ਸਕੂਲੀ ਬੱਚਿਆਂ ਨੂੰ ਮਲੇਰੀਆ ਪ੍ਰਤੀ ਕੀਤਾ ਜਾਗਰੂਕ
ਪ੍ਰਮੋਦ ਭਾਰਤੀ
ਨਵਾਂਸ਼ਹਿਰ 27 ਅਪ੍ਰੈਲ, 2024 : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ ਤਹਿਤ ਪੀ ਐਚ ਸੀ ਮਜੁੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ, ਜਿਲਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਦੀ ਰਹਿਨੁਮਾਈ ਹੇਠ ਸੀਨੀਅਰ ਸੈਕੰਡਰੀ ਸਕੂਲ ਹਿਆਲਾ ਵਿਖੇ ਅੱਜ ਸਕੂਲੀ ਬੱਚਿਆ ਨੂੰ ਮਲੇਰੀਆ ਪ੍ਰਤੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਕਮਿਊਨਿਟੀ ਹੈਲਥ ਅਫਸਰ ਨਵਨ ਤੇ ਹੈਲਥ ਵਰਕਰ ਗੁਰਪ੍ਰੀਤ ਸਿੰਘ ਵੱਲੋਂ ਵਿਸ਼ਵ ਮਲੇਰੀਆ ਸਬੰਧੀ ਸਕੂਲੀ ਬੱਚਿਆ ਨੂੰ ਵਿਸਥਾਰਪੂਰਵਕ ਸਿਹਤ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਹਫਤਾਵਾਰੀ ਮਲੇਰੀਆ ਮੁਹਿੰਮ ਨੂੰ ਚਲਾਉਣ ਦਾ ਮੁੱਖ ਮੰਤਵ ਨਾਗਰਿਕਾਂ ਨੂੰ ਮਲੇਰੀਆ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਲੇਰੀਆ ਪ੍ਰਤੀ ਚੌਕਸ ਰਹਿਣਾ ਚਾਹੀਦਾ ਹੈ। ਉਨ੍ਹਾਂ ਮਲੇਰੀਆ ਬੁਖਾਰ ਦੇ ਲੱਛਣ, ਬਚਾਅ ਤੇ ਇਲਾਜ ਪ੍ਰਬੰਧਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਐਨਫਲੀਜ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਉਨ੍ਹਾਂ ਮਲੇਰੀਆ ਸਮੇਤ ਹੋਰ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਮੱਛਰ ਦੇ ਜੀਵਨ ਚੱਕਰ ਨੂੰ ਤੋੜਨ ਦੀ ਲੋੜ ਹੁੰਦੀ ਹੈ। ਮਲੇਰੀਆ ਦੇ ਮੁੱਖ ਲੱਛਣ ਤੇਜ਼ ਬੁਖਾਰ, ਠੰਡ ਲੱਗਣਾ, ਸਿਰਦਰਦ, ਥਕਾਵਟ, ਸ਼ਰੀਰ ‘ਚ ਟੁੱਟ-ਭੱਜ, ਘਬਰਾਹਟ ਹੋਣ ਦੇ ਨਾਲ-ਨਾਲ ਕੰਬਣੀ ਛੇੜਣਾ ਹੈ। ਇਸ ਬਿਮਾਰੀ ਤੋਂ ਬਚਣ ਲਈ ਸਾਨੂੰ ਸਾਫ-ਸਫਾਈ ਰੱਖਣੀ ਚਾਹੀਦੀ ਹੈ, ਕਿਤੇ ਵੀ ਪਾਣੀ ਨਹੀਂ ਖੜਾ ਹੋਣ ਦੇਣਾ ਚਾਹੀਦਾ, ਸੌਣ ਵੇਲੇ ਮੱਛਰਦਾਨੀ ਤੇ ਮੱਛਰ ਭਜਾਉਣ ਵਾਲੀ ਕਰੀਮਾਂ ਤੇ ਮਸ਼ੀਨਾਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ, ਪੂਰੀਆਂ ਬਾਹਾਂ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ ਤੇ ਛੱਪੜਾਂ ਵਿੱਚ ਖੜ੍ਹੇ ਪਾਣੀ ਤੇ ਕਾਲੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ। ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ। ਜੇਕਰ ਕਿਸੇ ਵੀ ਵਿਅਕਤੀ ਨੂੰ ਮਲੇਰੀਆ ਬੁਖਾਰ ਦੇ ਲੱਛਣ ਮਹਿਸੂਸ ਹੁੰਦੇ ਹਨ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਮਲੇਰੀਆ ਦਾ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਮੱਛਰ ਦੀ ਪੈਦਾਇਸ਼ ਨੂੰ ਰੋਕਣ ਲਈ ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ ਮਨਾਉਣਾ ਚਾਹੀਦਾ ਹੈ ਅਤੇ ਘਰਾਂ ਵਿਚ ਕੂਲਰ, ਗਮਲੇ ਅਤੇ ਫਰਿੱਜਾਂ ਦੀਆਂ ਟਰੇਆਂ ਨੂੰ ਖਾਲੀ ਕਰਕੇ ਸੁਕਾਉਣਾ ਚਾਹੀਦਾ ਹੈ।
ਇਸ ਮੌਕੇ ਸਕੂਲ ਅਧਿਆਪਕ ਤੇ ਸਿਹਤ ਸਟਾਫ ਹਾਜ਼ਰ ਸਨ।