ਫ਼ਤਿਹਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਕਾਂਗਰਸ ਦੇ ਸਕੱਤਰ ਬਲਵਿੰਦਰ ਮਾਵੀ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਪਰਮਵੀਰ ਸਿੰਘ ਟਿਵਾਣਾ ਤੇ ਹੋਰ
ਫ਼ਤਹਿਗੜ੍ਹ ਸਾਹਿਬ, 20 ਜੂਨ (ਦੀਦਾਰ ਗੁਰਨਾ ) ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ 43 ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲੇ ਸਾਫ ਸੁਥਰੇ ਪਾਣੀ ਦੀ ਸਪਲਾਈ ਲਈ ਨਹਿਰੀ ਪਾਣੀ ਦੀ ਯੋਜਨਾਂ ਨੂੰ ਮਨਜ਼ੂਰੀ ਦੇਣ ਤੇ ਹਲਕੇ ਦੇ ਕਾਂਗਰਸੀ ਆਗੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ| ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਸਕੱਤਰ ਬਲਵਿੰਦਰ ਸਿੰਘ ਮਾਵੀ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰੈੱਸ ਸਕੱਤਰ ਪਰਮਵੀਰ ਸਿੰਘ ਟਿਵਾਣਾ ਤੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਜਿਥੇ 43 ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹੱਈਆ ਹੋਵੇਗਾ ਉਥੇ ਹੀ ਘੱਟ ਧਾਤਾਂ ਵਾਲਾ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਵੀ ਲੋਕਾਂ ਦਾ ਬਚਾਅ ਹੋਵੇਗਾ| ਉਨ੍ਹਾਂ ਵਿਸ਼ੇਸ਼ ਤੌਰ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਲਕੇ ਦੇ ਲੋਕਾਂ ਨਾਲ ਜੋ ਵਾਅਦਾ ਕੀਤਾ ਸੀ ਉਹ ਪੂਰਾ ਕਰ ਕੇ ਵਿਖਾਇਆ ਹੈ ਜਿਸ ਤੋਂ ਸਿੱਧ ਹੁੰਦਾ ਹੈ ਕਿ ਵਿਧਾਇਕ ਨਾਗਰਾ ਪੂਰੀ ਇਮਾਨਦਾਰੀ ਨਾਲ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ| ਉਨ੍ਹਾਂ ਇਹ ਵੀ ਕਿਹਾ ਕਿ ਸ. ਨਾਗਰਾ ਦੀਆਂ ਕੋਸ਼ਿਸ਼ਾਂ ਸਦਕਾ ਹਲਕੇ ਵਿੱਚ ਕਈ ਵੱਡੇ ਪ੍ਰੋਜੈਕਟ ਆਏ ਹਨ ਜੋ ਕਿ ਛੇਤੀ ਹੀ ਪੜਾਅਵਾਰ ਪੂਰੇ ਹੋਣਗੇ| ਉਨ੍ਹਾਂ ਇਹ ਵੀ ਕਿਹਾ ਕਿ ਆਪਣੇ ਆਪ ਨੂੰ ਪੰਥ ਹਿਤੈਸ਼ੀ ਕਹਾਉਣ ਵਾਲੇ ਅਕਾਲੀਆਂ ਨੇ ਆਪਣੇ 10 ਸਾਲਾਂ ਵਿੱਚ ਕਦੇ ਵੀ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰੀ ਜੀ ਦੀ ਲਾਸਾਨੀ ਨਾਲ ਜੁੜੀ ਇਸ ਪਵਿੱਤਰ ਧਰਤੀ ਦੇ ਵਿਕਾਸ ਲਈ ਕੁਝ ਨਹੀਂ ਕੀਤਾ ਜਦੋਂ ਕਿ ਕਾਂਗਰਸ ਸਰਕਾਰ ਜਦ ਵੀ ਸੱਤਾ ਵਿੱਚ ਆਈ ਤਾਂ ਇਸ ਪਾਵਨ ਧਰਤੀ ਦੇ ਵਿਕਾਸ ਲਈ ਵੱਡੇ ਪ੍ਰੋਜੈਕਟ ਪਾਸ ਕੀਤੇ|ਇਸ ਮੌਕੇ ਸੰਤ ਰਾਮ, ਕੇਸਰ ਸਿੰਘ ਸਰਪੰਚ ਬਲਾੜਾ, ਗੁਰਦੀਸ਼ ਸਿੰਘ ਸਾਜਨ, ਬੀਰਦਵਿੰਦਰ ਸਿੰਘ, ਰਣਜੀਤ ਸਿੰਘ ਬਡਾਲੀ, ਗੁਰਨਾਮ ਸਿੰਘ, ਗੁਰਸੇਵਕ ਸਿੰਘ, ਨਾਜ਼ਰ ਸਿੰਘ ਆਦਿ ਕਾਂਗਰਸੀ ਆਗੂ ਹਾਜ਼ਰ ਸਨ।