ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ 2020 - ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਦੇ ਵੱਡੇ ਵਿਰੋਧ ਤੋਂ ਮਗਰੋਂ ਸੋਧ ਕੇ ਜਾਰੀ ਕੀਤੇ ਪੱਤਰ ਨੂੰ ਸਿੱਖਿਆ ਵਿਭਾਗ ਦੇ ਨਵੇਂ ਭਰਤੀ ਹੋਣ ਵਾਲੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਲਈ ਮਾਰੂ ਐਲਾਨਦਿਆਂ ਡੈਮੋਕ੍ਰੇਟਿਕ ਟੀਚਰਜ ਫਰੰਟ ਪੰਜਾਬ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਇਸ ਤੋਂ ਪਹਿਲਾਂ ਜ਼ਿਲਾ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ ਅਤੇ ਸੂਬਾ ਜਨਰਲ ਸਕੱਤਰ ਜਸਵਿੰਦਰ ਝਬੇਲਵਾਲੀ ਦੀ ਵਿਸੇਸ ਹਾਜਰੀ ਵਿੱਚ ਹੋਈ ਮੀਟਿੰਗ ਵਿੱਚ ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਦੁਆਰਾ ਸਿੱਖਿਆ ਵਿਭਾਗ ਦੇ ਮੁਲਾਜਮਾਂ ਦੀਆਂ ਤਨਖਾਹਾਂ ਨੂੰ ਕੇਂਦਰੀ ਤਨਖਾਹ ਕਮਿਸਨ ਨਾਲ ਜੋੜਨ ਨੂੰ ਪੰਜਾਬ ਦੇ ਮੁਲਾਜਮਾਂ ਲਈ ਘਾਤਕ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹਾ ਕਰਕੇ ਪੰਜਾਬ ਦੇ ਮੁਲਾਜਮਾਂ ਨੂੰ ਆਪਣੇ ਕੀਤੇ ਵਾਅਦਿਆਂ ਅਨੁਸਾਰ ਪੰਜਾਬ ਦਾ ਛੇਵਾਂ ਤਨਖਾਹ ਕਮਿਸ਼ਨ ਦੇਣ ਤੋਂ ਭੱਜ ਰਹੀ ਹੈ। ਪਹਿਲਾਂ ਹੀ ਮਹਿੰਗਾਈ ਭੱਤੇ ਦੀਆਂ ਕਿਸਤਾਂ ਦੱਬੀ ਬੈਠੀ ਅਤੇ ਹੁਣ ਮੁਲਾਜਮਾਂ ਤੇ ਹੋਰ ਕੱਟ ਲਾਉਣ ਦੀਆਂ ਸਾਜਸਿਾਂ ਰਚ ਰਹੀ ਸਰਕਾਰ ਨੂੰ ਡੈਮੋਕ੍ਰੇਟਿਕ ਟੀਚਰਜ ਫਰੰਟ, ਪੰਜਾਬ ਵੱਲੋਂ ਵੱਡੇ ਪੱਧਰ ਤੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਮੀਟਿੰਗ ਉਪਰੰਤ ਅਧਿਆਪਕਾਂ ਨੇ ਕੇਂਦਰੀ ਤਨਖਾਹ ਕਮਿਸਨ ਅਨੁਸਾਰ ਤਨਖਾਹਾਂ ਦਿੱਤੇ ਜਾਣ ਨੋਟੀਫਿਕੇਸਨ ਰੱਦ ਕਰਨ ਅਤੇ ਛੇਵਾਂ ਤਨਖਾਹ ਕਮਿਸਨ ਜਾਰੀ ਕਰਨ ਦੇ ਨਾਅਰੇ ਲਗਾਉਂਦੇ ਹੋਏ ਪੰਜਾਬ ਸਰਕਾਰ ਦੀ ਅਰਥੀ ਫੂਕੀ। ਇਸ ਮੌਕੇ ਜਨਰਲ ਸਕੱਤਰ ਸਰਦੂਲ ਸਿੰਘ, ਰਵਿੰਦਰ ਸਿੰਘ, ਪਰਮਾਤਮਾ ਸਿੰਘ, ਅਸੋਕ ਪੂਨੀਆ, ਮਨਦੀਪ ਸਿੰਘ, ਕੁਲਵਿੰਦਰ ਸਿੰਘ, ਰਾਜਵਿੰਦਰ ਸਿੰਘ, ਪਵਨ ਚੌਧਰੀ, ਗੁਰਦੇਵ ਸਿੰਘ, ਦਿਲਬਾਗ ਸਿੰਘ, ਕੰਵਲਜੀਤ ਪਾਲ, ਵਿਜੇ ਕੁਮਾਰ, ਬਲਕਰਨ ਸਿੰਘ, ਸੁਰਿੰਦਰ ਕੁਮਾਰ, ਧੀਰਜ ਕੁਮਾਰ ਹਾਜ਼ਰ ਸਨ।