ਲੋਕੇਸ਼ ਰਿਸ਼ੀ
- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 30 ਨੂੰ ਪਹੁੰਚਣਗੇ ਡੇਰਾ ਬਾਬਾ ਨਾਨਕ: ਕੈਬਿਨੇਟ ਮੰਤਰੀ ਰੰਧਾਵਾ
ਗੁਰਦਾਸਪੁਰ, 25 ਨਵੰਬਰ 2020 - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਦੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਇਤਿਹਾਸਿਕ ਕਸਬਾ ਡੇਰਾ ਬਾਬਾ ਨਾਨਕ ਵਿਖੇ 28 ਨਵੰਬਰ ਤੋਂ 30 ਨਵੰਬਰ ਤੱਕ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਇਨ੍ਹਾਂ ਸਮਾਗਮਾਂ ਵਿੱਚ ਭਾਗ ਲੈਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 30 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਪਹੁੰਚਣਗੇ। ਇਸ ਮੌਕੇ ਮੁੱਖ ਮੰਤਰੀ ਤੋਂ ਇਲਾਵਾ ਕੈਬਿਨੇਟ ਮੰਤਰੀ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਕੈਬਿਨੇਟ ਮੰਤਰੀ ਅਰੁਣਾ ਚੌਧਰੀ ਅਤੇ ਕੈਬਿਨੇਟ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਹੋਰ ਵੱਡੇ ਸਿਆਸੀ ਚਿਹਰੇ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਕੇ ਇਨ੍ਹਾਂ ਧਾਰਮਿਕ ਸਮਾਗਮਾਂ ਦੌਰਾਨ ਗੁਰੂ ਚਰਨਾਂ ਵਿੱਚ ਨਤਮਸਤਕ ਹੋਣਗੇ।
ਇਸ ਮੌਕੇ ਜਿੱਥੇ ਕੈਪਟਨ ਅਮਰਿੰਦਰ ਸਿੰਘ ਭਾਰਤੀ ਖੇਤਰ ਵਾਲੇ ਕਰਤਾਰਪੁਰ ਕਾਰੀਡੋਰ ਤੇ ਖੜ੍ਹੇ ਹੋ ਕੇ ਦੂਰਬੀਨ ਰਾਹੀ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰਨਗੇ। ਉੱਥੇ ਹੀ ਇਤਿਹਾਸਿਕ ਸ਼ਹਿਰ ਬਟਾਲਾ ਅਤੇ ਡੇਰਾ ਬਾਬਾ ਨਾਨਕ ਵਿਖੇ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦਾ ਆਨ ਲਾਈਨ ਉਦਘਾਟਨ ਵੀ ਕਰਨਗੇ।
ਉਪਰੋਕਤ ਜਾਣਕਾਰੀ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਉਸ ਵੇਲੇ ਦਿੱਤੀ ਜਦੋਂ ਉਹ ਆਪਣੇ ਜੱਦੀ ਵਿਧਾਨਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਗੁਰੂ ਸਾਹਿਬ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ।
ਧਾਰਮਿਕ ਸਮਾਗਮਾਂ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਰੰਧਾਵਾ ਨੇ ਦੱਸਿਆ ਕਿ 28 ਨਵੰਬਰ ਨੂੰ ਇਤਿਹਾਸਿਕ ਨਗਰੀ ਡੇਰਾ ਬਾਬਾ ਨਾਨਕ ਸਥਿਤ ਦਾਣਾ ਮੰਡੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਕੀਤੀ ਜਾਵੇਗੀ ਅਤੇ 30 ਨਵੰਬਰ ਨੂੰ ਭੋਗ ਪਾਏ ਜਾਣਗੇ। ਰੰਧਾਵਾ ਨੇ ਅੱਗੇ ਦੱਸਿਆ ਕਿ ਇਨ੍ਹਾਂ ਧਾਰਮਿਕ ਸਮਾਗਮਾਂ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਪੰਜਾਬ ਦੀ ਲੱਗ ਭੱਗ ਸਮੁੱਚੀ ਕਾਂਗਰਸ ਲੀਡਰਸ਼ਿਪ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਕੇ ਗੁਰੂ ਚਰਨਾਂ ਵਿੱਚ ਨਤਮਸਤਕ ਹੋਵੇਗੀ। ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਖੇ ਹੋਣ ਜਾ ਰਹੇ ਇਨ੍ਹਾਂ ਧਾਰਮਿਕ ਸਮਾਗਮਾਂ ਨੂੰ ਲੈ ਕੇ ਰਾਹੁਲ ਗਾਂਧੀ ਨੂੰ ਵੀ ਸੱਦਾ ਭੇਜਿਆ ਗਿਆ ਹੈ।
ਮੰਤਰੀ ਰੰਧਾਵਾ ਨੇ ਅੱਗੇ ਦੱਸਿਆ ਕਿ ਕਾਂਗਰਸ ਸਰਕਾਰ ਵੱਲੋਂ ਇਤਿਹਾਸਿਕ ਸ਼ਹਿਰ ਬਟਾਲਾ ਅਤੇ ਡੇਰਾ ਬਾਬਾ ਨਾਨਕ ਵਿਖੇ ਵੱਖ ਵੱਖ ਨਿਰਮਾਣ ਕਾਰਜ ਕਰਵਾਏ ਜਾ ਰਹੇ ਹਨ ਅਤੇ ਮੁੱਖ ਮੰਤਰੀ ਵੱਲੋਂ ਇਨ੍ਹਾਂ ਵਿਕਾਸ ਕਾਰਜਾਂ ਦੇ ਉਦਘਾਟਨ ਵੀ ਡਿਜੀਟਲ ਤਰੀਕੇ ਨਾਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜਿਸ ਇਲਾਕੇ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹੱਥੀਂ ਖੇਤੀ ਕਰ ਕੇ ਪੂਰੇ ਸੰਸਾਰ ਨੂੰ ਕਿਰਤ ਕਰਨ ਦਾ ਸੰਦੇਸ਼ ਦਿੱਤਾ। ਉਸੇ ਡੇਰਾ ਬਾਬਾ ਨਾਨਕ ਦੇ ਕਲਾਨੌਰ ਹਲਕੇ ਵਿਖੇ ਗੰਨਾ ਰਿਸਰਚ ਸੈਂਟਰ ਦੀ ਮਨਜ਼ੂਰੀ ਮਿਲ ਚੁੱਕੀ ਹੈ। ਰੰਧਾਵਾ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਜਿਸ ਦਿਨ ਮੁੱਖ ਮੰਤਰੀ ਡੇਰਾ ਬਾਬਾ ਨਾਨਕ ਵਿਖੇ ਆਉਣ। ਉਹ ਉਸੇ ਦਿਨ ਹੀ ਇਸ ਗੰਨਾ ਰਿਸਰਚ ਕੇਂਦਰ ਦਾ ਉਦਘਾਟਨ ਵੀ ਆਪਣੇ ਹੱਥਾਂ ਨਾਲ ਹੀ ਕਰਨ।