ਹਰਿੰਦਰ ਨਿੱਕਾ
- ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਅਜ਼ਾਦੀ ਦਿਹਾੜੇ ਦੀ ਮੁਕੰਮਲ ਰਿਹਰਸਲ ਦਾ ਲਿਆ ਜਾਇਜ਼ਾ
- ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ
ਸੰਗਰੂਰ, 13 ਅਗਸਤ 2020 - ਦੇਸ਼ ਦੀ ਅਜ਼ਾਦੀ ਦੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ 15 ਅਗਸਤ ਨੂੰ ਪੁਲਿਸ ਲਾਈਨ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਮਵੀਰ ਨੇ ਅੱਜ ਮੁਕੰਮਲ ਰਿਹਰਸਲ ਦਾ ਜਾਇਜ਼ਾ ਲੈਣ ਸਮੇਂ ਦਿੱਤੀ।
ਰਾਮਵੀਰ ਨੇ ਦੱਸਿਆ ਕਿ ਰੀਥ ਚੜ੍ਹਾਉਣ ਦੀ ਰਸਮ ਪੁਲਿਸ ਲਾਈਨ ਵਿਖੇ ਬਣੇ ਸਮਾਰਕ ’ਤੇ ਹੀ ਨਿਭਾਈ ਜਾਵੇਗੀ। ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਅਤੇ ਮੁਕੰਮਲ ਰਿਹਰਸਲ ਦਾ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਅਤੇ ਐਸ.ਐਸ.ਪੀ. ਸ਼੍ਰੀ ਸੰਦੀਪ ਗਰਗ ਵੱਲੋਂ ਜਾਇਜ਼ਾ ਲਿਆ ਗਿਆ।
ਰਾਮਵੀਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਕਾਰਨ ਇਸ ਸਮਾਗਮ ਨੂੰ ਸਾਦਗੀ ਤੇ ਸਾਵਧਾਨੀਆਂ ਦੇ ਪਾਲਣ ਨਾਲ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਸਰਕਾਰ ਵੱਲੋਂ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇਗੀ।
ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਰਜਿੰਦਰ ਸਿੰਘ ਬੱਤਰਾ, ਐਸ.ਡੀ.ਐਮ. ਸੰਗਰੂਰ ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮ. ਭਵਾਨੀਗੜ੍ਹ ਡਾ. ਕਰਮਜੀਤ ਸਿੰਘ, ਆਰ.ਟੀ.ਏ ਕਰਨਬੀਰ ਸਿੰਘ ਛੀਨਾ, ਸਿਵਲ ਸਰਜਨ ਡਾ. ਰਾਜਕੁਮਾਰ, ਕਾਰਜ ਸਾਧਕ ਅਫਸਰ ਰਮੇਸ਼ ਕੁਮਾਰ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।