ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ਼੍ਰੀ ਰਾਮਵੀਰ ਤੇ ਹਾਜ਼ਰ ਵਿਭਾਗੀ ਅਧਿਕਾਰੀ।
ਗੁਰਿੰਦਰ ਸਿੰਘ
ਫ਼ਿਰੋਜ਼ਪੁਰ, 18 ਅਗਸਤ, 2017 : ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਆਈ.ਏ.ਐਸ ਵੱਲੋਂ ਜ਼ਿਲ੍ਹੇ ਦੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਭਾਗ ਦੇ ਕੰਮਾਂ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਵਿਭਾਗ ਦੇ ਵੱਖ-ਵੱਖ ਕੰਮਾਂ ਅਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ।
ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਮੀਟਿੰਗ ਮੌਕੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਮਾਂਬੰਦੀ ਅਤੇ ਨਿਸ਼ਾਨਦੇਹੀ ਦੇ ਮਾਮਲਿਆਂ ਨੂੰ ਸਮੇਂ ਸਿਰ ਨਿਪਟਾਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਮਾਲ ਅਫ਼ਸਰਾਂ ਨੂੰ ਪਟਵਾਰੀਆਂ ਦੇ ਰਿਕਾਰਡ ਦੀ ਸਮੇਂ-ਸਮੇਂ 'ਤੇ ਚੈਕਿੰਗ ਕਰਨ ਲਈ ਕਿਹਾ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਕੁਤਾਹੀ ਨਾ ਹੋਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਆਨਲਾਈਨ ਸੁਵਿਧਾਵਾਂ ਪ੍ਰਾਪਤ ਕਰਵਾਈਆਂ ਜਾਣ ਤਾਂ ਜੋ ਲੋਕਾਂ ਦੇ ਕੰਮ ਜਲਦੀ ਅਤੇ ਆਸਾਨੀ ਨਾਲ ਹੋ ਸਕਣ। ਉਨ੍ਹਾਂ ਵਿਭਾਗ ਦੀਆਂ ਸ਼ਿਕਾਇਤਾਂ ਅਤੇ ਆਰ.ਟੀ.ਆਈ ਦੀਆ ਦਰਖਾਸਤਾਂ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਜਲਦੀ ਕਰਨ ਲਈ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਮਾਲ ਵਿਭਾਗ ਦੇ ਕੰਮਾਂ, ਬੈਂਕ ਕਰਜ਼ਿਆਂ ਦੀ ਰਿਕਵਰੀ, ਆਬਿਆਨਾ, ਚੌਕੀਦਾਰਾ, ਖ਼ਾਨਗੀ ਤਕਸੀਮਾਂ, ਇੰਤਕਾਲ ਆਦਿ ਕੰਮਾਂ ਦੀ ਸਮੀਖਿਆ ਵੀ ਕੀਤੀ।
ਉਨ੍ਹਾਂ ਨੇ ਸਮੂਹ ਮਾਲ ਵਿਭਾਗ ਅਧਿਕਾਰੀਆਂ ਨੂੰ ਵੱਖ-ਵੱਖ ਵਿਭਾਗਾਂ ਦੇ ਲੋਕਾਂ ਜਾਂ ਅਦਾਰਿਆਂ ਵੱਲ ਲੰਬਿਤ ਪਏ ਬਕਾਇਆ ਕਰਜ਼ਿਆਂ ਅਤੇ ਮਾਰਕੀਟ ਫ਼ੀਸਾਂ ਦੀ ਵਸੂਲੀ ਤੁਰੰਤ ਕਰਵਾਉਣ ਦੇ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਾਉਣ ਲਈ ਬਣਾਏ ਗਏ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਮਿਥੇ ਸਮੇਂ ਵਿਚ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਲੋਕਾਂ ਨੂੰ ਮਾਲ ਵਿਭਾਗ ਦੇ ਕੰਮਾਂ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਬੰਧਿਤ ਅਧਿਕਾਰੀ ਇਸ ਕੰਮ ਵਿਚ ਕੋਤਾਹੀ ਕਰੇਗਾ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਨੀਤ ਕੁਮਾਰ, ਸਹਾਇਕ ਕਮਿਸ਼ਨਰ ਰਣਜੀਤ ਸਿੰਘ, ਹਰਜੀਤ ਸਿੰਘ ਐਸ.ਡੀ.ਐਮ, ਗੁਰਜੰਟ ਸਿੰਘ ਜੀ.ਐਮ ਇੰਡਸਟਰੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।