ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਕਰਨ ਲਈ ਸਬੰਧਿਤ ਵਿਭਾਗਾਂ ਨੂੰ ਹਦਾਇਤ ਜਾਰੀ
ਰੂਪਨਗਰ, 25 ਅਪ੍ਰੈਲ 2024: ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ ਨੇ ਸਿਹਤ ਵਿਭਾਗ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਡੇਂਗੂ, ਚਿਕਨਗੁਣੀਆ ਅਤੇ ਮਲੇਰੀਆ ਦੀ ਰੋਕਥਾਮ ਲਈ ਲੋੜੀਂਦਾ ਪ੍ਰਬੰਧ ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕਰਨ ਦੇ ਆਦੇਸ਼ ਦਿੱਤੇ।
ਮੀਟਿੰਗ ਵਿੱਚ ਹਦਾਇਤ ਕਰਦਿਆਂ ਕਿਹਾ ਕਿ ਡੇਂਗੂ, ਮਲੇਰੀਆ ਅਤੇ ਪਾਣੀ ਨਾਲ਼ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਿਆ ਜਾ ਸਕਦਾ ਹੈ ਜੇਕਰ ਸਾਰੇ ਵਿਭਾਗ ਆਮ ਲੋਕਾਂ ਦੇ ਸਹਿਯੋਗ ਨਾਲ਼ ਕੰਮ ਕਰਨ ਅਤੇ ਮੱਛਰ ਨੂੰ ਪੈਦਾ ਹੋਣ ਲਈ ਕਿਸੇ ਵੀ ਤਰ੍ਹਾਂ ਦਾ ਸੁਖਾਵਾ ਵਾਤਾਵਰਨ ਨਾ ਬਣਨ ਦਿੱਤਾ ਜਾਵੇ।
ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਅਤੇ ਮਾਰਨ ਸਬੰਧੀ ਛਿੜਕਾਅ ਲਈ ਵਰਤੇ ਜਾਂਦੀਆਂ ਦਵਾਈਆਂ ਦੀ ਜਾਣਕਾਰੀ ਸਾਰੇ ਵਿਭਾਗਾਂ ਨੂੰ ਮੁਹੱਈਆ ਕਰਵਾਈ ਜਾਵੇ।
ਸਹਾਇਕ ਕਮਿਸ਼ਨਰ ਨੇ ਕਿਹਾ ਕਿ ਡੇਂਗੂ ਦੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਇਹ ਅੱਤ ਜਰੂਰੀ ਹੈ ਕਿ ਨਗਰ ਕੌਂਸਲਾਂ ਸ਼ਹਿਰਾਂ ਵਿੱਚ ਅਤੇ ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਪਿੰਡਾਂ ਵਿੱਚ ਦਵਾਈਆਂ ਦਾ ਛਿੜਕਾਅ ਅਤੇ ਫੌਗਿੰਗ ਕਰਵਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਇਲਾਕੇ ਵਿੱਚ ਡੇਂਗੂ ਦੇ ਮਾਮਲੇ ਜਿਆਦਾ ਸਾਹਮਣੇ ਆਉਂਦੇ ਹਨ ਤਾਂ ਉਸ ਇਲਾਕੇ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇ।
ਮੀਟਿੰਗ ਵਿੱਚ ਜਿਲ੍ਹਾ ਐਲੀਮੈਂਟਰੀ ਤੇ ਸੈਕੰਡਰੀ ਸਿਖਿਆ ਅਫਸਰ ਨੂੰ ਵਿਸ਼ੇਸ਼ ਤੌਰ ਉਤੇ ਕਿਹਾ ਗਿਆ ਕਿ ਸਕੂਲਾਂ ਵਿਚ ਸਵੇਰੇ ਹੋਣ ਵਾਲੀ ਅਸੈਂਬਲੀ ਵਿਚ ਬੱਚਿਆਂ ਨੂੰ ਡੇਂਗੂ ਦੀ ਬਿਮਾਰੀ ਦੇ ਮਾਰੂ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਦੱਸਿਆ ਜਾਵੇ ਅਤੇ ਇਹ ਯਕੀਨੀ ਕੀਤਾ ਜਾਵੇ ਕਿ ਵਿਦਿਆਰਥੀਆਂ ਵਲੋਂ ਇਹ ਜਾਣਕਾਰੀ ਆਪਣੇ ਘਰਾਂ ਤੱਕ ਸਾਂਝੀ ਕੀਤੀ ਜਾ ਰਹੀ ਹੈ।
ਸ ਅਰਵਿੰਦਰਪਾਲ ਸਿੰਘ ਸੋਮਲ ਨੇ ਕਿਹਾ ਕਿ ਨਗਰ ਕੌਂਸਲ ਦੇ ਅਧਿਕਾਰੀਆਂ ਸੀ.ਡੀ.ਪੀ.ਓਜ਼, ਅਤੇ ਪੰਜਾਬ ਰੋਡਵੇਜ਼ ਦੇ ਅਧਿਕਾਰੀ/ਕਰਮਚਾਰੀ ਨੂੰ ਕਿਹਾ ਕਿ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਨਿਰੰਤਰ ਫੌਗਿੰਗ ਕਰਵਾਈ ਜਾਵੇ। ਇਸ ਤੋਂ ਇਲਾਵਾ ਸ਼ਹਿਰੀ ਖੇਤਰਾਂ ਵਿੱਚ ਕਿਤੇ ਵੀ ਕੂੜਾ-ਕਰਕਟ ਦੇ ਢੇਰ ਇਕੱਠੇ ਨਾ ਹੋਣ ਦਿੱਤੇ ਜਾਣ ਅਤੇ ਛੁੱਟੀ ਵਾਲੇ ਦਿਨ ਵੀ ਕੂੜੇ ਦੀ ਲਿਫਟਿੰਗ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਰਿਹਾਇਸ਼ੀ ਖੇਤਰਾਂ ਅਤੇ ਨਿਰਮਾਣ ਅਧੀਨ ਇਮਾਰਤਾਂ ਦੇ ਆਸ-ਪਾਸ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੀਣ ਵਾਲੇ ਪਾਣੀ, ਸੀਵਰੇਜ਼ ਸਿਸਟਮ ਦੀਆਂ ਪਾਇਪਾਂ ਦੀ ਸਮੇਂ ਸਿਰ ਚੈਕਿੰਗ ਕੀਤੀ ਜਾਵੇ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਬੱਚੇ ਪੂਰੀਆਂ ਬਾਹਾਂ ਦੇ ਕੱਪੜੇ ਪਾ ਕੇ ਰੱਖਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਸੰਜੀਵ ਕੁਮਾਰ, ਐੱਸ.ਡੀ.ਐੱਮ ਨੰਗਲ ਅਨਮਜੋਤ ਕੌਰ, ਸਿਵਲ ਸਰਜਨ ਡਾ. ਮਨੂ ਵਿਜ, ਜ਼ਿਲ੍ਹਾ ਐਪਡਮੋਲਜਿਸਟ ਡਾ. ਪ੍ਰਭਲੀਨ ਕੌਰ, ਡਾ. ਸੁਨਾਲੀ ਵੋਹਰਾ, ਸਮੂਹ ਐੱਸ.ਐੱਮ.ਓਜ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।