ਸੰਗਰੂਰ, 17 ਜੁਲਾਈ, 2017 : ਰੈਡ ਕਰਾਸ ਨਸ਼ਾ ਮੁਕਤੀ ਕੇਂਦਰ ਸੰਗਰੂਰ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਸਹਿਯੋਗ ਨਾਲ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ ਦੀ ਆਦਤ ਦਾ ਸ਼ਿਕਾਰ ਹੋਣ ਵਾਲੇ ਲੋਕ ਨਸ਼ਾ ਖਰੀਦਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਹਾਸਲ ਕਰਨ ਲਈ ਨਸ਼ਾ ਪੀੜਤ ਅਪਰਾਧ ਦੀ ਦੁਨੀਆਂ ਵਿੱਚ ਪੈਰ ਧਰ ਦਿੰਦੇ ਹਨ ਅਤੇ ਅਪਰਾਧੀ ਬਣ ਜਾਂਦੇ ਹਨ ਜਿਸ ਕਾਰਨ ਜੇਲ੍ਹ ਦਾ ਮੂੰਹ ਦੇਖਣਾ ਪੈ ਜਾਂਦਾ ਹੈ।
ਸਕੱਤਰ ਨੇ ਉੱਥੇ ਰਹਿ ਰਹੇ ਪੀੜਤਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਤੋ ਉਹਨਾਂ ਦੀਆਂ ਪ੍ਰੇਸ਼ਾਨੀਆਂ ਵੀ ਸੁਣੀਆਂ ਅਤੇ ਅੱਗੇ ਤੋ ਨਸ਼ਾ ਨਾ ਕਰਨ ਦੀ ਪ੍ਰੇਰਨਾ ਵੀ ਦਿੱਤੀ। ਉਨ੍ਹਾਂ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਦੀ ਇੱਕ ਸਕੀਮ ਦੇ ਤਹਿਤ ਨਸ਼ਾ ਪੀੜਤਾਂ ਨੂੰ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅਜਿਹੇ ਜਾਗਰੂਤਾ ਪ੍ਰੋਗਰਾਮ ਕਰਵਾਏ ਜਾਂਦੇ ਹਨ ਤਾਂ ਜੋ ਨਸ਼ਾ ਪੀੜਤਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਦੇ ਹੋਏ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾ ਸਕੇ। ਇਸ ਉਪਰੰਤ ਸ. ਰੰਧਾਵਾ ਨੇ ਸੀਨੀਅਰ ਨਾਗਰਿਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਦੀ ਸਕੀਮ 2016 ਦੇ ਤਹਿਤ ਬਿਰਧ ਆਸ਼ਰਮ ਉਭਾਵਾਲ ਦਾ ਦੌਰਾ ਵੀ ਕੀਤਾ ਅਤੇ ਉਥੇ ਰਹਿੰਦੇ ਬਜੁਰਗਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਜਾਇਜ਼ਾ ਲੈਂਦੇ ਹੋਏ ਕਾਨੂੰਨੀ ਸਲਾਹ ਵੀ ਦਿੱਤੀ।