ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ 2020 - ਡੈਮੋਕ੍ਰੇਟਿਕ ਟੀਚਰਜ ਫਰੰਟ ਪੰਜਾਬ ਜ਼ਿਲ੍ਹਾ ਇਕਾਈ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਹਾਲ ’ਚ ਸੂਬਾ ਪੱਧਰ ’ਤੇ ਹੋਈ ਏਕਤਾ ਨੂੰ ਵਿਸਤਿ੍ਰਤ ਕਰਦਿਆਂ ਏਕਤਾ ਕਨਵੈਨਸ਼ਨ ਕੀਤੀ ਗਈ, ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਸੂਬਾ ਜਨਰਲ ਸਕੱਤਰ ਜਸਵਿੰਦਰ ਝਬੇਲਵਾਲੀ ਨੇ ਦੱਸਿਆ ਕਿ ਸੂਬਾ ਪੱਧਰ ’ਤੇ ਪੰਜ ਸੰਘਸ਼ਸ਼ੀਲ ਜਥੇਬੰਦੀਆਂ ਨੇ ਅਧਿਆਪਕ ਹਿੱਤਾਂ ਲਈ ਮਿਲ ਕੇ ਇੱਕ ਜੱਥੇਬੰਦੀ ਵਜੋਂ ਕੰਮ ਕਰਨ ਦਾ ਜੋ ਫੈਸਲਾ ਲਿਆ ਹੈ, ਉਹ ਅਧਿਆਪਕ ਲਹਿਰ ਲਈ ਸਵਾਗਤਯੋਗ ਹੈ।
ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਸਰਕਾਰ ਦੀਆਂ ਫਾਸੀਵਾਦੀ ਨੀਤੀਆਂ ਦੀ ਆਲੋਚਨਾ ਕਰਦਿਆਂ ਮੁਲਾਜ਼ਮ, ਮਜ਼ਦੂਰ, ਕਿਸਾਨ, ਨੌਜਵਾਨ ਅਤੇ ਵਿਦਿਆਰਥੀ ਏਕੇ ਦਾ ਸੱਦਾ ਦਿੱਤਾ। ਇਸ ਮੌਕੇ ਡੈਮੋਕਰੇਟਿਕ ਟੀਚਰਜ ਫਰੰਟ ਪੰਜਾਬ ਨਾਲ ਏਕਤਾ ਕਰਨ ਵਾਲੀਆਂ ਜੱਥੇਬੰਦੀਆਂ ਦੇ ਆਗੂਆਂ ਅਸ਼ੋਕ ਪੂਨੀਆ ਨੂੰ ਸੀਨੀਅਰ ਮੀਤ ਪ੍ਰਧਾਨ, ਕੁਲਵੰਤ ਸਿੰਘ ਮੀਤ ਪ੍ਰਧਾਨ, ਮਨਿੰਦਰ ਸਿੰਘ ਨੂੰ ਮੀਤ ਪ੍ਰਧਾਨ, ਰਵੀ ਕੁਮਾਰ ਜੱਥੇਬੰਦਕ ਸਕੱਤਰ, ਵਿਨੇ ਛਾਬੜਾ ਨੂੰ ਸਹਾਇਕ ਪ੍ਰੈੱਸ ਸਕੱਤਰ, ਮਨਦੀਪ ਸਿੰਘ, ਸਤਵਿੰਦਰ ਸਿੰਘ ਅਤੇ ਅਨਿਲ ਕੁਮਾਰ ਨੂੰ ਜ਼ਿਲ੍ਹਾ ਕਮੇਟੀ ਮੈਂਬਰ ਲਏ ਜਾਣ ਦੀ ਪ੍ਰਵਾਨਗੀ ਲਈ ਗਈ ਗਈ। ਡੈਮੋਕ੍ਰੇਟਿਕ ਟੀਚਰਜ ਫਰੰਟ ਪੰਜਾਬ ਦੇ ਸੂਬਾਈ ਆਗੂ ਪ੍ਰਮਾਤਮਾ ਸਿੰਘ ਨੇ ਅਧਿਆਪਕ ਸੰਘਰਸ਼ਾਂ ਦੌਰਾਨ ਕੀਤੀਆਂ ਵਿਕਟੇਮਾਈਜ਼ੇਸ਼ਨਾਂ ਰੱਦ ਨਾ ਕਰਨ, ਅਧਿਆਪਕਾਂ ਦੀਆਂ ਪਦਉਨਤੀਆਂ ਰੋਕਣ, ਵੱਖ-ਵੱਖ ਭਰਤੀਆਂ ਦੇ ਪੈਂਡਿੰਗ ਰੈਗੂਲਰ ਆਰਡਰ ਨਾ ਜਾਰੀ ਕਰਨ, ਆਪਣੇ ਘਰਾਂ ਤੋਂ ਸੈਂਕੜੇ ਕਿਲੋਮੀਟਰ ਦੂਰ ਨੌਕਰੀ ਕਰ ਰਹੇ ਸਮੂਹ 6060/3582 ਕਾਡਰ ਸਮੇਤ ਹੋਰਨਾਂ ਅਧਿਆਪਕਾਂ ਦੇ ਬਦਲੀ ਕਰਵਾਉਣ ’ਤੇ ਬੇਲੋੜੀਆਂ ਸ਼ਰਤਾਂ ਲਗਾਉਣ, ਬਦਲੀ ਕਰਵਾ ਚੁੱਕੇ ਅਧਿਆਪਕਾਂ ਨੂੰ ਫਾਰਗ ਨਾ ਕਰਨ, ਬੱਚਿਆਂ ਨੂੰ ਰੋਗੀ ਬਣਾ ਰਹੀ ਆਨਲਾਈਨ ਸਿੱਖਿਆ ਨੂੰ ਅਸਲ ਸਕੂਲੀ ਸਿੱਖਿਆ ਦੇ ਬਦਲ ਵਜੋਂ ਥੋਪਣ ਲਈ ਜਿੰਮੇਵਾਰ ਸਿੱਖਿਆ ਸਕੱਤਰ ਦੇ ਮੋਹਾਲੀ ਦਫਤਰ ਅੱਗੇ ਸੂਬਾਈ ਰੋਸ ਧਰਨੇ ਵਿੱਚ ਵੱਡੀ ਪੱਧਰ ’ਤੇ ਸ਼ਮੂਲੀਅਤ ਦਾ ਸੱਦਾ ਦਿੱਤਾ।
ਡੈਮੋਕ੍ਰੇਟਿਕ ਟੀਚਰਜ ਫਰੰਟ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਨੇ ਪੰਜਾਬ ਅਤੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ 29 ਅਕਤੂਬਰ ਨੂੰ ਬਠਿੰਡਾ ਵਿਖੇ ਕੀਤੀ ਜਾ ਰਹੀ ਜੋਨਲ ਰੈਲੀ ਵਿਊ ’ਚ ਜ਼ਿਲ੍ਹੇ ਦੀ ਭਰਵੀਂ ਸ਼ਮੂਲੀਅਤ ਕਰਨੀ ਯਕੀਨੀ ਬਣਾਉਣ ਲਈ ਅਧਿਆਪਕਾਂ ਨੂੰ ਸੱਦਾ ਦਿੱਤਾ। ਇਸ ਮੌਕੇ ਸਰਦੂਲ ਸਿੰਘ, ਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਰਾਜਵਿੰਦਰ ਸਿੰਘ, ਪਵਨ ਚੌਧਰੀ, ਸੁਭਾਸ਼ ਚੰਦਰ, ਗੁਰਦੇਵ ਸਿੰਘ, ਬਲਕਰਨ ਸਿੰਘ, ਜਨਕ ਰਾਜ, ਵਿਸ਼ੂ ਛਾਬੜਾ, ਪਰਮਿੰਦਰ ਸਿੰਘ, ਪ੍ਰਵੀਨ ਸ਼ਰਮਾ, ਸੁਰਿੰਦਰ ਕੁਮਾਰ, ਧੀਰਜ ਕੁਮਾਰ ਆਦਿ ਹਾਜ਼ਰ ਸਨ।