ਫਿਰੋਜ਼ਪੁਰ 21 ਅਪ੍ਰੈਲ 2018 (ਗੁਰਿੰਦਰ ਸਿੰਘ): ਕਣਕ ਦੀ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਵਿਚ ਹੋਰ ਤੇਜ਼ੀ ਲਿਆਉਣ ਦੇ ਮਨੋਰਥ ਨਾਲ ਡਿਪਟੀ ਕਮਿਸ਼ਨਰ ਰਾਮਵੀਰ ਆਈਏਐੱਸ. ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਫ਼ਿਰੋਜ਼ਪੁਰ ਛਾਉਣੀ, ਗੁਰੂਹਰਸਹਾਏ ਅਤੇ ਮਮਦੋਟ ਆਦਿ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਕਣਕ ਦੀ ਆਮਦ, ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾਣ ਵਾਲੀ ਖ਼ਰੀਦ, ਬਾਰਦਾਨੇ, ਨਮੀ ਦੀ ਮਾਤਰਾ, ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਹੂਲਤਾਂ, ਕਣਕ ਦੀ ਚੁਕਾਈ ਆਦਿ ਬਾਰੇ ਅਧਿਕਾਰੀਆਂ ਤੋਂ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ 128 ਮੰਡੀਆਂ ਵਿਚ ਖ਼ਰੀਦ ਲਈ ਪੁੱਜੀ ਕਣਕ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਨਾਲੋਂ ਨਾਲ ਖ਼ਰੀਦ ਅਤੇ ਲਿਫ਼ਟਿੰਗ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸਮੇਂ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਅਤੇ ਅਦਾਇਗੀ ਨਾਲੋ-ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ਸਲ ਦੀ ਲਿਫ਼ਟਿੰਗ ਲਈ ਟਰਾਂਸਪੋਰਟ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਅਤੇ ਇਸ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਬਾਰਦਾਨਾ ਵੀ ਨਿਸ਼ਚਿਤ ਸਮੇਂ ਅੰਦਰ ਪਹੁੰਚਾਇਆ ਜਾ ਰਿਹਾ ਹੈ ਅਤੇ ਬਾਰਦਾਨੇ ਦੀ ਮੰਡੀਆਂ ਵਿੱਚ ਕੋਈ ਘਾਟ ਨਹੀਂ ਹੈ। ਉਨ੍ਹਾਂ ਦੱਸਿਆ ਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਦੀ ਫ਼ਸਲ ਮੰਡੀ ਵਿਚ ਆਉਣ ਤੋਂ ਬਾਅਦ ਤੁਰੰਤ ਉਸ ਦੀ ਸਫ਼ਾਈ ਕਰਵਾ ਕੇ ਬਿਨਾਂ ਦੇਰੀ ਭਾਅ ਲਗਾ ਕੇ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ ਜਿਸ ਕਾਰਨ ਕਿਸਾਨ ਕਾਫ਼ੀ ਖ਼ੁਸ਼ ਨਜ਼ਰ ਆ ਰਹੇ ਹਨ।
ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਸਮੁੱਚੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੇ ਸਮੂਹ ਐੱਸਡੀਐੱਮ, ਤਹਿਸੀਲਦਾਰਾਂ, ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕੁਝ ਮੰਡੀਆਂ ਵਿਚ ਕਣਕ ਦੀ ਢਿੱਲੀ ਲਿਫ਼ਟਿੰਗ ਦਾ ਸਖ਼ਤ ਨੋਟਿਸ ਲੈਂਦਿਆਂ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਲਿਫ਼ਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਲਿਫ਼ਟਿੰਗ ਦੇ ਕੰਮ ਵਿੱਚ ਕੁਤਾਹੀ ਕਰਨ ਵਾਲੇ ਠੇਕੇਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਮੂਹ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਖ਼ਰੀਦੀ ਗਈ ਕਣਕ ਦੀ ਅਦਾਇਗੀ ਵੀ ਕਿਸਾਨਾਂ ਨੂੰ ਨਾਲੋ-ਨਾਲ ਕੀਤੀ ਜਾਵੇ। ਇਸ ਮੌਕੇ ਹਰਜੀਤ ਸਿੰਘ ਸੰਧੂ ਐੱਸਡੀਐੱਮ ਫ਼ਿਰੋਜ਼ਪੁਰ, ਚਰਨਦੀਪ ਸਿੰਘ ਐੱਸਡੀਐੱਮ. ਗੁਰੂਹਰਸਹਾਏ, ਅਮਿਤ ਗੁਪਤਾ ਐੱਸਡੀਐੱਮ ਜ਼ੀਰਾ, ਬਲਰਾਜ ਸਿੰਘ ਡੀਐੱਫਐੱਸਸੀ, ਮਨਜੀਤ ਸਿੰਘ ਤਹਿਸੀਲਦਾਰ ਫ਼ਿਰੋਜ਼ਪੁਰ, ਬੇਅੰਤ ਸਿੰਘ ਤਹਿਸੀਲਦਾਰ ਜ਼ੀਰਾ, ਪਵਨ ਕੁਮਾਰ ਗੁਲਾਟੀ ਤਹਿਸੀਲਦਾਰ ਗੁਰੂਹਰਸਹਾਏ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤਾਂ ਵਿੱਚ ਹੀ ਵਾਹੁਣ ਨੂੰ ਤਰਜੀਹ ਦੇਣ ਕਿਉਂਕਿ ਇਸ ਤਰ੍ਹਾਂ ਕਰਨ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਇੱਕ ਤਾਂ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਦੂਸਰਾ ਕਈ ਤਰ੍ਹਾਂ ਦੀਆਂ ਦੁਰਘਟਨਾਵਾਂ ਵੀ ਵਾਪਰਦੀਆਂ ਹਨ।