ਵਿਧਾਇਕ ਸੰਗਰੂਰ ਸ਼੍ਰੀ ਵਿਜੇਇੰਦਰ ਸਿੰਗਲਾ ਅਤੇ ਵਿਧਾਇਕ ਧੂਰੀ ਸ਼੍ਰੀ ਦਲਵੀਰ ਸਿੰਘ ਗੋਲਡੀ ਹੋਣਹਾਰ ਵਿਦਿਆਰਥਣਾਂ ਮਨਪ੍ਰੀਤ ਕੌਰ ਅਤੇ ਅਮਨਦੀਪ ਕੌਰ ਨੂੰ ਸਨਮਾਨਿਤ ਕਰਦੇ ਹੋਏ।
ਧੂਰੀ/ਸੰਗਰੂਰ, 30 ਮਈ, 2017 : ਲੜਕੀਆਂ ਵੱਲੋਂ ਆਪਣੀ ਮਿਹਨਤ, ਲਗਨ ਅਤੇ ਦਿੜ੍ਹ ਇਰਾਦੇ ਸਦਕਾ ਵਿਦਿਆ ਦੇ ਖੇਤਰ ਵਿੱਚ ਮਾਰੀਆਂ ਜਾ ਰਹੀਆਂ ਵੱਡੀਆਂ ਮੱਲਾਂ ਸ਼ਲਾਘਾਯੋਗ ਹਨ ਅਤੇ ਹੋਣਹਾਰ ਲੜਕੀਆਂ ਨੂੰ ਉਚੇਰੀ ਸਿੱਖਿਆ ਮੁਹੱਈਆ ਕਰਵਾ ਕੇ ਉਨ੍ਹਾਂ ਦੇ ਭਵਿੱਖ ਨੂੰ ਹੋਰ ਬਿਹਤਰ ਬਣਾਉਣ ਲਈ ਮਿਆਰੀ ਉਪਰਾਲੇ ਕੀਤੇ ਜਾਣਗੇ। ਇਹ ਪ੍ਰਗਟਾਵਾ ਵਿਧਾਇਕ ਸੰਗਰੂਰ ਸ਼੍ਰੀ ਵਿਜੇਇੰਦਰ ਸਿੰਗਲਾ ਅਤੇ ਵਿਧਾਇਕ ਧੂਰੀ ਸ਼੍ਰੀ ਦਲਵੀਰ ਸਿੰਘ ਗੋਲਡੀ ਨੇ ਜ਼ਿਲ੍ਹੇ 'ਚੋਂ ਪਹਿਲੇ ਸਥਾਨ 'ਤੇ ਆਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁੰਨਾਂਵਾਲ ਦੀ ਦਸਵੀਂ ਦੀ ਵਿਦਿਆਰਥਣ ਮਨਪ੍ਰੀਤ ਕੌਰ ਅਤੇ ਤੀਜੇ ਸਥਾਨ 'ਤੇ ਆਈ ਵਿਦਿਆਰਥਣ ਅਮਨਦੀਪ ਕੌਰ ਨੂੰ ਸਨਮਾਨਿਤ ਕਰਨ ਮੌਕੇ ਕੀਤਾ।
ਵਿਧਾਇਕ ਸ਼੍ਰੀ ਸਿੰਗਲਾ ਨੇ ਕਿਹਾ ਕਿ ਲੜਕੀਆਂ ਵੱਲੋਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਦਰਜ ਕਰਕੇ ਆਪਣੇ ਮਾਪਿਆਂ ਦੇ ਨਾਲ-ਨਾਲ ਜ਼ਿਲ੍ਹੇ ਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੋਣਹਾਰ ਵਿਦਿਆਰਥਣਾਂ ਦੀ ਪੜ੍ਹਾਈ ਪ੍ਰਤੀ ਦਿਲਚਸਪੀ ਚੰਗੇ ਨਤੀਜੇ ਸਾਹਮਣੇ ਲਿਆ ਰਹੀ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਦਿਆਰਥੀ ਵਰਗ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਵਿਧਾਇਕ ਸ਼੍ਰੀ ਗੋਲਡੀ ਨੇ ਕਿਹਾ ਕਿ ਵਿਦਿਆਰਥਣਾਂ ਦਾ ਸਨਮਾਨ ਕਰਨ ਪਿੱਛੇ ਮਕਸਦ ਇਹੀ ਹੈ ਕਿ ਇਨ੍ਹਾਂ ਦੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਨਾਦਾਇਕ ਸਾਬਤ ਹੋਵੇ ਅਤੇ ਭਵਿੱਖ ਵਿੱਚ ਹੋਰ ਵਿਦਿਆਰਥੀ ਵੀ ਅਹਿਮ ਪ੍ਰਾਪਤੀਆਂ ਦਰਜ ਕਰਨ ਦੇ ਸਮਰੱਥ ਬਣ ਸਕਣ। ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀ, ਸਕੂਲ ਦਾ ਸਟਾਫ਼, ਵਿਦਿਆਰਥਣਾਂ ਦੇ ਪਰਿਵਾਰਕ ਮੈਂਬਰ ਤੇ ਪਿੰਡ ਦੇ ਵਸਨੀਕ ਵੀ ਹਾਜ਼ਰ ਸਨ।