਾਲੇ ਲੋਕਾਂ ਦੇ ਟੈਸਟ ਕਰਨ ਤੇ ਹੋਰ ਢੁੱਕਵੇਂ ਕਦਮ ਨਾ ਚੁੱਕਣ ਰਾਹੀਂ ਤੇ ਫਿਰ ਬਿਨਾਂ ਤਿਆਰੀ ਅਤੇ ਲੋਕਾਂ ਨੂੰ ਕੋਈ ਮੋਹਲਤ ਦਿੱਤੇ ਬਿਨਾਂ ਹੀ ਇਕਦਮ ਲਾਕਡਾਊਨ ਤੇ ਕਰਫਿਊ ਮੜ ਕੇ ਸਰਕਾਰਾਂ ਨੇ ਕਰੋੜਾਂ ਲੋਕਾਂ ਨੂੰ ਬਲਦੀ ਦੇ ਬੁੱਥੇ ਧੱਕ ਦਿੱਤਾ। ਜਿਸਦੇ ਸਿੱਟੇ ਵਜੋਂ ਪਿਛਲੇ ਦੋ ਮਹੀਨਿਆਂ ਤੋਂ ਕਿਰਤੀ ਕਮਾਊ ਲੋਕਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਸਗੋਂ ਲੱਖਾਂ ਪ੍ਰਵਾਸੀ ਮਜ਼ਦੂਰ ਭੁੱਖੇ ਪਿਆਸੇ ਹੀ ਹਜ਼ਾਰਾਂ ਕਿਲੋਮੀਟਰਾਂ ਦਾ ਸਫ਼ਰ ਪੈਦਲ ਹੀ ਤਹਿ ਕਰਨ ਲਈ ਮਜ਼ਬੂਰ ਕਰ ਦਿੱਤੇ ਜਿਹਨਾਂ ‘ਚੋਂ ਸੈਂਕੜੇ ਮਜ਼ਦੂਰਾਂ ਦੀ ਹੋਈ ਮੌਤ ਅਸਲ ‘ਚ ਕਤਲ ਹਨ ਜਿਸ ਲਈ ਸਰਕਾਰਾਂ ਸਿੱਧੇ ਤੌਰ ‘ਤੇ ਜਿੰਮੇਵਾਰ ਹਨ। ਰਾਹਤ ਪੈਕੇਜ ਨੂੰ ਆਫਤ ਪੈਕੇਜ ਕਰਾਰ ਦਿੰਦਿਆਂ ਆਗੂਆਂ ਨੇ ਦੋਸ਼ ਲਾਇਆ ਕਿ 20 ਲੱਖ ਕਰੋੜ ਰੁਪਏ ਚੋਂ 12 ਲੱਖ ਕਰੋੜ ਤਾਂ ਵਿਆਜ ਉਤੇ ਕਰਜੇ ਦੇਣ ਸਬੰਧੀ ਹੈ ਜਿਸ ਨੂੰ ਰਾਹਤ ਕਹਿਣਾ ਹੀ ਮਜਾਕ ਹੈ ਤੇ ਕਾਫੀ ਹਿੱਸਾ ਪੁਰਾਣੀਆਂ ਸਕੀਮਾਂ ਨੂੰ ਮੁੜ ਦੁਹਰਾ ਕੇ ਪੂਰਾ ਕੀਤਾ ਗਿਆ ਹੈ ।
ਉਨ੍ਹਾਂ ਕਿਹਾ ਕਿ ਜਿਹੜੀ ਨਿਗੂਣੀ ਰਕਮ ਜਾਰੀ ਵੀ ਕੀਤੀ ਗਈ ਹੈ ਉਸ ਵਿੱਚੋਂ ਕਿਰਤੀ ਲੋਕਾਂ ਦਾ ਹਿੱਸਾ ਨਾਂਹ ਦੇ ਬਰਾਬਰ ਹੈ, ਜਦ ਕਿ ਵੱਡੇ ਸਰਮਾਏਦਾਰਾਂ ਤੇ ਕਾਰੋਬਾਰੀਆਂ ਲਈ ਵੱਡੀਆਂ ਰਕਮਾਂ ਰੱਖੀਆਂ ਗਈਆਂ ਹਨ । ਕਿਰਤ ਕਾਨੂੰਨਾਂ ਨੂੰ ਛਾਂਗ ਕੇ ਕਿਰਤੀਆਂ ਨੂੰ ਸਰਮਾਏਦਾਰਾਂ ਦੇ ਹੱਕ ਚ ਨਿੱਜੀਕਰਨ ਦਾ ਅਮਲ ਤੇਜ਼ ਕਰ ਦਿੱਤਾ ਗਿਆ ਹੈ। ਉਨਾਂ ਪ੍ਰਵਾਸੀ ਮਜਦੂਰਾਂ ਨੂੰ ਉਨਾਂ ਦੇ ਘਰਾਂ ਤੱਕ ਪਹੁੰਚਾਉਣ ਦੇ ਪੁਖਤਾ ਪ੍ਰਬੰਧ ਕਰਨ, ਲਾਕਡਾਊਨ ਕਾਰਨ ਮਾਰੇ ਗਏ 400 ਦੇ ਲਗਭਗ ਮਜਦੂਰਾਂ ਦੇ ਪਰਿਵਾਰਾਂ ਨੂੰ ਢੁਕਵਾਂ ਮੁਆਵਜਾ ਦੇਣ , ਜਨਤਕ ਵੰਡ ਪ੍ਰਣਾਲੀ ਨੂੰ ਮਜਬੂਤ ਕਰਕੇ ਸਾਰੇ ਲੋੜਵੰਦਾਂ ਨੂੰ ਅਨਾਜ ਤੇ ਹੋਰ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਅਤੇ ਕਿਰਤ ਕਾਨੂੰਨਾਂ ਚ ਕੀਤੀਆਂ ਸੋਧਾਂ ਰੱਦ ਕਰਨ ਸਮੇਤ ਵੱਖ ਵੱਖ ਮੰਗਾਂ ਪ੍ਰਵਾਨ ਕਰਨ ਦੀ ਮੰਗ ਕੀਤੀ।
ਇਸ ਮੌਕੇ ਹਾਜਰ ਆਗੂਆਂ ਕਿ੍ਰਸ਼ਨ ਸਿੰਘ, ਸਤਨਾਮ ਸਿੰਘ, ਜਸਵੰਤ ਸਿੰਘ ,ਦਲਜੀਤ ਕੌਰ, ਭਜਨ ਕੌਰ, ਸਿਮਰਜੀਤ ਕੌਰ, ਰੁਪਿੰਦਰ ਕੌਰ, ਨੀਲਮ ਕੌਰ ਅਤੇ ਪੰਮੀ ਕੌਰ ਆ ਿਆਗੂਆਂ ਨੇ ਐਲਾਨ ਕੀਤਾ ਕਿ ਸਨਅਤੀ ਮਜਦੂਰਾਂ , ਮੁਲਾਜਮਾਂ , ਨੌਜਵਾਨ ਤੇ ਵਿਦਿਆਰਥੀਆਂ, ਠੇਕਾ ਕਾਮਿਆਂ , ਕਿਸਾਨਾਂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ ਮੋਦੀ ਹਕੂਮਤ ਵੱਲੋਂ ਰਾਹਤ ਪੈਕਜ ਦੇ ਨਾਂ ਤੇ ਬੋਲੇ ਨਵੇਂ ਆਰਥਿਕ ਹਮਲੇ ਅਤੇ ਸੰਕਟ ਚ ਘਿਰੇ ਲੋਕਾਂ ਨੂੰ ਰਾਹਤ ਦੇਣ ਦੀਆਂ ਮੰਗਾਂ ਨੂੰ ਲੈ ਕੇ 3 ਤੋਂ 5 ਜੂਨ ਨੂੰ ਤਹਿਸੀਲ ਦਫਤਰਾਂ ਅੱਗੇ ਇਕ ਰੋਜਾ ਧਰਨੇ ਦਿੱਤੇ ਜਾਣਗੇ।