- ਜ਼ਿਲ੍ਹੇ ਤੋਂ ਬਾਹਰਲੇ ਵੀ ਦੋ ਹੋਰ ਮਰੀਜ਼ ਪਾਜ਼ੀਟਿਵ ਪਾਏ
- ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ-ਡਿਪਟੀ ਕਮਿਸ਼ਨਰ
ਲੁਧਿਆਣਾ, 29 ਮਈ 2020 - ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਿੱਚ ਦੋ ਹੋਰ ਮਰੀਜ਼ਾਂ ਦਾ ਵਾਧਾ ਹੋਇਆ ਹੈ। ਅੱਜ ਪਾਜ਼ੀਟਿਵ ਪਾਏ ਗਏ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ ਮਾਮਲੇ ਸ਼ਹਿਰ ਲੁਧਿਆਣਾ ਅਤੇ ਸਮਰਾਲਾ ਨਾਲ ਸੰਬੰਧਤ ਹਨ। ਇਸ ਤੋਂ ਇਲਾਵਾ ਅੱਜ ਤਿੰਨ ਵਿਅਕਤੀਆਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ, ਜਿਨ੍ਹਾਂ ਵਿੱਚ 2 ਜਵਾਨ ਦਯਾ ਬਸਤੀ ਦਿੱਲੀ ਨਾਲ ਸੰਬੰਧਤ ਆਰ. ਪੀ. ਐੱਫ਼ ਜਵਾਨ ਹਨ। ਇਸ ਤਰ੍ਹਾਂ ਚੰਦਰ ਨਗਰ ਨਿਵਾਸੀ 40 ਸਾਲਾ ਇੱਕ ਔਰਤ ਨੂੰ ਵੀ ਡੀ. ਐੱਮ. ਸੀ. ਤੋਂ ਛੁੱਟੀ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 6649 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 6364 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ 6091 ਨਤੀਜੇ ਨੈਗੇਟਿਵ ਆਏ ਹਨ, ਜਦਕਿ 285 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 183 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 90 ਮਰੀਜ਼ ਹੋਰ ਜ਼ਿਲ੍ਹਿਆਂ ਨਾਲ ਸੰਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 7 ਮੌਤਾਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ ਅਤੇ 6 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ। ਹੁਣ ਤੱਕ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 145 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਹੁਣ ਤੱਕ 6603 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1741 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 110 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 217 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ੍ਹਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ 'ਤੇ ਪਾਲਣਾ ਕਰਨ। ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।
ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਮਾਸਕ ਨਾ ਪਹਿਨਣ ਵਾਲੇ ਵਿਅਕਤੀ ਨੂੰ ਹੁਣ 200 ਰੁਪਏ, ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ 500 ਰੁਪਏ ਅਤੇ ਜਨਤਕ ਥਾਵਾਂ 'ਤੇ ਥੁੱਕਣ ਵਾਲੇ ਲੋਕਾਂ ਨੂੰ 100 ਰੁਪਏ ਜੁਰਮਾਨਾ ਕੀਤਾ ਜਾਵੇਗਾ।