ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਦੇ ਤਹਿਤ ਵੱਧ ਤੋਂ ਵੱਧ ਮਰੀਜਾਂ ਦੇ ਇਲਾਜ ਨੂੰ ਦਿੱਤੀ ਜਾਵੇ ਤਰਜੀਹ : ਡਾ. ਜਗਦੀਪ ਚਾਵਲਾ
- ਮੈਡੀਕਲ ਸੁਪਰਡੈਂਟ ਦੇ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਡਾਕਟਰਾਂ ਨੂੰ ਹਦਾਇਤਾਂ ਜਾਰੀ
ਜਲੰਧਰ (30.04.2024) – ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਦੇ ਤਹਿਤ ਵੱਧ ਤੋਂ ਵਧੱ ਮਰੀਜਾਂ ਨੂੰ ਇਲਾਜ ਦੀ ਸੁਵਿਧਾ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਮੈਡੀਕਲ ਸੁਪਰਡੈਂਟ ਦੇ ਦਫ਼ਤਰ ਵਿਖੇ ਸਿਵਲ ਸਰਜਨ ਡਾ. ਜਗਦੀਪ ਚਾਵਲਾ ਅਤੇ ਮੈਡੀਕਲ ਸੁਪਰਡੈਂਟ ਡਾ. ਗੀਤਾ ਕਟਾਰੀਆ ਵੱਲੋਂ ਸਿਹਤ ਵਿਭਾਗ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਡਾਕਟਰਾਂ ਨਾਲ ਮੀਟਿੰਗ ਕੀਤੀ ਗਈ।
ਸਿਵਲ ਸਰਜਨ ਡਾ. ਜਗਦੀਪ ਚਾਵਲਾ ਵੱਲੋਂ ਸੰਬੰਧਤ ਵਿਭਾਗ ਦੇ ਡਾਕਟਰਾਂ ਅਤੇ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਗਿਆ ਕਿ ਆਯੁਸ਼ਮਾਨ ਯੋਜਨਾ ਦੇ ਤਹਿਤ ਇਲਾਜ ਲਈ ਆਉਣ ਵਾਲੇ ਮਰੀਜਾਂ ਦਾ ਪੂਰਾ ਰਿਕਾਰਡ ਰੱਖਿਆ ਜਾਵੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਦਿੱਤਾ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਆਯੁਸ਼ਮਾਨ ਯੋਜਨਾ ਦੇ ਤਹਿਤ ਜੇਕਰ ਮਰੀਜ ਨੂੰ ਇਲਾਜ ਮੁਹੱਈਆ ਕਰਵਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਖਾਮੀ ਸਾਹਮਣੇ ਆਈ ਤਾਂ ਸੰਬੰਧਤ ਸਟਾਫ ਦੇ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਸਿਵਲ ਸਰਜਨ ਡਾ. ਜਗਦੀਪ ਚਾਵਲਾ ਅਤੇ ਮੈਡੀਕਲ ਸੁਪਰਡੈਂਟ ਡਾ. ਗੀਤਾ ਕਟਾਰੀਆ ਵੱਲੋਂ ਦੱਸਿਆ ਗਿਆ ਕਿ ਆਯੁਸ਼ਮਾਨ ਯੋਜਨਾ ਦਾ ਉਦੇਸ਼ ਗ਼ਰੀਬਾਂ ਅਤੇ ਯੋਗ ਲਾਭਪਾਤਰੀ ਪਰਿਵਾਰਾਂ ਨੂੰ ਵਿੱਤੀ ਜੋਖਮ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਇਸ ਲਈ ਸਿਵਲ ਹਸਪਤਾਲ ਵਿੱਚ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਦੇ ਤਹਿਤ ਇਲਾਜ ਕਰਵਾਉਣ ਵਾਲੇ ਮਰੀਜਾਂ ਦੀ ਗਿਣਤੀ ਵਧਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਵੱਧ ਤੋਂ ਵੱਧ ਮਰੀਜਾਂ ਦਾ ਇਲਾਜ ਕੀਤਾ ਜਾਵੇ।