ਦੇਵਾ ਨੰਦ ਸ਼ਰਮਾ
ਫ਼ਰੀਦਕੋਟ, 22 ਅਗਸਤ, 2017 : ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪਰਾਸ਼ਰ ਅਤੇ ਸੀਨੀਅਰ ਪੁਲਿਸ ਕਪਤਾਨ ਡਾ. ਨਾਨਕ ਸਿੰਘ ਨੇ ਅੱਜ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਇਕ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਸਾਰੇ ਅਸਲਾ ਡੀਲਰਾਂ ਦੀਆਂ ਦੁਕਾਨਾਂ ਨੂੰ ( 23 ਅਗਸਤ ) ਤੋਂ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਹਥਿਆਰਾਂ ਨੂੰੇ ਲੈ ਕੇ ਚੱਲਣ ਤੇ ਪਾਬੰਦੀ ਦੇ ਆਦੇਸ਼ ਵੀ ਜਾਰੀ ਕੀਤੇ ਹਨ। ਇਹ ਆਦੇਸ਼ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ। ਉਨ੍ਹਾਂ ਐਸ.ਡੀ.ਐਮਜ਼ ਨੂੰ ਆਪਣੇ ਪੱਧਰ 'ਤੇ ਸ਼ਾਂਤੀ ਬਣਾਈ ਰੱਖਣ ਸਬੰਧੀ ਮੀਟਿੰਗਾਂ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸੋਸ਼ਲ ਮੀਡੀਆ 'ਤੇ ਕਿਸੇ ਵੀ ਤਰ੍ਹਾਂ ਦੀ ਗਲਤ ਅਫਵਾਹ ਨਾ ਫੈਲਾਈ ਜਾਵੇ।
25 ਅਗਸਤ ਨੂੰ ਡੇਰਾ ਸੱਚਾ ਸੌਦਾ ਮੁੱਖੀ ਦੇ ਮਾਮਲੇ ਦੇ ਫੈਸਲੇ ਦੀ ਸੁਣਵਾਈ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵੱਲੋਂ ਜਿੰਨ੍ਹਾਂ ਅਧਿਕਾਰੀਆਂ ਨੂੰ ਕਾਰਜਕਾਰੀ ਮੈਜਿਸਟ੍ਰੇਟਾਂ ਦੀਆਂ ਸ਼ਕਤੀਆਂ ਦਿੱਤੀਆਂ ਗਈਆਂ ਹਨ ਨੂੰ ਕਿਵੇਂ ਅਮਲ ਵਿਚ ਲਿਆਉਣ, ਹੰਗਾਮੀ ਹਾਲਤਾਂ ਦੌਰਾਨ ਨਜਿੱਠਣ ਆਦਿ ਲਈ ਵਿਸਥਾਰ ਸਹਿਤ ਦੱਸਿਆ। ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਐਮਰਜੰਸੀ ਦੌਰਾਨ ਸਿਹਤ ਸੁਵਿਧਾਵਾਂ ਦੇਣ ਵਿੱਚ ਕੋਈ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਪਹਿਲਾਂ ਹੀ ਮਾਹਰ ਡਾਕਟਰ ਅਤੇ ਦਵਾਈਆਂ ਆਦਿ ਦਾ ਪੁਖਤਾ ਪ੍ਰਬੰਧ ਕਰ ਲੈਣ ਤਾਂ ਜੋ ਲੋੜ ਪੈਣ 'ਤੇ ਸਿਹਤ ਸੁਵਿਧਾਵਾਂ ਦਿੱਤੀਆਂ ਜਾ ਸਕਣ। ਉਨ੍ਹਾਂ ਸਰਕਾਰੀ ਐਂਬੂਲੈਂਸ ਦੇ ਨਾਲ-ਨਾਲ ਪ੍ਰਾਈਵੇਟ ਐਂਬੂਲੈਂਸ ਤੇ ਲੋੜੀਂਦੇ ਸਟਾਫ ਆਦਿ ਦੇ ਪ੍ਰਬੰਧ ਮੁਕੰਮਲ ਕਰ ਲਏ ਜਾਣ ਦੀ ਵੀ ਹਦਾਇਤ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਪੇਂਡੂ ਖੇਤਰ 'ਚ ਵੀ ਡਾਕਟਰ ਅਤੇ ਦਵਾਈਆਂ ਆਦਿ ਦੇ ਪ੍ਰਬੰਧ ਕੀਤੇ ਜਾਣ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਣੀ ਡਿਉਟੀ ਪ੍ਰਤੀ ਅਣਗਹਿਲੀ ਨਾ ਵਰਤਣ ਅਤੇ ਕਿਸੇ ਵੀ ਅਧਿਕਾਰੀ ਨੂੰ ਛੁੱਟੀ ਨਾ ਲੈਣ ਅਤੇ ਆਪਣਾ ਹੈਡਕੁਆਟਰ ਨਾ ਛੱਡਣ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸ਼ਾਂਤੀ ਬਣਾਏ ਰੱਖਣ ਅਤੇ ਸੋਸ਼ਲ ਮੀਡੀਆ 'ਤੇ ਕਿਸੇ ਵੀ ਤਰ੍ਹਾਂ ਦੀ ਗਲਤ ਅਫਵਾਹ ਨਾ ਫੈਲਾਉਣ ਦੀ ਅਪੀਲ ਕੀਤੀ।
ਇਸ ਮੌਕੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਪੁਿਲਸ ਵੱਲੋਂ ਲੋਕਾਂ ਦੀਆਂ ਸੁਰੱਖਿਆਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਜਿਸ ਲਈ ਜ਼ਿਲ੍ਹੇ 'ਚ ਪੈਰਾ ਮਿਲਟਰੀ ਫੌਰਸ ਦੀ ਤੈਨਾਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਸਭ ਕੁਝ ਲੋਕਾਂ 'ਚ ਸੁਰੱਖਿਆ ਦੀ ਭਾਵਨਾ ਬਣੀ ਰਹੇ ਕਿ ਅਸੀਂ ਸੁਰੱਖਿਅਤ ਹਾਂ ਲਈ ਕੀਤਾ ਜਾ ਰਿਹਾ ਹੈ।
ਇਸ ਮੌਕੇ ਐਸ.ਡੀ.ਐਮ ਫਰੀਦਕੋਟ ਸ. ਗੁਰਜੀਤ ਸਿੰਘ, ਐਸ.ਡੀ.ਐਮ ਕੋਟਕਪੂਰਾ/ਜੈਤੋ ਡਾ. ਮਨਦੀਪ ਕੌਰ ਸਹਾਇਕ ਕਮਿਸ਼ਨਰ (ਜ) ਸ. ਜਗਜੀਤ ਸਿੰਘ ਜੌਹਲ, ਡਾ. ਸੰਜੀਵ ਸੇਠੀ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀ:) ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।