ਗੱਲਬਾਤ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਨਾਗਰਾ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 14 ਜੁਲਾਈ : ਮਿਸ਼ਨ ਫ਼ਤਹਿ ਤਹਿਤ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਸੰਭਾਲ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਕਾਰਡ ਵੀ ਬਣਾਏ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਕਿਸਾਨਾਂ ਦੇ ਭਗਤ ਪੂਰਨ ਸਿੰਘ ਸਿਹਤ ਯੋਜਨਾ ਤਹਿਤ ਕਾਰਡ ਨਹੀਂ ਬਣੇ, ਉਹ ਹੁਣ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਨਾਉਣਾ ਚਾਹੁੰਦੇ ਹਨ, ਉਹ ਮਿਤੀ 24 ਜੁਲਾਈ 2020 ਤੋਂ ਪਹਿਲਾਂ-ਪਹਿਲਾਂ ਆਪਣੇ ਸਬੰਧਤ ਆੜ੍ਹਤੀ, ਜਿਨ੍ਹਾਂ ਕੋਲ ਉਨ੍ਹਾਂ ਨੇ ਹਾੜ੍ਹੀ 2020 ਦੌਰਾਨ ਫ਼ਸਲ ਵੇਚੀ ਹੈ ਨਾਲ ਸੰਪਰਕ ਕਰਨ ਅਤੇ ਲੋੜੀਂਦੇ ਦਸਤਾਵੇਜ਼ (ਮਿਤੀ 01-01-2020 ਤੋਂ ਬਾਅਦ ਵੇਚੀ ਫ਼ਸਲ ਦਾ ਜੇ ਫਾਰਮ, ਆਪਣੇ ਅਤੇ ਪਰਿਵਾਰਕ ਮੈਂਬਰਾਂ ਦੇ ਸਵੈ ਤਸਦੀਕ ਆਧਾਰ ਕਾਰਡਾਂ ਦੀਆਂ ਫੋਟੋ ਕਾਪੀਆਂ) ਆੜ੍ਹਤੀਆਂ ਕੋਲ ਸਮੇਂ ਸਿਰ ਜਮ੍ਹਾਂ ਕਰਵਾਉਣ।
ਵਿਧਾਇਕ ਨਾਗਰਾ ਨੇ ਦੱਸਿਆ ਕਿ ਆੜ੍ਹਤੀਆਂ ਵੱਲੋਂ ਇਹ ਰਿਕਾਰਡ ਮਾਰਕਿਟ ਕਮੇਟੀ ਪਾਸ ਜਮ੍ਹਾਂ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਕਿਸਾਨਾਂ ਕੋਲ ਮਿਤੀ 01-11-2019 ਤੋਂ 31-03-2020 ਤੱਕ ਖੰਡ ਮਿੱਲਾਂ ਵਿੱਚ ਵਿੱਚ ਵੇਚੇ ਗੰਨੇ ਦੀਆਂ ਤੋਲ ਪਰਚੀਆਂ ਹਨ, ਉਹ ਮਾਰਕਿਟ ਕਮੇਟੀ ਸਰਹਿੰਦ ਵਿਖੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਕੇ ਸਕੀਮ ਦਾ ਲਾਭ ਲੈਣ। ਉਨ੍ਹਾਂ ਦੱਸਿਆ ਕਿ ਇਸ ਸਕੀਮ ਸਬੰਧੀ ਹੋਰ ਜਾਣਕਾਰੀ ਟੋਲ ਫ੍ਰੀ ਨੰਬਰ 104 ਅਤੇ ਪੰਜਾਬ ਮੰਡੀ ਬੋਰਡ ਦੀ ਵੈਬਸਾਈਟ www.mandiboard.nic.in ਤੋਂ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਮਿਸ਼ਨ ਫ਼ਤਹਿ ਤਹਿਤ ਕੋਰੋਨਾ ਨੂੰ ਮਾਤ ਦੇਣ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।