ਮਲੇਰਕੋਟਲਾ: ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 59,208 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ, ਜਿਸ 'ਚੋਂ 52,071 ਮੀਟ੍ਰਿਕ ਟਨ ਹੋਈ ਖਰੀਦ
* ਖਰੀਦੀ ਗਈ ਕਣਕ ਦੀ 59 ਕਰੋੜ 52 ਲੱਖ ਰੁਪਏ ਦੀ ਕੀਤੀ ਗਈ ਅਦਾਇਗੀ
* ਕਿਸਾਨਾਂ ਨੂੰ ਕੀਤੀ ਅਪੀਲ ਕਿ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ
ਮੁਹੰਮਦ ਇਸਮਾਈਲ ਏਸ਼ੀਆ
ਮਲੇਰਕੋਟਲਾ, 23 ਅਪ੍ਰੈਲ:2024 - ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਣਕ ਦੇ ਖਰੀਦ ਪ੍ਰਬੰਧਾ ਦੀ ਸਮੀਖਿਆ ਕਰਦਿਆ ਦੱਸਿਆ ਕਿ ਕਣਕ ਦੀ ਖਰੀਦ ਲਈ ਜ਼ਿਲ੍ਹੇ ਵਿੱਚ 46 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ । ਜਿਨ੍ਹਾਂ ਵਿੱਚੋਂ 41 ਮੰਡੀਆਂ ਵਿੱਚ ਖਰੀਦ ਸ਼ਰੂ ਹੋ ਚੁੱਕੀ ਹੈ । ਮਿਤੀ 22 ਅਪ੍ਰੈਲ ਤੱਕ 59,208 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ,ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 52,071 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਹੋਰ ਦੱਸਿਆ ਕਿ 59 ਕਰੋੜ 52 ਲੱਖ ਦੀ ਅਦਾਇਗੀ ਸਮਾਂਬੱਧ ਤਰੀਕੇ ਨਾਲ ਕਰਵਾਈ ਜਾ ਚੁੱਕੀ ਹੈ ਅਤੇ ਖਰੀਦ ਏਜੰਸੀਆਂ ਵੱਲੋਂ 7254 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ।
ਡਾ ਪੱਲਵੀ ਨੇ ਹੋਰ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 33,283 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 5090 ਮੀਟ੍ਰਿਕ ਟਨ, ਪਨਸਪ ਵੱਲੋਂ 4226 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ 6152 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 3320 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਕਣਕ ਲਿਆਉਣ ਤੋਂ ਪਹਿਲਾਂ ਉਸ ਨੂੰ ਚੰਗੀ ਤਰ੍ਹਾਂ ਸੁੱਕਾ ਕੇ ਹੀ ਲਿਆਉਣ ਤਾਂ ਜੋ ਕਣਕ ਦੀ ਖਰੀਦ ਪ੍ਰਕ੍ਰਿਆ ਨਿਰਵਿਘਨ ਚਲਦੀ ਰਹੇ। ਉਨ੍ਹਾਂ ਕਿਸਾਨਾਂ ਨੂੰ ਰਾਤ ਸਮੇਂ ਕੰਬਾਇਨਾਂ ਨਾਲ ਕਣਕ ਦੀ ਵਾਢੀ ਨਾ ਕਰਵਾਉਣ ਲਈ ਕਿਹਾ ।