ਖੇਤੀਬਾੜੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਬੈਠਕ ਲੈਂਦੇ ਹੋਏ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਰਵਿੰਦ ਪਾਲ ਸਿੰਘ ਸੰਧੂ
ਜਗਦੀਸ਼ ਥਿੰਦ
ਫਾਜ਼ਿਲਕਾ, 18 ਸਤੰਬਰ
ਕੋਵਿਡ ਸੰਕਟ ਵਿਚ ਪਰਾਲੀ ਨੂੰ ਬਿਨਾਂ ਸਾੜੇ ਇਸ ਦਾ ਪ੍ਰਬੰਧਨ ਕਰਨ ਸਬੰਧੀ ਅੱਜ ਜ਼ਿਲਾ ਸਦਰ ਮੁਕਾਮ ਤੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਇਕ ਬੈਠਕ ਕੀਤੀ ਗਈ। ਇਸ ਮੌਕੇ ਬੱਲੂਆਣਾ ਦੇ ਵਿਧਾਇਕ ਸ੍ਰੀ ਨੱਥੂ ਰਾਮ ਨੇ ਕਿਸਾਨਾਂ ਨੂੰ ਦੱਸਿਆ ਕਿ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੇ ਖੇਤੀ ਸੰਦਾਂ ਤੇ ਸਬਸਿਡੀ ਦਿੱਤੀ ਜਾ ਰਹੀ ਹੈ। ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਪੂਰੀ ਤਕਨੀਕੀ ਜਾਣਕਾਰੀ ਦੇਣ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਔਂਕੜ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ਇਸ ਵਾਰ ਕੋਵਿਡ ਬਿਮਾਰੀ ਦੇ ਫੈਲਣ ਸਦਕਾ ਸਾਨੂੰ ਹੋਰ ਵੀ ਜਿੰਮੇਵਾਰੀ ਤੋਂ ਕੰਮ ਲੈਣ ਦੀ ਜਰੂਰਤ ਹੈ ਕਿਉਂਕਿ ਕੋਵਿਡ ਵੀ ਸਾਹ ਪ੍ਰਣਾਲੀ ਦੀ ਬਿਮਾਰੀ ਹੈ ਜਿਸ ਦਾ ਸਿੱਧਾ ਅਸਰ ਫੇਫੜਿਆਂ ਤੇ ਪੈਂਦਾ ਹੈ ਅਜਿਹੇ ਵਿਚ ਜੇਕਰ ਪਰਾਲੀ ਸਾੜਨ ਨਾਲ ਧੂੰਆ ਹੋਇਆ ਤਾਂ ਇਸ ਬਿਮਾਰੀ ਤੋਂ ਪੀੜਤ ਲੋਕਾਂ ਲਈ ਇਹ ਬਹੁਤ ਹੀ ਘਾਤਕ ਸਿੱਧ ਹੋ ਸਕਦਾ ਹੈ। ਇਸ ਲਈ ਕਿਸਾਨਾਂ ਨੂੰ ਅਪੀਲ ਹੈ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ ਖੇਤੀ ਬਾੜੀ ਵਿਭਾਗ ਵੱਲੋਂ ਸੁਝਾਏ ਤਰੀਕਿਆਂ ਨਾਲ ਇਸ ਦਾ ਨਿਪਟਾਰਾ ਕਰਨ। ਉਨਾਂ ਨੇ ਇਸ ਮੌਕੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਦੇਣ ਲਈ ਲਾਭਪਾਤਰੀਆਂ ਦੇ ਡ੍ਰਾਅ ਕੱਢੇ ਜਾ ਚੁੱਕੇ ਹਨ ਅਤੇ ਕਿਸਾਨ ਬਲਾਕ ਖੇਤੀਬਾੜੀ ਦਫ਼ਤਰਾਂ ਤੋਂ ਸੂਚੀਆਂ ਵੇਖ ਸਕਦੇ ਹਨ।
ਜ਼ਿਲਾ ਖੇਤੀਬਾੜੀ ਅਫ਼ਸਰ ਡਾ: ਸੁਰਿੰਦਰ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਅਸੀਂ ਆਪਣੀ ਜਮੀਨ ਦੇ ਬਹੁਮੁੱਲੇ ਖੁਰਾਕੀ ਤੱਕ ਵੀ ਸਾੜ ਬੈਠਦੇ ਹਾਂ ਅਤੇ ਇਸ ਨਾਲ ਸਾਡੇ ਮਿੱਤਰ ਕੀਟ ਵੀ ਮਰ ਜਾਂਦੇ ਹਨ। ਇਸ ਦਾ ਸਾਡੇ ਵਾਤਾਵਰਨ ਤੇ ਵੀ ਮਾੜਾ ਅਸਰ ਪੈਂਦਾ ਹੈ। ੳੋੁਨਾਂ ਨੇ ਕਿਹਾ ਕਿ ਜਿੰਨਾਂ ਕਿਸਾਨਾਂ ਨੇ ਪਿੱਛਲੇ ਸਾਲ ਬਿਨਾਂ ਪਰਾਲੀ ਸਾੜੇ ਕਣਕ ਦੀ ਬਿਜਾਈ ਕੀਤੀ ਸੀ ਉਨਾਂ ਦੀ ਕਣਕ ਦੀ ਬਹੁਤ ਵਧੀਆ ਪੈਦਾਵਾਰ ਹੋਈ ਸੀ। ਉਨਾਂ ਨੇ ਕਿਹਾ ਕਿ ਕਿਸਾਨ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰਨ।
ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਖੇਤੀਬਾੜੀ ਅਧਿਕਾਰੀ ਸ: ਪਰਮਿੰਦਰ ਸਿੰਘ, ਸ੍ਰੀ ਭੁਪਿੰਦਰ ਕੁਮਾਰ ਆਦਿ ਵੀ ਹਾਜਰ ਸਨ।