ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ, ਸਰਹਿੰਦ ਸ਼ਹਿਰ ਦੇ ਵਾਰਡ ਨੰ: 6 ਵਿਖੇ ਸੀਵਰੇਜ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ।
ਫ਼ਤਹਿਗੜ੍ਹ ਸਾਹਿਬ, 14 ਜੁਲਾਈ: ਪੰਜਾਬ ਸਰਕਾਰ ਸ਼ਹਿਰਾਂ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਸਰਹਿੰਦ ਸ਼ਹਿਰ ਦੇ ਵਾਰਡ ਨੰ: 6 ਦੇ ਟਰਾਂਸਪੋਰਟ ਚੌਂਕ ਤੋਂ ਪੁਰਾਣੇ ਓਵਰ ਬ੍ਰਿਜ ਤੱਕ ਸੀਵਰੇਜ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਉਪਰੰਤ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਮਸੀਤ ਵਾਲੀ ਗਲੀ, ਟਰਾਂਸਪੋਰਟ ਮੁਹੱਲਾ ਅਤੇ ਲਛਮਣ ਕਲੌਨੀ ਵਿੱਚ ਵੀ ਸੀਵਰੇਜ ਪਾਇਆ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਦੀ ਬਹੁਤ ਲੰਮੇ ਸਮੇਂ ਤੋਂ ਸੀਵਰੇਜ ਪਾਉਣ ਦੀ ਮੰਗ ਸੀ ਜੋ ਕਿ ਕੈਪਟਨ ਸਰਕਾਰ ਵੱਲੋਂ ਪੂਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਪਾਉਣ ਦਾ ਕੰਮ ਮੁਕੰਮਲ ਹੋਣ ਤੇ ਜਿਥੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਤੋਂ ਹਮੇਸ਼ਾਂ ਲਈ ਛੁਟਕਾਰਾ ਮਿਲੇਗਾ ਉਥੇ ਹੀ ਲੋਕਾਂ ਨੂੰ ਸਵੱਛ ਵਾਤਾਵਰਣ ਵੀ ਮੁਹੱਈਆ ਹੋਵੇਗਾ। ਜਿਸ ਨਾਲ ਲੋਕ ਸਿਹਤਮੰਦ ਰਹਿ ਸਕਣਗੇ।ਉਨ੍ਹਾਂ ਦੱਸਿਆ ਕਿ ਸੀਵਰੇਜ ਮੁਕੰਮਲ ਹੋਣ ਉਪਰੰਤ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾਣਗੀਆਂ ਅਤੇ ਸੜਕਾਂ ਦਾ ਨਿਰਮਾਣ ਕਰਵਾਇਆ ਜਾਵੇਗਾ ਇਸ ਤੋਂ ਇਲਾਵਾ ਐਲ.ਈ.ਡੀ. ਸਟਰੀਟ ਲਾਈਟਾਂ ਵੀ ਲਗਾਈਆਂ ਜਾਣਗੀਆਂ।
ਵਿਧਾਇਕ ਨਾਗਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸ਼ਹਿਰਾਂ ਦੇ ਲੋਕਾਂ ਨੂੰ ਬਿਹਤਰ ਸੀਵਰੇਜ ਸਹੂਲਤ, ਪੀਣ ਵਾਲੇ ਸਾਫ ਸੁਥਰੇ ਪਾਣੀ ਦੀ ਸਹੂਲਤ ਅਤੇ ਨਿਰੰਤਰ ਬਿਜਲੀ ਸਪਲਾਈ ਦੇਣ ਲਈ ਪੂਰੀ ਗੰਭੀਰਤਾ ਨਾਲ ਪ੍ਰੋਜੈਕਟ ਉਲੀਕ ਰਹੇ ਹਨ ਅਤੇ ਉਨ੍ਹਾਂ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਵਿੱਚ ਵਾਤਾਵਰਣ ਨੂੰ ਸਾਫ ਰੱਖਣ ਲਈ ਮਿਸ਼ਨ ਤੰਦਰੁਸਤ ਪੰਜਾਬ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਦਾ ਮਕਸਦ ਜਿਥੇ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਹੈ ਉਥੇ ਹੀ ਆਮ ਲੋਕਾਂ ਨੂੰ ਮਿਲਾਵਟ ਰਹਿਤ ਖਾਣ ਪੀਣ ਦੀਆਂ ਵਸਤੂਆਂ ਤੇ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣਾ ਵੀ ਇਸ ਮੁਹਿੰਮ ਦਾ ਮੁੱਖ ਹਿੱਸਾ ਹੈ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਮਿਸ਼ਨ ਤੰਦਰੁਸਤ ਪੰਜਾਬ ਦੀ ਸਫਲਤਾ ਨਾਲ ਹੀ ਤੰਦਰੁਸਤ ਸਮਾਜ ਦੀ ਸਿਰਜਣਾ ਹੋ ਸਕੇਗੀ ਇਸ ਲਈ ਹਰੇਕ ਨਾਗਰਿਕ ਇਸ ਮਿਸ਼ਨ ਵਿੱਚ ਆਪਣਾ ਉਸਾਰੂ ਯੋਗਦਾਨ ਪਾਵੇ।
ਇਸ ਮੌਕੇ ਸੀਵਰੇਜ ਬੋਰਡ ਦੇ ਐਸ.ਡੀ.ਓ. ਰਾਜੀਵ ਕਪੂਰ, ਸਹਾਇਕ ਇੰਜਨੀਅਰ ਰਘਬੀਰ ਸਿੰਘ, ਬਲਾਕ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਤੇ ਵਾਰਡ ਦੇ ਕੌਂਸਲਰ ਗੁਲਸ਼ਨ ਰਾਏ ਬੌਬੀ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਕਾਰਜਕਾਰੀ ਜਨਰਲ ਸਕੱਤਰ ਤੇ ਕੌਂਸਲਰ ਗੁਰਪ੍ਰੀਤ ਸਿੰਘ ਲਾਲੀ, ਅੰਮ੍ਰਿਤਪਾਲ ਸਿੰਘ ਨੀਟੂ, ਜੀਵਨ ਸਿੰਘ, ਜੈ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ, ਸੁਰਿੰਦਰ ਕੌਰ, ਸੁਦੇਸ਼ ਕੁਮਾਰੀ, ਆਸ਼ਾ ਰਾਣੀ, ਪ੍ਰਵੀਨ ਬਾਂਸਲ, ਸਰੋਜਬਾਲਾ, ਜਨਕ ਸਿੰਘ, ਰਾਜੀਵ ਕਪਿਲਾ, ਪ੍ਰੇਮ ਲਤਾ, ਪੁਸ਼ਪਾ ਰਾਣੀ, ਸ਼ਾਂਤੀ ਦੇਵੀ ਤੇ ਕਿਰਨ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।