← ਪਿਛੇ ਪਰਤੋ
ਜਗਦੀਸ਼ ਥਿੰਦ ਫਾਜ਼ਿਲਕਾ, 23 ਅਕਤੂਬਰ, 2017 : ਜ਼ਮੀਨ ਤੋਂ ਫਸਲਾਂ ਦਾ ਵੱਧ ਝਾੜ ਪ੍ਰਾਪਤ ਕਰਨ ਲਈ ਜ਼ਮੀਨ ਦਾ ਉਪਜਾਊ ਹੋਣਾ ਬਹੁਤ ਜ਼ਰੂਰੀ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਝੋਨੇ-ਕਣਕ ਦੀ ਰਹਿੰਦ-ਖੂਹਿੰਦ ਨੂੰ ਅੱਗ ਨਾ ਲਗਾ ਕੇ ਬਰਕਰਾਰ ਰੱਖੀ ਜਾ ਸਕਦੀ ਹੈ। ਇਹ ਜਾਣਕਾਰੀ ਅਗਾਂਹਵਧੂ ਕਿਸਾਨ ਪ੍ਰੀਤਮ ਸਿੋੰਘ ਨੇ ਦਿੱਤੀ। ਪ੍ਰੀਤਮ ਸਿੰਘ ਨੇ ਦੱਸਿਆ ਕਿ ਉਹ ਗੋਬਿੰਦਗੜ੍ਹ ਦਾ ਵਸਨੀਕ ਹੈ ਅਤੇ ਉਸ ਕੋਲ ਕੁੱਲ 10 ਏਕੜ ਜ਼ਮੀਨ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ 5 ਏਕੜ ਵਿੱਚ ਨਰਮੇ ਦੀ ਬਿਜਾਈ ਕੀਤੀ ਹੈ ਅਤੇ 5 ਏਕੜ ਵਿੱਚ ਝੋਨੇ ਦੀ ਬਿਜਾਈ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਖੇਤੀਬਾੜੀ ਵਿਭਾਗ ਦੀਆਂ ਸ਼ਿਫਾਰਸਾਂ ਅਨੁਸਾਰ ਹੀ ਖੇਤੀ ਕਰਦਾ ਹੈ ਅਤੇ ਖੇਤੀਬਾੜੀ ਨਾਲ ਸਬੰਧਤ ਹਰ ਕੈਂਪ ਵਿੱਚ ਹਾਜ਼ਰ ਹੁੰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਉਨ੍ਹਾਂ ਨੇ ਆਪਣੇ ਖੇਤ ਵਿੱਚ ਕਦੇ ਵੀ ਕਣਕ ਜਾਂ ਝੋਨੇ ਦੀ ਰਹਿੰਦ-ਖੂਹਿੰਦ ਨੂੰ ਅੱਗ ਨਹੀਂ ਲਗਾਈ ਸਗੋਂ ਉਨ੍ਹਾਂ ਨੂੰ ਖੇਤੀਬਾੜੀ ਦੇ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਜ਼ਮੀਨ ਵਿੱਚ ਹੀ ਗਾਲ ਦਿੰਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਕੁਝ ਪਰਾਲੀ ਨੂੰ ਇਕੱਠਾ ਕਰਕੇ ਉਹ ਆਪਣੇ ਪਸ਼ੂਆਂ ਨੂੰ ਠੰਢ ਤੋਂ ਬਚਾਉਣ ਲਈ ਵਰਤਦਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਇਲਾਕੇ ਦੇ ਹੋਰ ਕਿਸਾਨਾਂ ਨੂੰ ਅੱਗ ਨਾ ਲਾਉਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਵਾਲੇ ਮਿੱਤਰ ਕੀੜੇ ਅੱਗ ਦੀ ਲਪੇਟ ਵਿੱਚ ਆ ਕੇ ਮਰ ਜਾਂਦੇ ਹਨ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਅਤੇ ਫਸਲਾਂ ਦਾ ਝਾੜ ਘੱਟ ਨਿਕਲਦਾ ਹੈ। ਉਨ੍ਹਾਂ ਨੇ ਆਪਣੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਆਪਣੀਆਂ ਫਸਲਾਂ ਨੂੰ ਅੱਗ ਨਾ ਲਗਾਉਣ ਅਤੇ ਜ਼ਮੀਨ ਦੀ ਸ਼ਕਤੀ ਨੂੰ ਬਰਕਰਾਰ ਰੱਖਣ।
Total Responses : 936