ਫਤਿਹਗੜ੍ਹ ਸਾਹਿਬ, 11 ਫਰਵਰੀ, 2017 : ਲੋਕ ਅਦਾਲਤਾਂ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰ ਰਹੀਆਂ ਹਨ ਅਤੇ ਲੋਕਾਂ ਵਿੱਚ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਉਣ ਵਿੱਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕਿਉਂਕਿ ਲੋਕ ਅਦਾਲਤਾਂ ਵਿੱਚ ਜਿਥੇ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ ਉਥੇ ਹੀ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸੰਜੀਵ ਬੇਰੀ ਨੇ ਜ਼ਿਲ੍ਹਾ ਕਚਹਿਰੀਆਂ ਵਿੱਚ ਲਗਾਈ ਗਈ ਨੈਸ਼ਨਲ ਲੋਕ ਅਦਾਲਤ ਦਾ ਜਾਇਜਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਹੋਰ ਦੱਸਿਆ ਕਿ ਅੱਜ ਦੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਖ-ਵੱਖ ਮਾਮਲਿਆਂ ਨਾਲ ਸਬੰਧਤ 2073 ਕੇਸ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ 744 ਕੇਸਾਂ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ। ਉਨ੍ਹਾਂ ਹੋਰ ਦੱਸਿਆ ਕਿ ਅੱਜ ਦੀ ਨੈਸ਼ਨਲ ਲੋਕ ਅਦਾਲਤ ਵਿੱਚ 7 ਕਰੋੜ 62 ਲੱਖ 58 ਹਜਾਰ 406 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਉਨ੍ਹਾਂ ਦੱਸਿਆ ਕਿ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਲਈ ਜ਼ਿਲ੍ਹਾ ਅਦਾਲਤਾਂ ਤੇ ਸਬ ਡਵੀਜ਼ਨਲ ਅਦਾਲਤ ਅਮਲੋਹ ਤੇ ਖਮਾਣੋਂ ਵਿਖੇ ਕੁੱਲ 9 ਬੈਂਚ ਸਥਾਪਤ ਕੀਤੇ ਗਏ ਸਨ।
ਸ੍ਰੀ ਬੇਰੀ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਮ ਲੋਕਾਂ ਦੇ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਧਿਰਾਂ ਦੀ ਸਹੂਲਤ ਅਨੁਸਾਰ ਤਕਰੀਬਨ ਰੋਜਾਨਾਂ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਇਸ ਸਾਲ 1 ਜਨਵਰੀ ਤੋਂ ਲੈ ਕੇ ਹੁਣ ਤੱਕ ਲਗਾਈਆਂ ਗਈਆਂ ਲੋਕ ਅਦਾਲਤਾਂ ਵਿੱਚ ਰੱਖੇ ਗਏ 671 ਕੇਸਾਂ ਵਿੱਚੋਂ 252 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਹੈ ਅਤੇ 4 ਕਰੋੜ 73 ਲੱਖ 74 ਹਜਾਰ ਰੁਪਏ ਦੇ ਅਵਾਰਡ ਪਾਸ ਕੀਤੇ ਗਏ ਹਨ।
ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ-ਕਮ-ਸੀ.ਜੇ.ਐਮ. ਸ੍ਰੀ ਪ੍ਰਸ਼ਾਂਤ ਵਰਮਾ ਨੇ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਸਮਝੌਤਾਯੋਗ ਫੌਜਦਾਰੀ ਕੇਸਾਂ ਤੋਂ ਇਲਾਵਾ ਚੈਕ ਬਾਊਂਸ, ਦੁਰਘਟਨਾ ਕਲੇਮ ਕੇਸ, ਵਿਆਹ ਸਬੰਧੀ ਮਾਮਲੇ, ਪਰਿਵਾਰਕ ਝਗੜਿਆਂ, ਮਾਲ ਵਿਭਾਗ ਨਾਲ ਸਬੰਧਤ, ਸਿਵਲ ਕੇਸ, ਓ.ਐਨ.ਜੀ.ਐਸ., ਰੇਲਵੇ ਕੇਸ, ਮਨਰੇਗਾ ਕੇਸ, ਟੈਕਸ ਨਾਲ ਜੁੜੇ ਮਾਮਲੇ, ਬਿਜਲੀ ਤੇ ਪਾਣੀ ਨਾਲ ਸਬੰਧਤ ਕੇਸ, ਪ੍ਰੀ ਲਿਟੀਗੇਟਡ ਬੈਂਕ ਕੇਸਾਂ ਤੋਂ ਇਲਾਵਾ ਨਗਰ ਕੌਂਸਲਾਂ ਨਾਲ ਸਬੰਧਤ ਮਾਮਲੇ ਵੀ ਇਨ੍ਹਾਂ ਅਦਾਲਤਾਂ ਵਿੱਚ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਏ ਗਏ।