ਰੂਪਨਗਰ: ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਕਾਰਡ ਪ੍ਰਣਾਲੀ ਦੀਆਂ ਚੱਲ ਰਹੀਆਂ ਗਤਵਿਧੀਆਂ ਦਾ ਜਾਇਜਾ ਲੈਣ ਲਈ ਕਾਰਜਾਂ ਦੀ ਸਮੀਖਿਆ ਕੀਤੀ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ, 28 ਮਾਰਚ 2024: ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਨਾਰਕੋ ਕੋਰਡੀਨੈਸ਼ਨ ਸੈਂਟਰ (ਨਕਾਰਡ) ਪ੍ਰਣਾਲੀ ਦੀਆਂ ਚੱਲ ਰਹੀਆਂ ਗਤਵਿਧੀਆਂ ਤੇ ਮਾਰਚ ਮਹੀਨੇ ਵਿੱਚ ਕੀਤੇ ਗਏ ਕੰਮਾਂ ਦਾ ਜਾਇਜਾ ਲੈਣ ਲਈ ਆਨਲਾਈਨ ਮਾਧਿਅਮ ਰਾਹੀਂ ਉੱਚ ਪੱਧਰੀ ਮਹੀਨਾਵਾਰ ਰੀਵਿਊ ਮੀਟਿੰਗ ਵੀਡਿਓ ਕਾਨਫਰੰਸਿੰਗ ਰਾਹੀਂ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਮੁਹਿੰਮ ਨੂੰ 100 ਫੀਸਦ ਮੁਕੰਮਲ ਕਰਨ ਲਈ ਆਮ ਲੋਕਾਂ ਦੀ ਮੱਦਦ ਨਾਲ ਰੂਪਨਗਰ ਜ਼ਿਲ੍ਹੇ ਵਿੱਚ ਵੀ ਨਸ਼ਾ ਤਸਕਰਾਂ ਖਿਲਾਫ ਵਿਆਪਕ ਪੱਧਰ ਉਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਗੁੰਮਰਾਹ ਹੋਏ ਨੌਜਵਾਨਾਂ ਨੂੰ ਜਾਗੂਰਕ ਕਰਕੇ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੰਤਵ ਨੂੰ ਜ਼ਮੀਨੀ ਪੱਧਰ ਉਤੇ ਹਾਸਿਲ ਕਰਨ ਲਈ ਨਸ਼ਾ ਤਸ਼ਕਰਾਂ ਖਿਲਾਫ ਸਖਤੀ ਨਾਲ ਕਾਰਵਾਈ ਕੀਤੀ ਜਾਵੇ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇ।
ਪੁਲੀਸ ਵਿਭਾਗ ਦੇ ਐਸ.ਪੀ. ਰੁਪਿੰਦਰ ਕੌਰ ਸਰਾਂ ਨੇ ਇਸ ਪ੍ਰਣਾਲੀ ਅਧੀਨ ਚਲਾਈਆਂ ਜਾ ਰਹੀਆਂ ਗਤਵਿਧੀਆਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਵਿਭਾਗ ਦੇ ਸਾਂਝ ਕੇਂਦਰ ਵੱਲੋਂ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ ਵਿੱਚ ਜਾ ਕੇ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਂਝ ਕੇਂਦਰ ਦੀ ਟੀਮ ਅਤੇ ਥਾਣਿਆਂ ਦੀਆਂ ਟੀਮਾਂ ਵਲੋਂ ਹੁਣ ਤੱਕ ਕੁੱਲ 46 ਸੈਮੀਨਾਰ ਲਗਾਏ ਜਾ ਚੁੱਕੇ ਹਨ।
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ 01 ਜਨਵਰੀ 2024 ਤੋਂ ਲੈ ਕੇ 29 ਫਰਵਰੀ 2024 ਤੱਕ ਨਸ਼ਿਆਂ ਖਿਲਾਫ ਕੁੱਲ 14 ਕੇਸ ਦਰਜ ਕੀਤੇ, 25 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ, 10 ਕਿਲੋ ਭੁੱਕੀ, 22 ਗ੍ਰਾਮ 500 ਐਮ.ਜੀ. ਹੈਰੋਇਨ ਅਤੇ 875 ਗ੍ਰਾਮ ਨਸ਼ੀਲੇ ਪਾਊਡਰ ਬਰਾਮਦ ਕੀਤੇ ਹਨ।
ਮੀਟਿੰਗ ਦੌਰਾਨ ਮੁੱਖ ਮੰਤਰੀ ਫੀਲਡ ਅਫ਼ਸਰ ਸੁਖਪਾਲ ਸਿੰਘ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਗਈ ਕਿ ਉਹ ਸਕੂਲਾਂ ਵਿੱਚ ਜਾ ਕੇ ਗਿਆਰਵੀਂ ਅਤੇ ਬਾਰਵੀਂ ਦੇ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦੇ ਕੇ ਉਨ੍ਹਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਦੱਸੇ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਕਦੇ ਵੀ ਨਸ਼ੇ ਨਾ ਕਰਨ ਲਈ ਪ੍ਰੇਰਿਤ ਕਰੇ।
ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਜਗ੍ਹਾ ਕਿਸੇ ਵੀ ਵਿਅਕਤੀ ਨੂੰ ਨਸ਼ਾ ਵਿਕਣ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਜਾਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਸਮੇਂ ਸਿਰ ਬਣਦੀ ਕਾਰਵਾਈ ਕਰਕੇ ਇਸਨੂੰ ਰੋਕਿਆ ਜਾ ਸਕੇ।
ਡਰੱਗ ਇੰਸਪੈਕਟਰ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕੈਮਿਸਟਾਂ ਦੀ ਵੀ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ।
ਇਸ ਮੌਕੇ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।