ਡਿਪਟੀ ਮੈਡੀਕਲ ਕਮਿਸ਼ਨਰ ਵੱਲੋਂ ਕਮਿਊਨਿਟੀ ਹੈਲਥ ਸੈਂਟਰ, ਬੰਗਾ ਵਿਖੇ ਸਿਹਤ ਸੇਵਾਵਾਂ ਦਾ ਨਿਰੀਖਣ
ਪ੍ਰਮੋਦ ਭਾਰਤੀ
ਨਵਾਂਸ਼ਹਿਰ 17 ਅਪ੍ਰੈਲ 2024 - ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।
ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਇਸੇ ਉਦੇਸ਼ ਨਾਲ ਮੰਗਲਵਾਰ ਨੂੰ ਕਮਿਊਨਿਟੀ ਹੈਲਥ ਸੈਂਟਰ, ਬੰਗਾ ਦਾ ਦੌਰਾ ਕਰਕੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਜੱਚਾ ਬੱਚਾ ਵਾਰਡ, ਐਮਰਜੈਂਸੀ ਵਾਰਡ, ਡਾਇਲਸਿਸ ਸੈਂਟਰ ਤੇ ਓਟ ਸੈਂਟਰ ਸਮੇਤ ਓ.ਪੀ.ਡੀ., ਆਈ.ਪੀ.ਡੀ. ਵਿਖੇ ਸਮੁੱਚੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹਸਪਤਾਲ ਵਿੱਚ ਸਾਫ-ਸਫਾਈ ਦੇ ਪ੍ਰਬੰਧਾਂ ਨੂੰ ਵੀ ਦੇਖਿਆ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ ਜਸਵਿੰਦਰ ਸਿੰਘ ਨਾਲ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਚਾਰ-ਵਟਾਂਦਰਾ ਕਰਦੇ ਹੋਏ ਜ਼ਰੂਰੀ ਸੁਝਾਅ ਦਿੱਤੇ ਤਾਂ ਜੋ ਕਿਸੇ ਵੀ ਮਰੀਜ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਮੇਂ-ਸਮੇਂ ’ਤੇ ਸਪੋਰਟਿਵ ਸੁਪਰਵੀਜ਼ਨ ਕੀਤੀ ਜਾਂਦੀ ਹੈ। ਲੋਕਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ।
ਡਾ. ਹਰਪ੍ਰੀਤ ਸਿੰਘ ਨੇ ਆਮ ਲੋਕਾਂ ਨੂੰ ਮੁਫਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਰਕਾਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ ਜਸਵਿੰਦਰ ਸਿੰਘ, ਜ਼ਿਲ੍ਹਾ ਅੰਕੜਾ ਅਫ਼ਸਰ ਨੀਰਜ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।