ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ
ਦਲਜੀਤ ਕੌਰ
ਸੰਗਰੂਰ, 30 ਅਪ੍ਰੈਲ, 2024: ਸ੍ਰੀ ਮੁਨੀਸ਼ ਸਿੰਗਲ ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ ਸੰਗਰੂਰ-ਸਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸ਼੍ਰੀਮਤੀ ਦਲਜੀਤ ਕੌਰ, ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸੰਗਰੂਰ ਵਿਖੇ ਇੱਕ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਸਕੱਤਰ ਨੇ ਵਿਦਿਆਰਥੀਆਂ ਅਤੇ ਹਾਜ਼ਰ ਸਟਾਫ ਨੂੰ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਕੋਈ ਵੀ ਲੋੜਵੰਦ ਵਿਅਕਤੀ ਕਿਸੇ ਵੀ ਪ੍ਰਕਾਰ ਦੀ ਕਾਨੂੰਨੀ ਸਹਾਇਤਾ ਜਾਂ ਮੁਫਤ ਕਾਨੂੰਨੀ ਸਲਾਹ ਮਸ਼ਵਰਾ ਲੈਣ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਨਾਲ ਸੰਪਰਕ ਕਰ ਸਕਦਾ ਹੈ।
ਇਸਦੇ ਨਾਲ ਹੀ ਸਕੱਤਰ ਨੇ ਜਾਣਕਾਰੀ ਦਿੱਤੀ ਕਿ ਵਿਦਿਆਰਥੀਆਂ ਨੂੰ ਕਾਨੂੰਨੀ ਜਾਗਰੂਕਤਾ ਦੇਣ ਲਈ ਜਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਅਧੀਨ ਸਮੂਹ ਸਰਕਾਰੀ ਹਾਈ ਅਤੇ ਸੈਕੰਡਰੀ ਸਕੂਲਾਂ ਵਿੱਚ ਕਾਨੂੰਨੀ ਸਾਖਰਤਾ ਕਲੱਬਾਂ ਦਾ ਗਠਨ ਕੀਤਾ ਗਿਆ ਹੈ ਜਿਨ੍ਹਾਂ ਰਾਹੀਂ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਸਮੇਂ-ਸਮੇਂ ਤੇ ਵੱਖ-ਵੱਖ ਕਾਨੂੰਨੀ ਜਾਗਰੂਕਤਾ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਮੌਕੇ ਮਿਸ ਜੂਹੀ ਕੌਸ਼ਲ ਐਡਵੋਕੇਟ ਅਤੇ ਡੀ. ਸੀ. ਪੀ. ਓ. ਸੰਗਰੂਰ ਵੀ ਮੌਜੂਦ ਸਨ। ਮਿਸ ਜੂਹੀ ਕੌਸ਼ਲ ਐਡਵੋਕੇਟ ਨੇ ਵਿਦਿਆਰਥੀਆਂ ਨੂੰ ਪੋਕਸੋ ਐਕਟ ਅਧੀਨ ਸਮਾਜਿਕ ਅਪਰਾਧਾਂ ਦੇ ਖਿਲਾਫ਼ ਬੱਚਿਆਂ ਦੀ ਸਮਾਜਿਕ ਸੁਰੱਖਿਆ ਅਤੇ ਇਸਦੇ ਅਧੀਨ ਆਉਂਦੀਆਂ ਹੋਰ ਧਾਰਾਵਾਂ ਬਾਰੇ ਜਾਣਕਾਰੀ ਦਿੱਤੀ।