ਫ਼ਤਹਿਗੜ੍ਹ ਸਾਹਿਬ, 24 ਜੁਲਾਈ 2017 : ਸੂਚਨਾ ਦਾ ਅਧਿਕਾਰ ਐਕਟ-2005 ਦੇ ਲਾਗੂ ਹੋਣ ਨਾਲ ਜਿਥੇ ਸਰਕਾਰੀ ਕੰਮ ਵਿੱਚ ਪਾਰਦਰਸ਼ਤਾ ਵਧੀ ਹੈ ਉਥੇ ਹੀ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਜਵਾਬਦੇਹੀ ਵਿੱਚ ਵੀ ਵਾਧਾ ਹੋਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਬੱਚਤ ਭਵਨ ਵਿਖੇ ਮਹਾਤਮਾਂ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਸਟਰੇਸ਼ਨ ਪੰਜਾਬ (ਮੈਗਸੀਪਾ) ਵੱਲੋਂ ਸੂਚਨਾ ਦਾ ਅਧਿਕਾਰ ਐਕਟ-2005 ਅਧੀਨ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਲੋਕ ਸੂਚਨਾ ਅਫਸਰਾਂ, ਸਹਾਇਕ ਲੋਕ ਸੂਚਨਾ ਅਫਸਰਾਂ ਤੇ ਐਕਟ ਨਾਲ ਸਬੰਧਤ ਕਰਮਚਾਰੀਆਂ ਵਿੱਚ ਐਕਟ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਆਯੋਜਿਤ ਕੀਤੇ ਦੋ ਦਿਨਾਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਲੋਕ ਸੂਚਨਾ ਅਫਸਰਾਂ ਤੇ ਸਹਾਇਕ ਲੋਕ ਸੂਚਨਾ ਅਫਸਰਾਂ ਨੂੰ ਉਤਸਾਹਿਤ ਕਰਦਿਆਂ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਉਨ੍ਹਾਂ ਲਈ ਕਾਫੀ ਸਹਾਈ ਸਿੱਧ ਹੋਣਗੇ ਅਤੇ ਉਨ੍ਹਾਂ ਨੂੰ ਇਸ ਸਿਖਲਾਈ ਉਪਰੰਤ ਆਰ.ਟੀ.ਆਈ. ਦੇ ਕੇਸਾਂ ਨਾਲ ਨਜਿੱਠਣ ਵਿੱਚ ਕਿਸੇ ਕਿਸਮ ਦੀ ਕਠਿਨਾਈ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਡਿਪਟੀ ਕਮਿਸ਼ਨਰ ਨਕਿਹਾ ਕਿ ਐਕਟ ਪ੍ਰਤੀ ਸਮੂਹ ਅਧਿਕਾਰੀਆਂ ਦਾ ਸੂਚਨਾ ਦਾ ਅਧਿਕਾਰ ਐਕਟ ਤੋਂ ਪੂਰੀ ਤਰ੍ਹਾਂ ਜਾਗਰੂਕ ਹੋਣਾ ਅਤਿ ਜਰੂਰੀ ਹੈ, ਇਸ ਲਈ ਇਹ ਸਿਖਲਾਈ ਪ੍ਰੋਗਰਾਮ ਅਧਿਕਾਰੀਆਂ ਨੂੰ ਵਿਸਥਾਰ ਵਿੱਚ ਟਰੇਨਿੰਗ ਦੇ ਕੇ ਜਿਥੇ ਉਨ੍ਹਾਂ ਦੇ ਗਿਆਨ ਵਿੱਚ ਵਾਧਾ ਕਰੇਗਾ ਉਥੇ ਉਨ੍ਹਾਂ ਦੀ ਕੰਮ ਕਰਨ ਦੀ ਸਮਰੱਥਾ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਇਹ ਸਿਖਲਾਈ ਪ੍ਰੋਗਰਾਮ ਕਰਵਾਉਣ ਲਈ ਵਿਸ਼ੇਸ ਤੌਰ 'ਤੇ ਮੈਗਸੀਪਾ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਪ੍ਰੋਗਰਾਮ ਨਾਲ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਸੂਚਨਾ ਦੇ ਅਧਿਕਾਰ ਐਕਟ ਨਾਲ ਜੁੜੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮ ਵਿੱਚ ਪਾਰਦਰਸ਼ਤਾ ਆਵੇਗੀ ਅਤੇ ਉਨ੍ਹਾਂ ਦੀ ਪ੍ਰਬੰਧਕੀ ਕੰਮਾਂ ਵਿੱਚ ਜਵਾਬਦੇਹੀ ਵਧੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮੈਗਸੀਪਾ ਵੱਲੋਂ ਕਰਵਾਏ ਜਾਣ ਵਾਲੇ ਅਜਿਹੇ ਸਿਖਲਾਈ ਪ੍ਰੋਗਰਾਮਾਂ ਨਾਲ ਸਰਕਾਰੀ ਵਿਭਾਗਾਂ ਦੇ ਕੰਮ ਵਿੱਚ ਹੋਰ ਵਧੇਰੇ ਤੇਜੀ ਆਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਆਪੋ ਆਪਣੇ ਦਫ਼ਤਰਾਂ ਦੇ ਰਿਕਾਰਡ ਨੂੰ ਪੂਰੀ ਤਰ੍ਹਾਂ ਤਰਤੀਬ ਅਨੁਸਾਰ ਰੱਖਣ ਤਾਂ ਜੋ ਸੂਚਨਾ ਦਾ ਅਧਿਕਾਰ ਐਕਟ ਸਬੰਧੀ ਮੰਗੀ ਗਈ ਸੂਚਨਾ ਮੁਹੱਈਆ ਕਰਵਾਉਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਨੂੰਨ ਵਿਭਾਗ ਦੇ ਪ੍ਰੋਫੈਸਰ ਪਰਮਜੀਤ ਸਿੰਘ ਨੇ ਸੂਚਨਾ ਦਾ ਅਧਿਕਾਰ ਐਕਟ ਅਤੇ ਆਮ ਲੋਕਾਂ ਦੀ ਜਿੰਦਗੀ ਵਿੱਚ ਇਸ ਦੀ ਸੰਵਿਧਾਨਕ ਮਹੱਤਤਾ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸੂਚਨਾ ਦਾ ਅਧਿਕਾਰ ਐਕਟ-2005 ਦੇ ਲਾਗੂ ਹੋਣ ਨਾਲ ਸਰਕਾਰੀ ਵਿਭਾਗਾਂ ਦੇ ਕੰਮ ਵਿੱਚ ਇੱਕ ਕ੍ਰਾਂਤੀਕਾਰੀ ਬਦਲਾਅ ਆਇਆ ਹੈ। ਜਦੋਂ ਕਿ ਸ੍ਰੀ ਡੀ.ਸੀ. ਗੁਪਤਾ ਅਤੇ ਸ੍ਰੀ ਪੂਰਨ ਚੰਦ ਅਰੋੜਾ ਨੇ ਆਰ.ਟੀ.ਆਈ. ਐਕਟ ਨੂੰ ਪਬਲਿਕ ਫਰੈਂਡਲੀ ਦੱਸਦਿਆਂ ਕਿਹਾ ਕਿ ਇਹ ਸਿਖਲਾਈ ਪ੍ਰੋਗਰਾਮ ਸਰਕਾਰੀ ਕੰਮ ਕਾਰ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ। ਇਸ ਮੌਕੇ ਵੱਖ-ਵੱਖ ਮਾਹਰਾਂ ਨੇ ਪ੍ਰੋਗਰਾਮ ਵਿੱਚ ਸ਼ਾਮਲ ਪੀ.ਆਈ.ਓਜ਼ ਤੇ ਏ.ਪੀ.ਆਈ.ਓਜ਼ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।
ਇਸ ਮੌਕੇ ਮੈਗਸੀਪਾ ਦੇ ਕੋਰਸ ਡਾਇਰੈਕਟਰ ਸ੍ਰੀ ਜਰਨੈਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਮੈਗਸੀਪਾ ਵੱਲੋਂ ਸੂਚਨਾ ਦਾ ਅਧਿਕਾਰ ਐਕਟ-2005 ਬਾਰੇ ਅਜਿਹੇ ਸਿਖਲਾਈ ਪ੍ਰੋਗਰਾਮ ਵੱਖ-ਵੱਖ ਜ਼ਿਲ੍ਹਿਆਂ ਤੇ ਸਬ ਡਵੀਜ਼ਨ ਪੱਧਰ 'ਤੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸੰਸਥਾ ਦੇ ਮੁਖੀ ਸਪੈਸ਼ਲ ਮੁੱਖ ਸਕੱਤਰ-ਕਮ-ਡਾਇਰੈਕਟਰ ਜਨਰਲ ਸ੍ਰੀ ਸਰਵੇਸ਼ ਕੌਸ਼ਲ ਤੇ ਪ੍ਰਿੰਸੀਪਲ ਸਕੱਤਰ-ਕਮ-ਡਾਇਰੈਕਟਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ ਦੀ ਅਗਵਾਈ ਹੇਠ ਹਰ ਸਾਲ 150 ਇੰਨ ਸਰਵਿਸ ਟਰੇਨਿੰਗ ਪ੍ਰੋਗਰਾਮ ਕਰਵਾਏ ਜਾਂਦੇ ਹਨ ਜਿਨ੍ਹਾਂ ਰਾਹੀਂ ਐਕਟ ਨਾਲ ਜੁੜੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਐਕਟ ਵਿੱਚ ਹੋਈਆਂ ਨਵੀਂਆਂ ਸੋਧਾਂ ਬਾਰੇ ਸਿਖਲਾਈ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਸਰਕਾਰੀ ਸੇਵਾ ਵਿੱਚ ਆਏ ਨਵੇਂ ਆਈ.ਏ.ਐਸ. ਤੇ ਸਿਵਲ ਸਰਵਿਸਿਜ਼ ਦੇ ਅਧਿਕਾਰੀਆਂ ਲਈ ਵੀ ਟਰੇਨਿੰਗ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ। ਇਸ ਮੌਕੇ ਸ੍ਰੀ ਅਮਰਜੀਤ ਸਿੰਘ ਸੋਢੀ, ਪ੍ਰੋਜੈਕਟ ਡਾਇਰੈਕਟਰ ਮੈਗਸੀਪਾ ਖੇਤਰੀ ਕੇਂਦਰ ਪਟਿਆਲਾ ਨੇ ਵੀ ਦੋ ਰੋਜਾ ਸਿਖਲਾਈ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ।