ਰੂਪਨਗਰ: ਜ਼ਿਲ੍ਹੇ ਦੀ ਮੰਡੀਆਂ ਵਿੱਚ 18 ਹਜ਼ਾਰ 868 ਮੀਟਰਿਕ ਟਨ ਕਣਕ ਦੀ ਆਮਦ ਹੋਈ: ਡਿਪਟੀ ਕਮਿਸ਼ਨਰ
• ਕਿਸਾਨਾਂ ਨੂੰ ਜਾਰੀ ਕੀਤੇ 36.21 ਕਰੋੜ ਰੁਪਏ
• ਬਾਰਿਸ਼ ਤੋਂ ਬਚਾਅ ਲਈ ਮੰਡੀਆਂ “ਚ ਯੋਗ ਪ੍ਰਬੰਧ
ਰੂਪਨਗਰ, 19 ਅਪ੍ਰੈਲ 2024: ਰੱਬੀ ਸੀਜ਼ਨ 2024-25 ਦੌਰਾਨ ਬਾਰਿਸ਼ ਤੋਂ ਬਚਾਅ ਲਈ ਮੰਡੀਆਂ “ਚ ਯੋਗ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਬੋਲਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਮੰਡੀਆਂ ਵਿੱਚ 18 ਹਜ਼ਾਰ 868 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾ ਵੱਲੋਂ ਲਿਆਂਦੀ ਜਾ ਰਹੀ ਫਸਲ ਨੂੰ ਬੇ-ਮੌਸਮੀ ਬਾਰਿਸ਼ ਤੋਂ ਬਚਾਉਣ ਲਈ ਆੜ੍ਹਤੀਆਂ ਨੂੰ ਲੋੜੀਂਦੀਆਂ ਤਰਪਾਲਾਂ ਦੇ ਪ੍ਰਬੰਧ ਕਰਨ ਲਈ ਪਹਿਲਾਂ ਹੀ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਮੰਡੀ ਵਿੱਚ ਪਈ ਫਸਲ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਪਹੁੰਚ ਸਕੇ।
ਉਨ੍ਹਾਂ ਦੱਸਿਆ ਕਿ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ 36.21 ਕਰੋੜ ਰੁਪਏ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ਤੇ ਤਬਦੀਲ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 17 ਹਜ਼ਾਰ 921 ਮੀਟਰਕ ਟਨ ਕਣਕ ਖਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ 931 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੰਡੀਆਂ ਵਿੱਚ ਖ਼ਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 5027 ਮੀਟਰਿਕ ਟਨ, ਮਾਰਕਫੈੱਡ ਵੱਲੋਂ 4795 ਮੀਟਰਿਕ ਟਨ, ਪਨਸਪ ਵੱਲੋਂ 4052 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 2680 ਮੀਟਰਿਕ ਟਨ ਅਤੇ ਐਫ.ਸੀ.ਆਈ. ਵੱਲੋਂ 1367 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਵੱਧ ਤੋ ਵੱਧ 12% ਤੱਕ ਨਮੀ ਵਾਲੀ ਫਸਲ ਹੀ ਮੰਡੀ ਵਿੱਚ ਲਿਆਂਦੀ ਜਾਵੇ ਤਾਂ ਜੋ ਫਸਲ ਦੀ ਬੋਲੀ ਸਮੇਂ ਸਿਰ ਲੱਗ ਸਕੇ ਅਤੇ ਕਿਸਾਨ ਬਿਨਾਂ ਕਿਸੇ ਦੇਰੀ ਤੋਂ ਆਪਣੀ ਫਸਲ ਦੀ ਕੀਮਤ ਵਸੂਲ ਸਕਣ।