ਵਿਧਾਇਕ ਕਾਕਾ ਰਣਦੀਪ ਸਿੰਘ, ਮਿਲਨ ਪੈਲੇਸ ਅਮਲੋਹ ਵਿਖੇ ਹਲਕੇ ਦੇ ਕਿਸਾਨਾਂ ਨੂੰ ਕਰਜਾ ਮੁਆਫੀ ਦੇ ਸਰਟੀਫਿਕੇਟ ਵੰਡਦੇ ਹੋਏ।
ਅਮਲੋਹ, 26 ਮਈ:- ( ਦੀਦਾਰ ਗੁਰਨਾ ) ਕਾਂਗਰਸ ਪਾਰਟੀ ਨੇ ਹਮੇਸ਼ਾਂ ਕਿਸਾਨਾਂ ਦਾ ਸਾਥ ਦਿੱਤਾ ਹੈ ਅਤੇ ਅੱਜ ਵੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਜੋ ਕਿਸਾਨਾਂ ਨਾਲ ਕਰਜਾ ਮੁਆਫੀ ਦਾ ਵਾਅਦਾ ਕੀਤਾ ਸੀ ਉਸ ਨੂੰ ਪੂਰਾ ਕਰਕੇ ਵਿਖਾਇਆ ਹੈ ਅਤੇ ਕੈਪਟਨ ਸਰਕਾਰ ਵੱਲੋਂ ਕੀਤੀ ਗਈ ਕਿਸਾਨ ਕਰਜਾ ਮੁਆਫੀ ਹੋਰਨਾ ਰਾਜਾਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਮਿਲਨ ਪੈਲੇਸ ਅਮਲੋਹ ਵਿਖੇ ਸਹਿਕਾਰੀ ਬੈਂਕਾਂ ਤੋਂ ਕਰਜ਼ਾ ਲੈਣ ਵਾਲੇ ਢਾਈ ਏਕੜ ਤੋਂ ਘੱਟ ਜਮੀਨ ਦੇ ਮਾਲਕ 205 ਕਿਸਾਨਾਂ ਨੂੰ 2 ਕਰੋੜ 25 ਲੱਖ ਰੁਪਏ ਦੇ ਕਰਜਾ ਮੁਆਫੀ ਦੇ ਸਰਟੀਫਿਕੇਟ ਵੰਡਣ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਮਲੋਹ ਹਲਕੇ ਦੇ ਲਗਭਗ 2000 ਕਿਸਾਨ ਜੋ ਕਿ ਢਾਈ ਏਕੜ ਜਮੀਨ ਦੇ ਮਾਲਕ ਹਨ, ਉਨ੍ਹਾਂ ਨੂੰ ਸਰਕਾਰ ਦੀ ਕਰਜਾ ਮੁਆਫੀ ਸਕੀਮ ਦਾ ਲਾਭ ਮਿਲ ਚੁੱਕਾ ਹੈ ਅਤੇ ਜੇਕਰ ਕੋਈ ਕਿਸਾਨ ਇਸ ਸਕੀਮ ਦੇ ਲਾਭ ਤੋਂ ਵਾਂਝਾ ਰਹਿ ਗਿਆ ਤਾਂ ਉਸ ਨੂੰ ਵੀ ਇਸ ਸਕੀਮ ਦਾ ਲਾਭ ਦਿੱਤਾ ਜਾਵੇਗਾ।
ਵਿਧਾਇਕ ਰਣਦੀਪ ਸਿੰਘ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਨੇ ਦੇਸ਼ ਦੇ ਅੰਨ ਭੰਡਾਰ ਭਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ ਅਤੇ ਹੁਣ ਲੋੜ ਹੈ ਕਿ ਅਸੀਂ ਸਾਰੇ ਦੇਸ਼ ਦੇ ਅੰਨਦਾਤਾ ਕਿਸਾਨ ਦਾ ਮੁਸ਼ਕਲ ਦੀ ਇਸ ਘੜੀ ਵਿੱਚ ਹੱਥ ਫੜ ਕੇ ਉਸ ਦੀ ਮਦਦ ਕਰਨ ਲਈ ਅੱਗੇ ਆਈਏ ਕਿਉਂਕਿ ਜੇਕਰ ਕਿਸਾਨ ਖੁਸ਼ਹਾਲ ਹੋਵੇਗਾ ਤਾਂ ਹੀ ਦੇਸ਼ ਖੁਸ਼ਹਾਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਦਾ ਦੇਸ਼ ਦੀ ਆਰਥਿਕਤਾ ਵਿੱਚ ਵੱਡਾ ਯੋਗਦਾਨ ਰਿਹਾ ਹੈ ਅਤੇ ਜੇਕਰ ਸਾਡੇ ਕਿਸਾਨ ਖੁਸ਼ਹਾਲ ਹੋਣਗੇ ਤਾਂ ਹੀ ਸਾਡੀ ਆਰਥਿਕਤਾ ਮਜਬੂਤ ਹੋਵੇਗੀ। ਉਨ੍ਹਾਂ ਹੋਰ ਕਿਹਾ ਕਿ 1 ਜੂਨ ਤੋਂ ਸਰਕਾਰ ਵੱਲੋਂ 5 ਏਕੜ ਤੱਕ ਜਮੀਨ ਦੇ ਮਾਲਕ ਕਿਸਾਨਾਂ ਦਾ 2 ਲੱਖ ਰੁਪਏ ਤੱਕ ਕਰਜਾ ਮੁਆਫ ਕਰਨ ਦੀ ਪ੍ਰਕ੍ਰਿਆ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਤਹਿਤ ਅਮਲੋਹ ਹਲਕੇ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਲਾਭ ਮਿਲੇਗਾ।
ਪੱਤਰਕਾਰਾਂ ਵੱਲੋਂ ਦੰਘੇੜੀ ਤੇ ਭੱਦਲਥੂਹਾ ਵਿਖੇ 33 ਏਕੜ ਰਕਬੇ ਵਿੱਚ ਕਿਸਾਨਾਂ ਦੀ ਕਣਕ ਦੀ ਫਸਲ ਨੂੰ ਅੱਗ ਲੱਗਣ ਸਬੰਧੀ ਮੁਆਵਜਾ ਦੇਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਵਿਧਾਇਕ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਦੀ ਰੀਰੋਲਿੰਗ ਮਿਲ ਐਸੋਸੀਏਸ਼ਨ ਵੱਲੋਂ ਪ੍ਰਧਾਨ ਵਿਨੋਦ ਵਸ਼ਿਸ਼ਟ ਅਤੇ ਜਨਰਲ ਸਕੱਤਰ ਹਰਮੇਸ਼ ਜੈਨ ਦੀ ਅਗਵਾਈ ਹੇਠ ਜੋ ਪੰਜ ਲੱਖ ਰੁਪਏ ਦਾ ਫੰਡ ਇਕੱਤਰ ਕੀਤਾ ਗਿਆ ਹੈ। ਉਸ ਨਾਲ 31 ਮਈ ਨੂੰ ਨਗਰ ਕੌਂਸਲ ਦੇ ਦਫ਼ਤਰ ਵਿਖੇ ਪੀੜ੍ਹਤ ਕਿਸਾਨਾਂ ਨੂੰ 8 ਹਜਾਰ ਰੁਪਏ ਪ੍ਰਤੀ ਏਕੜ ਸਰਕਾਰ ਵੱਲੋਂ ਅਤੇ 16 ਹਜਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਐਸੋਸੀਏਸ਼ਨ ਵੱਲੋਂ ਮੁਆਵਜਾ ਦਿੱਤਾ ਜਾਵੇਗਾ।
ਇਸ ਮੌਕੇ ਐਸ.ਡੀ.ਐਮ. ਜਸਪ੍ਰੀਤ ਸਿੰਘ, ਡੀ.ਆਰ. ਅਨਿਲ ਕੁਮਾਰ, ਏ.ਆਰ. ਬਲਵੀਰ ਸਿੰਘ, ਬਲਾਕ ਕਾਂਗਰਸ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਰਜਿੰਦਰ ਬਿੱਟੂ, ਡਾ. ਮਨਮੋਹਣ ਕੌਸ਼ਲ, ਜੋਗਿੰਦਰ ਸਿੰਘ ਨਰਾਇਣਗੜ੍ਹ, ਸ਼੍ਰੀ ਰਾਮਕ੍ਰਿਸ਼ਨ ਭੱਲਾ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ, ਸਹਿਕਾਰਤਾ ਵਿਭਾਗ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ।