ਅਸ਼ੋਕ ਵਰਮਾ
ਚੰਡੀਗੜ੍ਹ, 31 ਮਈ 2020 - ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜਦੂਰ ਯੂਨੀਅਨ ਨੇ ਸੀ ਐਚ ਬੀ ਠੇਕਾ ਮੁਲਾਜਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ 2 ਜੂਨ ਨੂੰ ਪਟਿਆਲਾ ਵਿਖੇ ਦਿੱਤੇ ਜਾ ਰਹੇ ਧਰਨੇ ਦੀ ਹਮਾਇਤ ਦਾ ਐਲਾਨ ਕੀਤਾ ਹੈ।
ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਲਛਮਣ ਸਿੰਘ ਸੇਵੇਵਾਲਾ ਨੇ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੇ ਮਜ਼ਦੂਰ-ਮੁਲਜ਼ਮ ਮਾਰੂ ਰਵੱਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਕਿਹਾ ਕਿ ਪਾਵਰਕਾਮ ਅਤੇ ਸਰਕਾਰ ਵੱਲੋਂ ਸਰਕਲ ਖੰਨਾ,ਸ਼੍ਰੀ ਮੁਕਤਸਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਡਵੀਜਨਾਂ ਦੇ ਸੀ.ਐੱਚ.ਬੀ.ਠੇਕਾ ਕਾਮਿਆਂ ਦੀਆਂ ਛਾਂਟੀਆਂ ਕਰਨ ਦਾ ਵਰਤਾਰਾ ਅਤਿ ਨਿੰਦਣਯੋਗ ਕਦਮ ਹੈ। ਇੱਕ ਪਾਸੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਨਵੇਂ ਅਣ-ਸਿੱਖਿਅਤ ਏ.ਐੱਲ.ਐੱਮ.ਭਰਤੀ ਕਰਕੇ ਕੰਮ ਦੌਰਾਨ ਵਾਪਰਦੇ ਹਾਦਸਿਆਂ ਰਾਹੀਂ ਉਹਨਾਂ ਦੀ ਬਲੀ ਲੈ ਰਹੀ ਹੈ ਅਤੇ ਦੂਜੇ ਪਾਸੇ ਸਿੱਖਿਅਤ ਤੇ ਤਜਰਬੇਕਾਰ ਸੀ.ਐੱਚ.ਬੀ.ਠੇਕਾ ਕਾਮਿਆਂ ਨੂੰ ਨੌਕਰੀਓਂ ਫਾਰਗ ਕਰਕੇ ਘਰਾਂ ਨੂੰ ਤੋਰ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਨੂੰ ਚਾਹੀਦਾ ਸੀ ਕਿ ਪਿਛਲੇ ਲੰਬੇ ਸਮੇਂ ਤੋਂ ਠੇਕਾ ਪ੍ਰਣਾਲੀ ਅਧੀਨ ਕੰਮ ਕਰਦੇ ਆ ਰਹੇ ਸੀ.ਐੱਚ.ਬੀ.ਠੇਕਾ ਕਾਮਿਆਂ ਨੂੰ ਪੱਕਾ ਕਰਦੀ। ਕਿਸਾਨ ਮਜਦੂਰ ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਤੋਂ ਮੰਗ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਐਮਰਜੈਂਸੀ ਹਾਲਾਤਾਂ ਵਿੱਚ ਕੰਮ ਕਰ ਰਹੇ ਸੀ.ਐੱਚ.ਬੀ.ਠੇਕਾ ਕਾਮਿਆਂ ਨੂੰ ਪਾਵਰਕਾਮ ਵਿੱਚ ਪੱਕਾ ਭਰਤੀ ਕੀਤਾ ਜਾਵੇ,ਸੀ.ਐੱਚ.ਬੀ. ਠੇਕਾ ਕਾਮਿਆਂ ਦੀ ਡਿਊਟੀ ਦੌਰਾਨ ਮੌਤ ਹੋਣ ਤੇ 50 ਲੱਖ ਦੀ ਬੀਮਾ ਪਾਲਿਸੀ ਲਾਗੂ ਕੀਤੀ ਜਾਵੇ ਅਤੇ ਉਹਨਾਂ ਦੀਆਂ ਹੋਰ ਭਖਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ। ਪਾਵਰਕਾਮ ਐੰਡ ਟ੍ਰਾਸਕੋੰ ਠੇਕਾ ਮੁਲਾਜਮ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ 02 ਜੂਨ ਨੂੰ ਪਾਵਰਕਾਮ ਮੁੱਖ ਦਫ਼ਤਰ ਪਟਿਆਲਾ ਸਾਹਮਣੇ ਦਿੱਤੇ ਜਾ ਰਹੇ ਧਰਨੇ ਦੀ ਕਿਸਾਨਾਂ ਮਜਦੂਰਾਂ ਵੱਲੋਂ ਡੱਟਵੀਂ ਹਮਾਇਤ ਕੀਤੀ ਜਾਵੇਗੀ।