- 7 ਕੰਪਨੀਆਂ ਤੇ 212 ਨੌਜਵਾਨਾਂ ਨੇ ਕੀਤੀ ਰੋਜ਼ਗਾਰ ਮੇਲਿਆਂ ਵਿੱਚ ਸ਼ਿਰਕਤ
ਜਲੰਧਰ, 18 ਸਤੰਬਰ 2020 - ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜਲੰਧਰ ਪੂਰਬੀ ਦੇ ਦਫ਼ਤਰਾਂ ਵਿਖੇ ਸ਼ੁੱਕਰਵਾਰ ਨੂੰ ਰੋਜ਼ਗਾਰ ਮੇਲੇ ਲਗਾਏ ਗਏ, ਜਿਨ੍ਹਾਂ ਵਿੱਚ 160 ਨੌਜਵਾਨ ਨੌਕਰੀ ਹਾਸਲ ਕਰਨ ਵਿੱਚ ਸਫ਼ਲ ਰਹੇ।
ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜਿਥੇ 212 ਬੇਰੋਜ਼ਗਾਰ ਨੌਜਵਾਨਾਂ ਨੇ ਰੋਜ਼ਗਾਰ ਮੇਲਿਆਂ ਵਿੱਚ ਹਿੱਸਾ ਲਿਆ ਉਥੇ 7 ਕੰਪਨੀਆਂ ਸ਼੍ਰੀ ਰਾਮ ਕੰਪਨੀ, ਹਰਬਲ ਲਾਈਫ ਹੈਲਥ ਕੇਅਰ, ਸਵੀਗੀ, ਪੁਖਰਾਜ ਹੈਲਥ ਕੇਅਰ, ਭਾਰਤੀ ਏਅਰਟੈੱਲ, ਵਿਜੇ ਸਾਇਕਲ ਅਤੇ ਸਟੀਲ ਵਰਕ ਤੇ ਕਲਸੀ ਮੈਟਲ ਵਰਕ ਨੇ ਨਿਜੀ ਤੌਰ 'ਤੇ ਅਤੇ ਆਨਲਾਈਨ ਜ਼ਰੀਏ ਸ਼ਿਰਕਤ ਕੀਤੀ ਅਤੇ 160 ਬੇਰੋਜ਼ਗਾਰ ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਰੋਜ਼ਗਾਰ ਮੇਲੇ ਪੂਰੇ ਸਤੰਬਰ ਮਹੀਨੇ ਲਗਾਏ ਜਾਣਗੇ,ਜਿਨ੍ਹਾਂ ਵਿੱਚ ਭਾਗ ਲੈਣ ਵਾਲੇ ਨੌਜਾਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਸਲ ਵਿੱਚ ਰੋਜ਼ਗਾਰ ਮੇਲੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ੀ-ਰੋਟੀ ਮੁਹੱਈਆ ਕਰਵਾਉਣ ਦੀ ਨਿਵੇਕਲੀ ਪਹਿਲਕਦਮੀ ਹਨ।
ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲਿਆਂ ਦੌਰਾਨ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਜਾਰੀ ਸੁਰੱਖਿਆ ਮਾਪਦੰਡਾ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ, ਜਿਸ ਤਹਿਤ ਸੋਸ਼ਲ ਡਿਸਟੈਂਸਿੰਗ, ਮਾਸਕ ਪਹਿਨਣਾ ਅਤੇ ਹੱਥ ਧੋਣ ਵਰਗੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਨੌਕਰੀਆਂ ਲਈ ਨੌਜਵਾਨਾਂ ਦੀ ਚੋਣ ਨਿਰਪੱਖ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਪੂਰੀ ਤਰ੍ਹਾਂ ਮੈਰਿਟ 'ਤੇ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਇਹ ਜਾਣਕਾਰੀ ਵੀ ਦਿੱਤੀ ਕਿ 19 ਸਤੰਬਰ ਦਿਨ ਸ਼ਨੀਵਾਰ ਨੂੰ ਬੀਡੀਪੀਓ ਦਫਤਰ ਜਲੰਧਰ ਪੱਛਮੀ ਦੇ ਦਫਤਰ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ, ਜਿਸ ਵਿੱਚ ਨਾਮੀ ਕੰਪਨੀਆਂ ਭਾਗ ਲੈਣਗੀਆਂ ਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣਗੀਆਂ।
ਉਨ੍ਹਾਂ ਨੌਜਵਾਨਾਂ ਨੂੰ www.pgrkam.com 'ਤੇ ਰਜਿਸਟਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਵਧੇਰੇ ਜਾਣਕਾਰੀ ਲਈ 90569-20100 ‘ਤੇ ਵੀ ਸੰਪਰਕ ਕਰ ਸਕਦੇ ਹਨ।