ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮਹੀਨਾਵਾਰ ਮੀਟਿੰਗ ਦੌਰਾਨ ਵੱਖ ਵੱਖ ਸਕੀਮਾਂ ਦਾ ਜਾਇਜ਼ਾ ਲੈਂਦੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ਼੍ਰੀ ਰਾਮਵੀਰ ਅਤੇ ਹਾਜ਼ਰ ਸਿੱਖਿਆ ਅਧਿਕਾਰੀ।
ਗੁਰਿੰਦਰ ਸਿੰਘ
ਫ਼ਿਰੋਜ਼ਪੁਰ, 22 ਜੂਨ, 2017 : ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਅੱਜ ਉਨ੍ਹਾਂ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮਹੀਨਾਵਾਰ ਮੀਟਿੰਗ ਮੌਕੇ ਐਸ.ਐਮ.ਸੀ. ਕੰਪੋਨੈਂਟ, ਲਰਨਿੰਗ ਆਊਟਕਮ ਇਵੈਲੁਏਸ਼ਨ ਸਿਸਟਮ ਅਤੇ ਸਰਵ ਸਿੱਖਿਆ ਅਭਿਆਨ ਤਹਿਤ ਚਲਾਈਆਂ ਗਈਆਂ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਮੂਹ ਬੀ.ਪੀ.ਈ.ਓਜ਼ ਨੂੰ ਹਦਾਇਤਾਂ ਦਿੱਤੀਆਂ ਕਿ ਸਕੂਲਾਂ ਦੇ ਨਿਰੀਖਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਸਕੂਲ ਨਿਰੀਖਣ ਸਮੇਂ ਬੱਚਿਆਂ ਦੀ ਗੁਣਾਤਮਕ ਸਿੱਖਿਆ ਨੂੰ ਚੈੱਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੀ ਗੁਣਾਤਮਕ ਸਿੱਖਿਆ ਵਿੱਚ ਸੁਧਾਰ ਲਿਆਂਦਾ ਜਾ ਸਕੇ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਦਾ ਨਿਰੀਖਣ ਕਰਦੇ ਸਮੇਂ ਅਧਿਆਪਕਾਂ ਦੀ ਹਾਜ਼ਰੀ, ਸਕੂਲ ਇੰਨਫਰਾਂਸਟਕਚਰ ਅਤੇ ਸਕੂਲਾਂ ਦੀ ਸਫ਼ਾਈ ਦਾ ਖ਼ਾਸ ਧਿਆਨ ਰੱਖਿਆ ਜਾਵੇ ਤਾਂ ਜੋ ਸਕੂਲ ਦੇ ਬੱਚਿਆਂ ਅਤੇ ਸਟਾਫ਼ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਜ਼ਿਲ੍ਹੇ ਦੇ ਸਕੂਲਾਂ ਅੰਦਰ ਚੱਲ ਰਹੇ ਵਿਕਾਸ ਦੇ ਕੰਮਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਅਧਿਕਾਰੀਆਂ ਨੂੰ ਅਧੂਰੇ ਪਏ ਕੰਮਾਂ ਨੂੰ ਸਮੇਂ ਸਿਰ ਕਰਨ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਸਕੂਲਾਂ ਵਿੱਚ ਚੱਲ ਰਹੀ ਮਿੱਡ-ਡੇਅ-ਮੀਲ ਸਕੀਮ ਦੀ ਵੀ ਸਮੀਖਿਆ ਕੀਤੀ ਅਤੇ ਕਿਹਾ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸੰਤੁਲਿਤ ਅਤੇ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਵਿਦਿਆਰਥੀ ਸਰੀਰਕ ਅਤੇ ਦਿਮਾਗ਼ ਪੱਖੋਂ ਤੰਦਰੁਸਤ ਹੋ ਕੇ ਆਪਣੀ ਪੜ੍ਹਾਈ ਵੱਲ ਚੰਗੀ ਤਰ੍ਹਾਂ ਧਿਆਨ ਦੇ ਸਕਣ।
ਇਸ ਮੌਕੇ ਉਨ੍ਹਾਂ ਕਿਹਾ ਕਿ ਅਧਿਆਪਕ ਸਕੂਲਾਂ ਵਿੱਚ ਗੁਣਾਂਤਮਕ ਸਿੱਖਿਆ ਤੇ ਜ਼ੋਰ ਦੇਣ ਕਿਉਂਕਿ ਇਸ ਤਰ੍ਹਾਂ ਕਰਨ ਨਾਲ ਵਿਦਿਆਰਥੀਆਂ ਦਾ ਭਵਿੱਖ ਉੱਜਵਲ ਹੋਵੇਗਾ ਅਤੇ ਉਨ੍ਹਾਂ ਨੂੰ ਸਮਾਜ ਦੇ ਕਿਸੇ ਵੀ ਖੇਤਰ ਵਿੱਚ ਮੁਸ਼ਕਿਲ ਪੇਸ਼ ਨਹੀਂ ਆਵੇਗੀ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਵਿੱਚ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਬੱਚਿਆਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਪੜ੍ਹਾਇਆ ਜਾਵੇ ਤਾਂ ਜੋ ਕਮਜ਼ੋਰ ਬੱਚੇ ਵੀ ਚੰਗੀ ਤਰਾਂ ਪੜਾਈ ਕਰ ਸਕਣ ਅਤੇ ਉਨ੍ਹਾਂ ਦਾ ਵੀ ਨਤੀਜਾ ਵਧੀਆ ਆ ਸਕੇ। ਉਨ੍ਹਾਂ ਕਿਹਾ ਜੇਕਰ ਕੋਈ ਅਧਿਆਪਕ ਆਪਣੇ ਵਿਸ਼ੇ ਦਾ ਨਤੀਜਾ ਵਧੀਆ ਦੇਵੇਗਾ ਤਾਂ ਉਸ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਨਾਲ ਅਧਿਆਪਕਾਂ ਦੀਆਂ ਮੀਟਿੰਗਾਂ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇ ਤਾਂ ਜੋ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਪ੍ਰਤੀ ਸਮਰੱਥਾ ਦਾ ਪਤਾ ਲੱਗ ਸਕੇ।
ਇਸ ਮੌਕੇ ਸੁਖਵਿੰਦਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਪ੍ਰਗਟ ਸਿੰਘ ਬਰਾੜ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਸਰਬਜੀਤ ਸਿੰਘ ਏ.ਪੀ.ਸੀ.(ਜਨ.), ਸੁਖਵਿੰਦਰ ਸਿੰਘ ਡੀ.ਪੀ.ਓ, ਲੱਖਾ ਰਾਮ ਬੀ.ਪੀ.ਓ., ਮਦਨ ਮੋਹਨ ਬੀ.ਪੀ.ਓ, ਦਰਸ਼ਨ ਚੰਦ ਬੀ.ਪੀ.ਓ., ਰਜਿੰਦਰ ਸਿੰਘ ਅਤੇ ਸੰਦੀਪ ਕੁਮਾਰ ਸਮੇਤ ਵਿਭਾਗੀ ਅਧਿਕਾਰੀ ਹਾਜ਼ਰ ਸਨ।