ਸੰਗਰੂਰ, 26 ਅਪ੍ਰੈਲ 2017 : ਕੌਮੀ ਗਰੀਨ ਟ੍ਰਿਬਿਊਨਲ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ 'ਤੇ ਲਗਾਈ ਪਾਬੰਦੀ ਦੀ ਉਲੰਘਣਾ ਕਰਨ ਵਾਲੇ ਇੱਕ ਕਿਸਾਨ ਤੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਚੌਕਸੀ ਟੀਮ ਵੱਲੋਂ 2500 ਰੁਪਏ ਜੁਰਮਾਨਾ ਵਸੂਲ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਅਮਰਪ੍ਰਤਾਪ ਸਿੰਘ ਵਿਰਕ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਨਾੜ ਨੂੰ ਸਾੜਨ ਤੋਂ ਰੋਕਣ ਲਈ ਜ਼ਿਲ੍ਹੇ 'ਚ ਵੱਖ-ਵੱਖ ਚੌਕਸੀ ਟੀਮਾਂ ਦਾ ਗਠਨ ਕੀਤਾ ਹੋਇਆ ਹੈ, ਜਿਸ ਤਹਿਤ ਸੁਨਾਮ ਟੀਮ ਨੂੰ ਜਾਣਕਾਰੀ ਮਿਲੀ ਸੀ ਕਿ ਸੇਰੋਂ ਰੋਡ, ਸੁਨਾਮ 'ਤੇ ਇੱਕ ਕਿਸਾਨ ਨੇ 1 ਏਕੜ ਕਣਕ ਦੇ ਕਰਚਿਆਂ ਨੂੰ ਅੱਗ ਲਗਾਈ ਹੋਈ ਹੈ।
ਉਨ੍ਹਾਂ ਦੱਸਿਆ ਕਿ ਸ. ਗੁਰਮੁਖ ਸਿੰਘ ਤਹਿਸੀਲਦਾਰ ਸੁਨਾਮ, ਸ. ਵਰਿੰਦਰ ਸਿੰਘ ਖੇਤੀਬਾੜੀ ਅਫ਼ਸਰ ਸੁਨਾਮ ਅਤੇ ਪਟਵਾਰੀ ਜਗਦੀਸ ਚੰਦ ਨੇ ਸੂਚਨਾ ਦੇ ਅਧਾਰ 'ਤੇ ਮੌਕੇ 'ਤੇ ਪਹੁੰਚ ਕੇ ਰਹਿੰਦ ਖੂੰਹਦ ਸਾੜਨ ਵਾਲੇ ਕਿਸਾਨ ਗੁਰਦਿਆਲ ਸਿੰਘ ਪੁੱਤਰ ਜਗਤ ਸਿੰਘ, ਸੇਰੋ ਰੋਡ ਸੁਨਾਮ ਨੂੰ 2500 ਰੁਪਏ ਦਾ ਜੁਰਮਾਨਾ ਕੀਤਾ। ਉਨ੍ਹਾਂ ਕਿਹਾ ਕਿ ਕੌਮੀ ਗਰੀਨ ਟਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ਤੇ ਭਵਿੱਖ 'ਚ ਵੀ ਕਾਰਵਾਈ ਕੀਤੀ ਜਾਵੇਗੀ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਤਾਰ ਸਿੰਘ ਬਰਾੜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਸੁੱਕੇ ਖੇਤਾਂ ਵਿੱਚ ਵਾਹਕੇ ਮਿੱਟੀ ਵਿੱਚ ਮਿਲਾ ਦੇਣ ਅਤੇ ਨਾੜ ਨੂੰ ਸਾੜਨ ਤੋਂ ਗੁਰੇਜ਼ ਕਰਨ।