ਜਗਦੀਸ਼ ਥਿੰਦ
ਫਾਜ਼ਿਲਕਾ 15 ਨਵੰਬਰ 2017 :
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚੱਲ ਰਹੀ ਕਨੈਕਟਿੰਗ ਟੂ ਸਰਵ ਮੁਹਿੰਮ ਤਹਿਤ ਗਰੀਬਤ ਤੇ ਲੋੜਵੰਦ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ 17 ਨਵੰਬਰ ਨੂੰ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਸ਼ਿਰਕਤ ਕਰਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 9 ਨਵੰਬਰ ਤੋਂ ਚੱਲ ਰਹੀ ਕਨੈਕਟਿੰਗ ਟੂ ਸਰਵ ਮੁਹਿੰਮ ਤਹਿਤ 17 ਨਵੰਬਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਜੋਧਾ ਬੰਧਨੀ, ਵੈਰੋ ਕੇ, ਲੱਧੂ ਵਾਲਾ ਉਤਾੜ, ਖੂਈਆ ਸਰਵਰ, ਸੀਤੋ ਗੁੰਨੋ, ਬੱਲੂਆਣਾ, ਨਿਹਾਲ ਖੇੜਾ, ਅਰਨੀ ਵਾਲਾ, ਆਸਫ ਵਾਲਾ, ਮੰਡੀ ਲਾਧੂਕਾ, ਮੌਜਮ ਅਤੇ ਸ਼ਤੀਰ ਵਾਲਾ ਵਿਖੇ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਕੇ.ਕੇ. ਬਾਂਸਲ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਲੋਕਾਂ ਵਿੱਚ ਕਾਨੂੰਨੀ ਜਾਗਰੂਕਤਾ ਵਧਾਉਣ ਦਾ ਹਰ ਸੰਭਵ ਉਪਰਾਲਾ ਕਰ ਰਹੀ ਹੈ ਤਾਂ ਜੋ ਲੋਕ ਆਪਣੇ ਕਾਨੂੰਨੀ ਹੱਕਾ ਤੋਂ ਵਾਂਝੇ ਨਾ ਰਹਿ ਜਾਣ। ਉਨ੍ਹਾਂ ਇਹ ਵੀ ਦੱਸਿਆ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 1,50,000/- ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਮੁਫ਼ਤ ਕਾਨੂੰਨੀ ਸੇਵਾ ਵਿੱਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ।