ਮੋਗਾ, 11 ਫਰਵਰੀ, 2017 : ਮਾਨਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਨਯੋਗ ਐਸ.ਕੇ.ਗਰਗ ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਰਹਿਨੁਮਾਈ ਹੇਠ ਮਿਤੀ 11 ਫਰਵਰੀ, 2017 ਨੂੰ ਜ਼ਿਲਾ੍ਹ ਅਦਾਲਤਾਂ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਸ ਸਬੰਧੀ ਵਿਸ਼ਥਾਰ ਸਹਿਤ ਜਾਣਕਾਰੀ ਦਿੰਦਿਆਂ ਸ਼੍ਰੀ ਵਿਨੀਤ ਕੁਮਾਰ ਨਾਰੰਗ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਵਿੱਚ ਸੀ.ਆਰ.ਪੀ.ਸੀ. ਦੀ ਧਾਰਾ 320 ਤਹਿਤ ਆਉਂਦੇ ਰਾਜ਼ੀਨਾਮਾ ਹੋਣ ਯੋਗ ਫ਼ੌਜ਼ਦਾਰੀ ਮਾਮਲਿਆਂ ਦੇ ਇਲਾਵਾ ਚੈਕ ਬਾਊਂਸ ਕੇਸ, ਬੈਕਾਂ ਦੇ ਰਿਕਵਰੀ ਕੇਸ, ਪਤੀ-ਪਤਨੀ ਦੇ ਆਪਸੀ ਤੇ ਪਰਿਵਾਰਿਕ ਝਗੜੇ, ਜ਼ਮੀਨ ਜਾਇਦਾਦ ਸਬੰਧੀ ਝਗੜੇ, ਬਿਜਲੀ ਤੇ ਪਾਣੀ ਦੇ ਬਿੱਲਾਂ ਦੇ ਝਗੜੇ, ਤਨਖਾਹ ਤੇ ਭੱਤਿਆਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ, ਮੋਟਰ ਵਹੀਕਲ ਐਕਟ ਤਹਿਤ ਐਮ.ਏ ਸੀ.ਟੀ.(ਮੋਟਰ ਵਹੀਕਲ ਐਕਸੀਡੈਂਟ ਕਲੇਮ ਟ੍ਰਿਬਿਊਨਲ) ਤੇ ਹੋਰ ਸਿਵਲ ਕੇਸਾਂ ਨਾਲ ਸਬੰਧਤ ਝਗੜਿਆਂ ਦੇ ਸਾਰੇ ਹੀ ਤਰਾਂ ਦੇ ਕੇਸ ਰੱਖੇ ਗਏ ਸਨ।
ਇਸ ਮੌਕੇ ਸ਼੍ਰੀ ਵਿਨੀਤ ਕੁਮਾਰ ਨਾਰੰਗ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਵਿੱਚ ਕੁੱਲ 10 ਬੈਂਚ ਲਗਾਏ ਗਏ। ਜਿਨ੍ਹਾਂ ਵਿਚੋ 8 ਬੈਂਚ ਜ਼ਿਲ੍ਹਾ ਅਦਾਲਤਾਂ ਮੋਗਾ ਅਤੇ 1-1 ਬੈਂਚ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਅਤੇ ਬਾਘਾ ਪੁਰਾਣਾ ਵਿਖੇ ਸਥਾਪਿਤ ਕੀਤਾ ਗਿਆ। ਇਸ ਰਾਸ਼ਟਰੀ ਲੋਕ ਅਦਾਲਤ ਵਿੱਚ ਕੁੱਲ 2187 ਕੇਸ ਰੱਖੇ ਗਏ ਸਨ ਜਿੰਨਾਂ ਵਿਚੋਂ 1403 ਕੇਸਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਕੁੱਲ 3 ਕਰੋੜ 65 ਲੱਖ 90 ਹਜ਼ਾਰ 1 ਸੌ 22/-ਰੁਪਏ ਦੀ ਆਪਸੀ ਸਹਿਮਤੀ ਨਾਲ ਸੈਟਲਮੈਂਟ ਕੀਤੀ ਗਈ।
ਉਨ੍ਹਾਂ ਕਿਹਾ ਕਿ ਇਨ੍ਹਾਂ ਰਾਸ਼ਟਰੀ ਲੋਕ ਅਦਾਲਤਾਂ ਤੋਂ ਆਮ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਲਾਭ ਉਠਾਉਣਾ ਚਾਹੀਦਾ ਹੈ। ਇਸ ਤਰਾਂ ਆਮ ਲੋਕ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰ ਸਕਦੇ ਹਨ। ਇਨ੍ਹਾਂ ਲੋਕ ਅਦਾਲਤਾਂ ਵਿੱਚ ਆਪਸੀ ਭਾਈਚਾਰੇ ਰਾਹੀਂ ਹਰ ਝਗੜੇ ਦਾ ਨਿਪਟਾਰਾ ਕੀਤਾ ਜਾਂਦਾ ਹੈ ਜਿਸ ਨਾਲ ਦੋਵੇਂ ਧਿਰਾਂ ਦੀ ਆਪਸੀ ਰੰਜਿਸ਼ ਖ਼ਤਮ ਹੁੰਦੀ ਹੈ ਅਤੇ ਕੇਸ ਦਾ ਵੀ ਜਲਦੀ ਫੈਸਲਾ ਹੋ ਜਾਂਦਾ ਹੈ। ਇਸ ਨਾਲ ਪੈਸੇ ਅਤੇ ਸਮੇਂ ਦੀ ਵੀ ਬਚਤ ਹੁੰਦੀ ਹੈ। ਲੋਕ ਅਦਾਲਤ ਦੇ ਫ਼ੈਸਲੇ ਨੂੰ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ ਅਤੇ ਇਸ ਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ। ਲੋਕ ਅਦਾਲਤ ਵਿੱਚ ਫ਼ੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫ਼ੀਸ ਵੀ ਵਾਪਿਸ ਮਿਲ ਜਾਂਦੀ ਹੈ।
ਸ਼੍ਰੀ ਨਾਰੰਗ ਨੇ ਦੱਸਿਆ ਕਿ ਅਗਲੀ ਮਹੀਨਾਵਾਰ ਲੋਕ ਅਦਾਲਤ ਮਿਤੀ 18 ਫਰਵਰੀ, 2017 ਨੂੰ ਲਗਾਈ ਜਾਵੇਗੀ ਅਤੇ ਰਾਸ਼ਟਰੀ ਲੋਕ ਅਦਾਲਤ ਹਰ 2 ਮਹੀਨਿਆਂ ਬਾਅਦ ਲਗਾਈ ਜਾਇਆ ਕਰੇਗੀ। ਇਸ ਸਬੰਧੀ ਕੋਈ ਵੀ ਵਿਅਕਤੀ ਜ਼ਿਲ੍ਹਾ ਅਦਾਲਤਾਂ, ਮੋਗਾ ਵਿਖੇ ਸਥਿੱਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ।