ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜ਼ੀਫ਼ੇ ਦਿੱਤੇ ਗਏ
ਰਵਿੰਦਰ ਸਿੰਘ ਢਿੱਲੋਂ
ਖੰਨਾ, 9 ਮਈ 2024 - ਐਡਵੋਕੇਟ ਹਰਜਿੰਦਰ ਸਿੰਘ ਜੀ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੰਗਾ ਖਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ ਸੈਸ਼ਨ 2023-24 ਦੌਰਾਨ 43 ਅੰਮ੍ਰਿਤਧਾਰੀ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆਵਾਂ ਵਿੱਚ ਭਾਗ ਲਿਆ ਸੀ। ਇਹਨਾਂ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿੱਚ ਭਾਗ ਲੈਣ ਕਰਕੇ ਕਾਲਜੀਏਟ ਸਕੂਲ ਦੇ ਪੰਜ ਵਿਦਿਆਰਥੀਆਂ ਨੂੰ ਪੰਜ -ਪੰਜ ਹਜਾਰ ਰੁਪਏ ਕਾਲਜ ਦੇ ਗ੍ਰੈਜੂਏਸ਼ਨ ਦੇ 34 ਵਿਦਿਆਰਥੀਆਂ ਨੂੰ ਅੱਠ-ਅੱਠ ਹਜ਼ਾਰ ਰੁਪਏ ਤੇ ਪੋਸਟ ਗ੍ਰੈਜੂਏਸ਼ਨ ਦੇ ਚਾਰ ਵਿਦਿਆਰਥੀਆਂ ਨੇ ਦਸ- ਦਸ ਹਜ਼ਾਰ ਦੀ ਰਾਸ਼ੀ ਪ੍ਰਾਪਤ ਕੀਤੀ। ਕਾਲਜ ਦੇ ਧਾਰਮਿਕ ਲੈਕਚਰਾਰ ਸ. ਹਰਪਿੰਦਰ ਸਿੰਘ ਨੇ ਦੱਸਿਆ ਹੈ ਕਿ ਹਰ ਸਾਲ ਧਾਰਮਿਕ ਪ੍ਰੀਖਿਆ ਦੇਣ ਵਾਲੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਵਜੀਫ਼ੇ ਦਿੱਤੇ ਜਾਂਦੇ ਹਨ।
ਕਾਲਜ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਜੀ ਨੇ ਧਰਮ ਪ੍ਰਚਾਰ ਕਮੇਟੀ ਦੇ ਇਹਨਾਂ ਕਾਰਜਾਂ ਦੀ ਸ਼ਲਾਂਘਾ ਕੀਤੀ ਤੇ ਕਿਹਾ ਕਿ ਇਹਨਾਂ ਵਜੀਫਿਆਂ ਦੀ ਰਕਮ ਨਾਲ ਵਿਦਿਆਰਥੀਆਂ ਨੂੰ ਆਰਥਿਕ ਤੌਰ ਤੇ ਸਹਾਇਤਾ ਮਿਲ ਜਾਂਦੀ ਹੈ ਅਤੇ ਧਾਰਮਿਕ ਪ੍ਰੀਖਿਆਵਾਂ ਵਿੱਚ ਭਾਗ ਲੈਣ ਨਾਲ ਵਿਦਿਆਰਥੀ ਸਿੱਖੀ ਸਿਧਾਂਤਾਂ ਦੇ ਨੈਤਿਕ ਕਦਰਾਂ ਕੀਮਤਾਂ ਤੋਂ ਜਾਣੂ ਹੁੰਦੇ ਹਨ। ਇਸ ਦੇ ਨਾਲ ਹੀ ਧਾਰਮਿਕ ਪ੍ਰੀਖਿਆ ਵਿੱਚ ਵਿਦਿਆਰਥੀਆਂ ਨੂੰ ਸ਼ਾਮਿਲ ਕਰਵਾਉਣ ਦੇ ਲਈ ਕਾਲਜ ਦੇ ਧਾਰਮਿਕ ਲੈਕਚਰਾਰ ਹਰਪਿੰਦਰ ਸਿੰਘ ਦੇ ਉੱਦਮਾਂ ਦੀ ਪ੍ਰਸ਼ੰਸਾ ਕੀਤੀ।