ਬਠਿੰਡਾ, 26 ਅਪ੍ਰੈਲ 2017 : ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਨੇ ਅੱਜ ਡੀ.ਸੀ. ਮੀਟਿੰਗ ਹਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗਾਂਹਵਧੂ ਕਿਸਾਨਾਂ ਅਤੇ ਸੈਲਫ ਹੈਲਪ ਗਰੁੱਪ ਦੇ ਮੈਂਬਰਾਂ ਨਾਲ ਵਿਸ਼ੇਸ਼ ਬੈਠਕ ਕੀਤੀ। ਬੈਠਕ ਦੌਰਾਨ ਕਿਸਾਨਾਂ ਨਾਲ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਕਿਸਾਨ ਖੇਤੀ ਨਾਲ ਜੁੜੇ ਸਹਾਇਕ ਧੰਦੇ ਜਿਵੇਂ ਕਿ ਮੱਖੀ ਪਾਲਣ, ਸਬਜ਼ੀਆਂ ਦੀ ਕਾਸ਼ਤ, ਮਸ਼ਰੂਮ ਦੀ ਕਾਸ਼ਤ ਅਤੇ ਡੇਅਰੀ ਆਦਿ ਅਪਣਾ ਕੇ ਆਪਣੀ ਆਮਦਨ 'ਚ ਵਾਧਾ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਅੱਜ ਦੇ ਦੌਰ 'ਚ ਛੋਟੇ ਅਤੇ ਮੱਧਮ ਵਰਗ ਦੇ ਕਿਸਾਨਾਂ ਲਈ ਇਹ ਸਹਾਇਕ ਧੰਦੇ ਅਪਣਾਉਣੇ ਜ਼ਰੂਰੀ ਹਨ। ਸਹਾਇਕ ਧੰਦਿਆਂ ਨਾਲ ਨਾ ਸਿਰਫ਼ ਕਿਸਾਨਾਂ ਦੀ ਆਮਦਨ 'ਚ ਵਾਧਾ ਹੁੰਦਾ ਹੈ ਬਲਕਿ ਉਨ੍ਹਾਂ ਕੋਲ ਮੌਜੂਦ ਸਰੋਤ ਦੀ ਵੀ ਸੁਚੱਜੀ ਵਰਤੋਂ ਹੁੰਦੀ ਹੈ। ਆਲੂ ਦੇ ਕਾਸ਼ਤਕਾਰਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ 'ਚ ਆਲੂ ਦੀ ਕਾਸ਼ਤ ਵੱਡੇ ਪੱਧਰ 'ਤੇ ਹੁੰਦੀ ਹੈ ਅਤੇ ਇਸ ਨੂੰ ਡੇਅਰੀ ਵਪਾਰ 'ਚ ਪਸ਼ੂਆਂ ਦੀ ਖੁਰਾਕ ਵਜੋਂ ਵਰਤਿਆ ਜਾ ਸਕਦਾ ਹੈ।
ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸੈਲਫ਼ ਹੈਲਪ ਗਰੁੱਪ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣਾ ਕੰਮ ਚਲਾਉਣ ਲਈ ਥਾਂ ਦੀ ਲੋੜ ਹੈ ਤਾਂ ਜੋ ਉਹ ਆਪਣਾ ਕੰਮ ਚਲਾ ਸਕਣ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਸਬੰਧੀ ਮਦਦ ਲਈ ਸਰਕਾਰ ਨੂੰ ਲਿਖਣਗੇ। ਇਨ੍ਹਾਂ ਤੋਂ ਇਲਾਵਾ ਸਬਜ਼ੀਆਂ ਦੀ ਕਾਸ਼ਤ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਹੁਲ ਚਾਬਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਤਾਰ ਸਿੰਘ ਬਰਾੜ, ਕਿਸਾਨ ਜਗਤਾਰ ਸਿੰਘ, ਹਰਜੀਤ ਸਿੰਘ, ਜਗਦੀਪ ਸਿੰਘ, ਗੁਰਮੀਤ ਸਿੰਘ, ਅਮਰਜੀਤ ਸਿੰਘ, ਜਗਸੀਰ ਸਿੰਘ, ਜਸਪਾਲ ਸਿੰਘ ਗਿੱਲ, ਜਰਨੈਲ ਸਿੰਘ ਬਰਾੜ, ਇਕਬਾਲ ਸਿੰਘ, ਪ੍ਰੇਮ ਸਿੰਘ, ਅਤਰਪਾਲ ਸਿੰਘ, ਰੇਸ਼ਮ ਸਿੰਘ, ਡਿਪਟੀ ਸਿੰਘ, ਜਸਪਾਲ ਸਿੰਘ, ਹਰਤੇਜ਼ ਸਿੰਘ, ਸੁਖਜੀਤ ਸਿੰਘ, ਸੁਖਪਾਲ ਸਿੰਘ, ਰਜਿੰਦਰਪਾਲ ਸਿੰਘ, ਦਰਸ਼ਨ ਸਿੰਘ ਸਿੱਧੂ, ਗੁਰਚਰਨ ਸਿੰਘ ਮਾਨ, ਭੁਪਿੰਦਰ ਸਿੰਘ, ਗੁਰਦੀਪ ਸਿੰਘ, ਬਲਵਿੰਦਰ ਸਿੰਘ ਅਤੇ ਨਿਰਭੈਅ ਸਿੰਘ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਸੈਲਫ਼ ਹੈਲਪ ਗਰੁੱਪ ਚਲਾਉਣ ਵਾਲੀ ਸ਼੍ਰੀਮਤੀ ਸ਼ਹਿਨਾਜ਼, ਯਾਦਵਿੰਦਰ ਕੌਰ, ਪ੍ਰਭਜੋਤ ਕੌਰ ਆਦਿ ਹਾਜ਼ਰ ਸਨ।