ਅਸ਼ੋਕ ਵਰਮਾ
ਬਠਿੰਡਾ, 27 ਅਕਤੂਬਰ 2020 - ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਨਵੇਂ ਭਰਤੀ ਕੀਤੇ ਜਾਣ ਵਾਲੇ ਮੁਲਾਜ਼ਮਾਂ ਨੂੰ ਕੇਂਦਰੀ ਪੈਟਰਨ ਤੇ ਤਨਖਾਹਾਂ ਦੇਣ ਦੇ ਫੈਸਲੇ ਦਾ ਵਿਰੋਧ ਕਰਦਿਆਂ ਜਥੇਬੰਦੀ ਦੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਮਇਸਰਖਾਨਾ ਅਤੇ ਜ਼ਿਲ੍ਹਾ ਸਕੱਤਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਬਠਿੰਡਾ ਨੂੰ ਮੰਗ ਪੱਤਰ ਸੌਂਪਿਆ।
ਜੱਥੇਬੰਦੀ ਦੇ ਬਲਾਕ ਸਕੱਤਰ ਰਣਦੀਪ ਕੌਰ ਖਾਲਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੰਗ ਪੱਤਰ ਵਿਚ ਪੰਜਾਬ ਸਰਕਾਰ ਤੋਂ ਪੰਜਾਬ ਤੇ ਮੁਲਾਜ਼ਮਾਂ ਉੱਪਰ ਕੇਂਦਰ ਦੇ ਸੱਤਵੇਂ ਤਨਖ਼ਾਹ ਕਮਿਸ਼ਨ ਦੇ ਵੇਤਨ ਲਾਗੂ ਕਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਰੱਦ ਕਰਨ, ਪੰਜਾਬ ਦੇ ਮੁਲਾਜ਼ਮਾਂ ਦੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ, ਮੁਲਾਜਮਾਂ ਦੀਆਂ ਰਹਿੰਦੀਆਂ ਮਹਿੰਗਾਈ ਭੱਤੇ ਦੀਆ ਕਿਸ਼ਤਾਂ ਜਾਰੀ, ਆਰਥਿਕ ਸੁਧਾਰਾਂ ਦੇ ਨਾਮ ਤੇ ਮੋਨਟੇਕ ਸਿੰਘ ਦੀ ਪ੍ਰਧਾਨਗੀ ਹੇਠ ਬਣਾਈ ਆਹਲੂਵਾਲੀਆ ਕਮੇਟੀ ਭੰਗ ਅਤੇ ਆਹਲੂਵਾਲੀਆ ਕਮੇਟੀ ਦੁਆਰਾ ਕੀਤੀਆਂ ਸ਼ਿਫਾਰਸ਼ਾ ਰੱਦ ਕਰਨ ਤੋਂ ਇਲਾਵਾ ਪੰਜਾਬ ਦੇ ਮੁਲਾਜ਼ਮਾਂ ਉੱਪਰ ਲਾਗੂ ਕੀਤੀ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕੀਤੀ ਗਈ ਹੈ।
ਜਥੇਬੰਦੀ ਨੇ ਪੰਜਾਬ ਸਰਕਾਰ ਤੋਂ ਠੇਕਾ ਅਧਾਰਤ ਭਰਤੀ ਕੀਤੇ ਸਾਰੇ ਮੁਲਾਜ਼ਮ, ਆਊਟ ਸੋਰਸਿੰਗ ਅਤੇ ਸੁਸਾਇਟੀ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਤੁਰੰਤ ਸਿੱਖਿਆ ਵਿਭਾਗ ਵਿੱਚ ਲਿਆ ਕੇ ਪੂਰੇ ਗ੍ਰੇਡਾਂ ਅਤੇ ਭੱਤਿਆਂ ਸਮੇਤ ਪੱਕਾ ਕਰਨ ਲਈ ਵੀ ਕਿਹਾ ਹੈ। ਇਸ ਮੌਕੇ ਬਲਾਕ ਕਮੇਟੀ ਮੈਂਬਰ ਸਰਜੀਵਨ ਉਪਲ, ਪਰਵਿੰਦਰ ਸਿੰਘ , ਅਧਿਆਪਕ ਆਗੂ ਸਰਬਜੀਤ ਸਿੰਘ, ਮੱਖਣ ਸਿੰਘ ਪੀ.ਟੀ.ਆਈ., ਹਰਪਾਲ ਸਿੰਘ ਘੁੱਦਾ, ਹਰਦੇਵ ਕੋਟਬਖਤੂ, ਬਾਬੂ ਸਿੰਘ ਦੌਲਾ,ਅਸ਼ੋਕ ਕੁਮਾਰ ਅਤੇ ਪ੍ਰਗਟ ਸਿੰਘ ਆਦਿ ਅਧਿਆਪਕ ਹਾਜਰ ਸਨ।