ਡਾ . ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਸਬੰਧੀ ਸਮਾਗਮ
ਲੁਧਿਆਣਾ , 24 ਅਪ੍ਰੈਲ 2024 :
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਪੀਏਯੂ ਐਸ ਸੀ/ਬੀ ਸੀ ਇੰਪਲਾਈਜ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਸਬੰਧੀ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਯੂਨੀਵਰਸਿਟੀ ਸਥਿਤ ਪਾਲ ਆਡੀਟੋਰੀਅਮ ਵਿਖੇ ਮਿਤੀ 27 ਅਪ੍ਰੈਲ 2024 ਨੂੰ ਸਵੇਰੇ 11.00 ਤੋਂ ਬਾਅਦ ਦੁਪਹਿਰ 2.00 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਸਵਰਨ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਮਾਨਯੋਗ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਜਦ ਕਿ ਰਜਿਸਟਰਾਰ ਸ੍ਰੀ ਰਿਸ਼ੀ ਪਾਲ ਸਿੰਘ, ਆਈ ਏ ਐਸ ਇਸ ਸਮਾਗਮ ਵਿੱਚ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕਰਨਗੇ। ਉਹਨਾਂ ਦੱਸਿਆ ਕਿ ਇਸ ਮੌਕੇ ਆਜ਼ਾਦ ਰੰਗ ਮੰਚ ਕਲਾ ਭਵਨ (ਰਜਿ:) ਫਗਵਾੜਾ ਵੱਲੋਂ ਬਾਬਾ ਸਾਹਿਬ ਤੇ ਅਧਾਰਿਤ "ਦ ਗ੍ਰੇਟ ਅੰਬੇਡਕਰ" ਨਾਟਕ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ। ਐਸੋਸੀਏਸ਼ਨ ਦੇ ਜਨਰਲ ਸਕੱਤਰ ਸ੍ਰੀ ਪ੍ਰਮਿੰਦਰਪਾਲ ਨੇ ਯੂਨੀਵਰਸਿਟੀ ਵਿੱਚ ਸੇਵਾ ਨਿਭਾ ਰਹੇ ਮੁਲਾਜ਼ਮਾਂ ਅਤੇ ਯੂਨੀਵਰਸਿਟੀ ਤੋਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ 27 ਅਪ੍ਰੈਲ ਨੂੰ ਪਾਲ ਆਡੀਟੋਰੀਅਮ ਵਿਖੇ ਪਰਿਵਾਰ ਸਮੇਤ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹੁਮ-ਹੁਮਾ ਕੇ ਪਹੁੰਚਣ ਦੀ ਕ੍ਰਿਪਾਲਤਾ ਕਰਨ। ਸਮਾਗਮ ਦੀ ਸਮਾਪਤੀ ਉਪਰੰਤ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਵੀ ਹੋਵੇਗਾ।