ਜਗਦੀਸ਼ ਥਿੰਦ
ਫ਼ਾਜ਼ਿਲਕਾ, 01 ਜੂਨ
ਜ਼ਿਲ੍ਹੇ ਵਿੱਚ ਕੋਵਿਡ ਲੌਕਡਾਊਨ ਦੌਰਾਨ ਗਰੀਬ ਪਰਿਵਾਰਾਂ ਨੂੰ ਰਾਹਤ ਦੇਣ ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਕਰੀਬ 75 ਫੀਸਦੀ ਅਨਾਜ ਦੀ ਵੰਡ ਮੁਕੰਮਲ ਕਰ ਲਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਖੁਰਾਕ ਤੇ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀਆਂ ਹਦਾਇਤਾਂ ਅਨੁਸਾਰ ਪਾਰਦਰਸ਼ੀ ਤਰੀਕੇ ਨਾਲ ਅਨਾਜ ਦੀ ਵੰਡ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 1,55,615 ਸਮਾਰਟ ਰਾਸ਼ਨ ਕਾਰਡ ਧਾਰਕਾਂ ਵਿਚੋਂ 1,16,984 ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕਰ ਦਿੱਤੀ ਗਈ ਹੈ, ਜਿਸ ਤਹਿਤ 66,783 ਕੁਇੰਟਲ ਕਣਕ ਅਤੇ 3035 ਕੁਇੰਟਲ ਦਾਲ ਵੰਡੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਕਰੀਬ 8 ਹਜ਼ਾਰ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ। ਇਸ ਅਨਾਜ ਵੰਡ ਤਹਿਤ ਗਰੀਬ ਪਰਿਵਾਰਾਂ ਨੂੰ 5 ਕਿੱਲੋਗ੍ਰਾਮ ਪ੍ਰਤੀ ਜੀਅ ਪ੍ਰਤੀ ਮਹੀਨਾ ਕਣਕ ਅਤੇ ਇੱਕ ਕਿਲੋਗ੍ਰਾਮ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ ਦਾਲ ਦਿੱਤੀ ਜਾ ਰਹੀ ਹੈ। ਇਹ ਅਨਾਜ ਅਪਰੈਲ ਤੋਂ ਜੂਨ ਤੱਕ ਤਿੰਨ ਮਹੀਨਿਆਂ ਦਾ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਉਨ੍ਹਾਂ ਪਾਸੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 584 ਰਾਸ਼ਨ ਡਿੱਪੂਆਂ ਰਾਹੀਂ ਕੀਤੀ ਜਾ ਰਹੀ ਅਨਾਜ ਦੀ ਵੰਡ ਦੌਰਾਨ ਲੋਕਾਂ ਨੂੰ ਸਹੀ ਤੋਲ ਤੇ ਪੂਰੀ ਮਾਤਰਾ ਵਿੱਚ ਕਣਕ ਤੇ ਦਾਲ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਅਗਲੇ ਹਫ਼ਤੇ ਵਿੱੱਚ ਇਨ੍ਹਾਂ ਪਰਿਵਾਰਾਂ ਦਰਮਿਆਨ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਅਨਾਜ ਦੀ ਵੰਡ ਨੂੰ ਮੁਕੰਮਲ ਕਰ ਲਿਆ ਜਾਵੇਗਾ।