ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਪੰਜਾਬ ਬੰਦ ਦੀ ਹਮਾਇਤ ਦਾ ਕੀਤਾ ਐਲਾਨ
ਅੰਮ੍ਰਿਤਸਰ, 24 ਸਤੰਬਰ, 2020 : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ 25 ਸਤੰਬਰ ਦੇ ਪੰਜਾਬ ਬੰਦ ਦੀ ਹਮਾਇਤ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਹੈਡਕੁਆਰਟਰ ਤੋਂ ਜਾਰੀ ਬਿਆਨ ਵਿਚ ਮਨਮੋਹਨ ਸਿੰਘ ਸੱਠਿਆਲਾ, ਸਾਬਕਾ ਵਿਧਾਇਕ ਅਤੇ ਜਨਰਲ ਸਕੱਤਰ, ਸ਼੍ਰੋਮਣੀ ਅਕਾਲੀ ਦਲ ਟਕਸਾਲੀ ਅਤੇ ਗੁਰਪ੍ਰੀਤ ਸਿੰਘ ਕਲਕੱਤਾ,ਪ੍ਰਧਾਨ ਅਕਾਲੀ ਜੱਥਾ ਅੰਮ੍ਰਿਤਸਰ ਸਹਿਰੀ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਖੇਤੀ ਬਿੱਲਾਂ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਦੇ ਪੰਜਾਬ ਬੰਦ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਸਾਡੀ ਪਾਰਟੀ ਕਿਸਾਨਾਂ ਦੇ ਸੰਘਰਸ਼ ਵਿਚ ਮੋਢੇ ਨਾਲ ਮੋਢਾ ਜੋੜ ਕੇ ਹਿੱਸਾ ਲਵੇਗੀ ਤਾਂ ਜੋਂ ਇਹ ਕਿਸਾਨ ਵਿਰੋਧੀ ਬਿੱਲਾਂ ਦਾ ਡੱਟ ਕੇ ਮੁਕਾਬਲਾ ਕੀਤਾ ਜਾ ਸਕੇ। ਉਹਨਾਂ ਖਦਸਾ ਪ੍ਰਗਟ ਕੀਤਾ ਕਿ ਇਹਨਾਂ ਆਰਡੀਨੈਂਸਾਂ ਦੇ ਲਾਗੂ ਹੋਣ ਨਾਲ ਨਾ ਸਿਰਫ ਬੇਰੋਜ਼ਗਾਰੀ ਵਿੱਚ ਭਾਰੀ ਵਾਧਾ ਹੋਵੇਗਾ ਸਗੋਂ ਬਾਕੀ ਸਾਰੀਆਂ ਸਨਅਤਾਂ ਉਤੇ ਵੀ ਬਹੁਤ ਮਾੜਾ ਅਸਰ ਪਵੇਗਾ ਅਤੇ ਖੇਤੀ ਸੈਕਟਰ ਉਤੇ ਵੱਡੇ ਕਾਰਪੋਰੇਟਾਂ ਦਾ ਕਬਜ਼ਾ ਹੋ ਜਾਵੇਗਾ। ਮੋਦੀ ਸਰਕਾਰ ਨੂੰ ਆੜੇ ਹੱਥ ਲੈਂਦਿਆਂ ਓਹਨਾਂ ਇਹਨਾਂ ਖੇਤੀ ਆਰਡੀਨੈਂਸਾਂ ਨੂੰ ਵਿਰੋਧੀ ਧਿਰਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਢੁਕਵੀਂ ਵਾਰਤਾਲਾਪ ਕੀਤੇ ਬਗੈਰ ਅਤੇ ਬਹੁਤ ਕਾਹਲੀ ਨਾਲ ਸੰਸਦ ਵਿੱਚ ਪਾਸ ਕਰਨ ਦੀ ਪ੍ਰਕ੍ਰਿਆ ਨੂੰ ਲੋਕਤਾਂਤਰਿਕ ਕਦਰਾਂ ਕੀਮਤਾਂ ਦੇ ਉਲਟ ਅਤੇ ਸਵਿੰਧਾਨਿਕ ਬਹੁਗਿਣਤੀ ਦਾ ਘੋਰ ਦੁਰਉਪਯੋਗ ਦੱਸਿਆ।
ਜਥੇਦਾਰ ਬ੍ਰਹਮਪੁਰਾ ਨੇ ਕੇਂਦਰ ਵਿੱਚ ਭਾਜਪਾ ਦੀ ਭਾਈਵਾਲ ਬਾਦਲ ਅਕਾਲੀ ਦਲ ਦੀ ਵੀ ਇਸ ਮਾਮਲੇ ਵਿਚ ਸਖਤ ਸ਼ਬਦਾਂ ਵਿਚ ਆਲੋਚਨਾ ਕਰਦਿਆਂ ਕਿਹਾ ਬਾਦਲ ਦਲ ਨੇ ਸ਼ੁਰੂ ਤੋਂ ਹੀ ਇਹਨਾਂ ਬਿੱਲਾਂ ਉਤੇ ਦਿੱਤੇ ਸਮਰਥਨ ਨੇ ਉਹਨਾਂ ਦਾ ਪੰਜਾਬ ਅਤੇ ਕਿਸਾਨ ਵਿਰੋਧੀ ਚਿਹਰਾ ਨੰਗਾ ਕਰ ਦਿਤਾ ਹੈ। ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਦਿੱਤੇ ਅਸਤੀਫੇ ਦਾ ਡਰਾਮਾ ਅਤੇ ਬਾਦਲ ਦਲ ਵਲੋਂ ਇਸ ਮਸਲੇ ਵਿਚ ਬਦਲਦੇ ਸਟੈਂਡ ਨੂੰ ਸੌੜੀ ਰਾਜਨੀਤੀ ਦਾ ਹਿੱਸਾ ਦਸਦਿਆਂ ਉਹਨਾਂ ਕਿਹਾ ਕਿ ਬਾਦਲ ਦਲ ਨੇ ਪੰਜਾਬ ਨਾਲ ਭਾਰੀ ਧ੍ਰੋਹ ਕਮਾਇਆ ਹੈ ਜਿਸ ਲਈ ਪੰਜਾਬੀ ਓਹਨਾਂ ਨੂੰ ਕਦੇ ਵੀ ਮਾਫ ਨਹੀਂ ਕਰਨਗੇ। ਅਖੀਰ ਵਿੱਚ ਉਹਨਾਂ ਸਾਰੀਆਂ ਰਾਜਨੀਤਿਕ, ਸਮਾਜਿਕ ਅਤੇ ਵਪਾਰਿਕ ਜਥੇਬੰਦੀਆਂ ਨੂੰ ਇੱਕਮੁੱਠ ਹੋਕੇ ਕਿਸਾਨ ਜਥੇਬੰਦੀਆਂ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋਂ ਹੁਕੂਮਤ ਨੂੰ ਦੁਕਵਾਂ ਜਵਾਬ ਦੇ ਕੇ ਓਹਨਾਂ ਨੂੰ ਮਜ਼ਬੂਰ ਕੀਤਾ ਜਾਵੇ ਕਿ ਉਹ ਕਿਸਾਨਾਂ ਦੇ ਹੱਕ ਵਿੱਚ ਫੈਸਲਾ ਲੈਣ।