ਹੁਸ਼ਿਆਰਪੁਰ, 28 ਅਕਤੂਬਰ 2020 - ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਸੁਚਾਰੂ ਅਗਵਾਈ ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਬੇਰੋਜ਼ਗਾਰ ਪ੍ਰਾਰਥੀਆਂ, ਵਿਦਿਆਰਥੀਆਂ ਨੂੰ ਮੁਫ਼ਤ 13 ਪ੍ਰਕਾਰ ਦੀਆਂ ਵੱਖ-ਵੱਖ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੁਵਿਧਾਵਾਂ ਵਿੱਚ ਬੇਰੋਜ਼ਗਾਰਾਂ ਲਈ ਰੋਜ਼ਗਾਰ ਦਿਵਾਉਣ ਲਈ ਪਲੇਸਮੈਂਟ ਕੈਂਪ, ਰੋਜ਼ਗਾਰ ਮੇਲੇ ਆਦਿ ਆਯੋਜਿਤ ਕਰਨ, ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਰੋਜ਼ਗਾਰ ਦੇ ਮੌਕਿਆਂ ਦੀ ਨਿਰਵਿਘਨ ਅਗਵਾਈ ਦੇ ਕੇ ਉਨ੍ਹਾਂ ਦੇ ਭਵਿੱਖ ਨੂੰ ਉਜਵਲ ਬਣਾਉਣਾ , ਉਦਯੋਗਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਬੇਰੋਜ਼ਗਾਰਾਂ ਦੇ ਹੁਨਰ ਦਾ ਵਿਕਾਸ ਕਰਨਾ ਅਤੇ ਉਨ੍ਹਾਂ ਦੇ ਵਿਕਸਿਤ ਹੋਏ ਹੁਨਰ ਅਨੁਸਾਰ ਰੋਜਗਾਰ ਮੁਹੱਈਆ ਰਕਵਾਉਣਾ ਜਾਂ ਸਵੈ ਰੋਜ਼ਗਾਰ ਦੀਆਂ ਯੋਜਨਾਵਾਂ ਤਹਿਤ ਉਨ੍ਹਾਂ ਨੂੰ ਕਰਜਾ ਦਿਲਵਾ ਕੇ ਉਨ੍ਹਾਂ ਦਾ ਕੰਮ-ਧੰਦਾ ਸਥਾਪਿਤ ਕਰਵਾਉਣਾ, ਵਿਦੇਸ਼ ਵਿੱਚ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਵਿਦੇਸ਼ ਵਿੱਚ ਪੜ੍ਹਾਈ ਅਤੇ ਰੋਜ਼ਗਾਰ ਬਾਰੇ ਜਾਣਕਾਰੀ ਮੁਹੱਈਆ ਕਰਵਾਉਣਾ ਆਦਿ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੌਜਵਾਨ ਆਪਣੇ ਗਿਆਨ ਵਿੱਚ ਵਾਧੇ ਲਈ ਇਸ ਦਫ਼ਤਰ ਵਲੋਂ ਬਣਾਈ ਗਈ ਈ-ਲਾਈਬ੍ਰੇਰੀ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਬਿਊਰੋ ਵਿੱਚ ਨੌਜਵਾਨ ਸਰਕਾਰੀ ਜਾਂ ਪ੍ਰਾਈਵੇਟ ਸੈਕਟਰ ਵਿੱਚ ਜਾਬ ਲਈ ਅਪਲਾਈ ਕਰਨ ਲਈ ਮੁਫ਼ਤ ਇੰਟਰਨੈਟ ਸੁਵਿਧਾ ਵੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਇਸ ਦਫ਼ਤਰ ਵਿੱਚ ਕਰਜਾ ਦੇਣ ਵਾਲੇ ਵਿਭਾਗ ਵੱਖ-ਵੱਖ ਦਿਨਾਂ ਵਿੱਚ ਰੋਸਟਰ ਅਨੁਸਾਰ ਬੈਠਦੇ ਹਨ ਅਤੇ ਇਨ੍ਹਾਂ ਤੋਂ ਨੌਜਵਾਨ ਕਰਜੇ ਦੀ ਜਾਣਕਾਰੀ ਪ੍ਰਾਪਤ ਕਰਕੇ ਲਾਭ ਲੈ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕਰਮ ਚੰਦ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਵਿੱਚ ਬੇਰੋਜ਼ਗਾਰ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਘਰ ਬੈਠੇ ਹੀ ਘਰ-ਘਰ ਰੋਜ਼ਗਾਰ ਤਹਿਤ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਹੈਲਪਲਾਈਨ ਨੰਬਰ 62801-97708 ਸ਼ੁਰੂ ਕੀਤਾ ਗਿਆ ਹੈ। ਵਿਦਿਆਰਥੀ ਅਤੇ ਪ੍ਰਾਰਥੀ ਇਸ ਨੰਬਰ ’ਤੇ ਸੰਪਰਕ ਕਰਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਦੇ ਹਨ।