ਜ਼ਿਲ੍ਹਾ ਬਾਲ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਅਤੇ ਹਾਜਰ ਅਧਿਕਾਰੀ।
ਗੁਰਿੰਦਰ ਸਿੰਘ
ਫ਼ਿਰੋਜ਼ਪੁਰ, 27 ਮਈ, 2017 : ਜ਼ਿਲ੍ਹਾ ਬਾਲ ਸੁਰੱਖਿਆ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਬਾਲ ਮਜ਼ਦੂਰੀ, ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ, ਬਾਲ ਸੁਰੱਖਿਆ ਆਦਿ ਸਬੰਧੀ ਵਿਸਥਾਰਤ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਟਾਸਕ ਫੋਰਸ ਦੇ ਵੱਖ ਵੱਖ ਮੈਂਬਰਾਂ ਵੱਲੋਂ ਭਾਗ ਲਿਆ ਗਿਆ।
ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਆਈ.ਏ.ਐਸ. ਨੇ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਹੁਣ ਤੱਕ ਹੋਏ ਕੰਮਾਂ ਸਬੰਧੀ ਵੱਖ-ਵੱਖ ਵਿਭਾਗਾਂ ਕੋਲੋਂ ਜਾਣਕਾਰੀ ਲਈ । ਉਨ੍ਹਾਂ ਟਾਸਕ ਫੋਰਸ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਦੇ ਮੈਂਬਰਾਂ ਨਾਲ ਤਾਲਮੇਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਨੂੰ ਫਿਰੋਜਪੁਰ ਜ਼ਿਲ੍ਹੇ ਵਿੱਚ ਹੋਰ ਬਿਹਤਰ ਢੰਗ ਨਾਲ ਚਲਾਉਣ ਵਿੱਚ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਹਰ ਸੰਭਵ ਯਤਨ ਕੀਤੇ ਜਾਣ ਅਤੇ ਬਾਲ ਮਜ਼ਦੂਰੀ ਕਰਵਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬਾਲ ਸੁਰੱਖਿਆ ਸਬੰਧੀ ਹੈਲਪ ਲਾਈਨ ਨੰ: 1098 ਤੇ ਸੰਪਰਕ ਕੀਤਾ ਜਾ ਸਕਦਾ ਹੈ। ਹੈਲਪ ਲਾਈਨ ਨਾਲ ਸਬੰਧਿਤ ਐਨ.ਜੀ.ਓ ਨੇ ਦੱਸਿਆ ਕਿ ਫ਼ਿਰੋਜ਼ਪੁਰ ਵਿੱਚ ਹੈਲਪ ਲਾਈਨ ਦੀ ਮਦਦ ਨਾਲ ਹੁਣ ਤੱਕ 70 ਬੱਚਿਆਂ ਨੂੰ ਮਦਦ ਮਿਲੀ ਹੈ ਅਤੇ ਗੁੰਮ ਹੋਏ ਬੱਚੇ ਉਨ੍ਹਾਂ ਦੇ ਵਾਰਸਾਂ ਨੂੰ ਸੌਂਪੇ ਗਏ ਹਨ। ਇਸ ਤੋਂ ਇਲਾਵਾ 22 ਬੱਚਿਆਂ ਨੂੰ ਮੈਡੀਕਲ ਸਕੂਲ ਤੋਂ ਪ੍ਰਦਾਨ ਕਰਵਾਈ ਗਈ ਹੈ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਰਤਨਦੀਪ ਕੌਰ, ਹਿਮਾਂਸ਼ੂ ਗੁਪਤਾ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਹਰਿੰਦਰ ਸਿੰਘ ਡੋਡ ਡੀ.ਐਸ.ਪੀ, ਅਸ਼ੋਕ ਬਹਿਲ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।