ਵਿਸ਼ਵ ਟੀਕਾਕਰਨ ਸਪਤਾਹ ਸਬੰਧੀ ਜਾਗਰੂਕਤਾ ਫੈਲਾਉਣ ਲਈ ਪੋਸਟਰ ਰਿਲੀਜ਼
ਪ੍ਰਮੋਦ ਭਾਰਤੀ
ਨਵਾਂਸ਼ਹਿਰ, 23 ਅਪ੍ਰੈਲ 2024 : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਟੀਕਾਕਰਨ ਪ੍ਰੋਗਰਾਮ (ਈ.ਪੀ.ਆਈ.) ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ 24 ਅਪ੍ਰੈਲ ਤੋਂ 30 ਅਪ੍ਰੈਲ, 2024 ਤੱਕ ਵਿਸ਼ਵ ਟੀਕਾਕਰਨ ਸਪਤਾਹ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਆਮ ਲੋਕਾਂ ਵਿਚ ਚੇਤਨਾ ਪੈਦਾ ਕਰਨ ਲਈ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ ਗਿਆ।
ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਵੱਲੋਂ ਸਾਲ 1974 ਵਿਚ ਈ.ਪੀ.ਆਈ. ਪ੍ਰੋਗਰਾਮ ਸ਼ੁਰੂ ਕੀਤਾ ਸੀ। ਇਸ ਸਾਲ 2024 ਵਿਚ ਈ.ਪੀ.ਆਈ. ਦੀ 50ਵੀਂ ਵਰ੍ਹੇਗੰਢ ਇਸ ਪ੍ਰੋਗਰਾਮ ਦੀਆਂ ਪ੍ਰਾਪਤੀਆਂ ਦੇ ਜਸ਼ਨ ਮਨਾਉਣ, ਟੀਕਾਕਰਨ ਨਾਲ ਬਚਾਈਆਂ ਗਈਆਂ ਜਾਨਾਂ 'ਤੇ ਇਸਦੇ ਪ੍ਰਭਾਵ ਨੂੰ ਉਜਾਗਰ ਕਰਨ ਅਤੇ ਨਿਯਮਤ ਟੀਕਾਕਰਨ ਪਹਿਲ ਨੂੰ ਮਜ਼ਬੂਤ ਬਣਾਉਣ ਲਈ ਨਵੇਂ ਯਤਨਾਂ ਨੂੰ ਉਤਸ਼ਾਹਿਤ ਕਰਨ ਲਈ ਇਕ ਮਹੱਤਵਪੂਰਨ ਮੌਕਾ ਪ੍ਰਦਾਨ ਕਰ ਰਹੀ ਹੈ।
ਸਿਵਲ ਸਰਜਨ ਨੇ ਕਿਹਾ ਕਿ ਜਨਤਕ ਸਿਹਤ ਸੁਰੱਖਿਆ ਲਈ ਟੀਕਾਕਰਨ ਪ੍ਰੋਗਰਾਮ ਇਕ ਮਜ਼ਬੂਤ ਬੁਨਿਆਦ ਦੇ ਰੂਪ ਵਿੱਚ ਉੱਭਰਿਆ ਹੈ ਜੋ ਕਿ ਮਾਰੂ ਬਿਮਾਰੀਆਂ ਨੂੰ ਫੈਲਣ ਤੋਂ ਰੋਕਦਾ ਹੈ। ਉਨ੍ਹਾਂ ਦੱਸਿਆ ਕਿ ਟੀਕਾਕਰਨ ਪ੍ਰੋਗਰਾਮ ਦਾ ਮੁੱਖ ਉਦੇਸ਼ ਹਰੇਕ ਬੱਚੇ ਲਈ ਜੀਵਨ-ਰੱਖਿਅਕ ਟੀਕਿਆਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ 24 ਅਪ੍ਰੈਲ ਤੋਂ 30 ਅਪ੍ਰੈਲ, 2024 ਤੱਕ ਅਰਬਨ ਏਰੀਆ ਤੇ ਸਲੱਮ ਖੇਤਰਾਂ ਵਿੱਚ ਲਾਏ ਜਾਣ ਵਾਲੇ ਟੀਕਾਕਰਨ ਕੈਂਪਾਂ ਵਿਚ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਸੰਪੂਰਨ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਨਦੀਪ ਕਮਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਬੱਚਿਆਂ ਜਾਂ ਗਰਭਵਤੀ ਔਰਤਾਂ ਦਾ ਕੋਈ ਵੀ ਟੀਕਾ ਲੱਗਣ ਤੋਂ ਰਹਿ ਗਿਆ ਹੈ, ਤਾਂ ਵਿਸ਼ਵ ਟੀਕਾਕਰਨ ਸਪਤਾਹ ਦੌਰਾਨ ਟੀਕਾਕਰਨ ਕੈਂਪਾਂ ਜਾਂ ਨੇੜੇ ਦੀ ਸਿਹਤ ਸੰਸਥਾ ਵਿਖੇ ਜਾ ਕੇ ਟੀਕਾਕਰਨ ਜ਼ਰੂਰ ਕਰਵਾਉਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਸਿਵਲ ਸਰਜਨ ਡਾ. ਬਲਬੀਰ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਸਿਹਤ ਅਫਸਰ ਡਾ. ਰੇਣੂ ਅਗਰਵਾਲ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਨਦੀਪ ਕਮਲ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸਰਬਰਿੰਦਰ ਸਿੰਘ ਸੇਠੀ, ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ, ਡਾ. ਰਵਿੰਦਰ ਸਿੰਘ, ਡਾ. ਕੁਲਵਿੰਦਰ ਮਾਨ, ਡਾ. ਗੁਰਿੰਦਰਜੀਤ ਸਿੰਘ, ਡਾ. ਸਤਵਿੰਦਰਪਾਲ ਸਿੰਘ, ਡਾ. ਸੋਨੀਆ, ਡਾ. ਜਸਵਿੰਦਰ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਜ਼ਿਲ੍ਹਾ ਐਪੀਡੀਮੋਲੋਜਿਸਟ ਸਿਆਮਾਵੇਦਾ ਦੇਵੀ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਜ਼ਿਲ੍ਹਾ ਨਿਗਰਾਨੀ ਤੇ ਮੁਲਾਂਕਣ ਅਫਸਰ ਗੁਰਪ੍ਰੀਤ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।