ਈਸੜੂ (ਲੁਧਿਆਣਾ), 15 ਅਗਸਤ -ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਹੈ ਕਿ ਜਿਵੇਂ ਸਾਡੇ ਆਜ਼ਾਦੀ ਘੁਲਾਟੀਆਂ ਨੇ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦ ਕਰਾਉਣ ਲਈ ਯਤਨ ਕੀਤੇ ਸਨ ਅਤੇ ਇਸ ਵਿੱਚ ਉਹ ਦ੍ਰਿੜਤਾ ਨਾਲ ਸਫ਼ਲ ਵੀ ਹੋਏ ਸਨ। ਉਸੇ ਤਰ੍ਹਾਂ ਹੁਣ ਲੋੜ ਹੈ ਕਿ ਪੰਜਾਬੀਆਂ ਨੂੰ ਨਸ਼ੇ ਦੀ ਗੁਲਾਮੀ ਤੋਂ ਆਜ਼ਾਦ ਕਰਾਉਣ ਲਈ ਸੂਬੇ ਦੇ ਲੋਕ ਪੰਜਾਬ ਸਰਕਾਰ ਦਾ ਸਹਿਯੋਗ ਕਰਨ।
ਸ੍ਰ. ਬਾਜਵਾ ਨੇ ਇਹ ਵਿਚਾਰ ਅੱਜ ਪਿੰਡ ਈਸੜੂ ਵਿਖੇ ਗੋਆ ਦੀ ਆਜ਼ਾਦੀ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਉਸ ਵੇਲੇ ਤੱਕ ਆਪਣੇ ਟੀਚੇ ਨੂੰ ਪ੍ਰਾਪਤ ਨਹੀਂ ਕਰ ਸਕਦੀ ਜਦੋਂ ਤੱਕ ਇਸ ਵਿੱਚ ਸੂਬੇ ਦੇ ਲੋਕ ਸਹਿਯੋਗ ਨਹੀਂ ਕਰਦੇ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਜਿਵੇਂ ਸਾਡੇ ਸ਼ਹੀਦਾਂ ਨੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਇਕਮੁੱਠ ਹੋ ਕੇ ਯਤਨ ਕੀਤੇ ਸਨ ਅਤੇ ਉਹ ਸਫ਼ਲ ਵੀ ਹੋਏ ਸਨ, ਉਸੇ ਤਰਜ਼ 'ਤੇ ਹੁਣ ਪੰਜਾਬੀਆਂ ਨੂੰ ਨਸ਼ੇ ਦੀ ਗ੍ਰਿਫ਼ਤ ਵਿੱਚੋਂ ਆਜ਼ਾਦ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ ਆਰੰਭੇ ਯਤਨਾਂ ਨੂੰ ਸਹਿਯੋਗ ਦਿੱਤਾ ਜਾਵੇ।
ਸ੍ਰ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜਲਦ ਹੀ ਪੰਚਾਇਤ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਔਰਤਾਂ ਨੂੰ 50 ਫੀਸਦੀ ਸੀਟਾਂ ਦਿੱਤੀਆਂ ਜਾਣਗੀਆਂ ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਔਰਤਾਂ ਦੀ ਭਾਗੀਦਾਰੀ ਹੋਰ ਵਧਾਈ ਜਾ ਸਕੇ। ਇਸੇ ਤਰ੍ਹਾਂ ਵਿਕਾਸ ਕਾਰਜਾਂ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਨੂੰ ਯਕੀਨੀ ਬਣਾਉਣ ਲਈ ਚੁਣੇ ਹੋਏ ਨੁਮਾਇੰਦਿਆਂ ਦੀ ਵੀ ਜਵਾਬਦੇਹੀ ਮੁਕੱਰਰ ਕੀਤੀ ਜਾਵੇਗੀ। ਇਸ ਨਾਲ ਹਰੇਕ ਖੇਤਰ ਦਾ ਬਿਨਾ ਭੇਦ-ਭਾਵ ਵਿਕਾਸ ਯਕੀਨੀ ਬਣੇਗਾ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਸਾਲ 2022 ਤੱਕ ਸੂਬੇ ਦੇ 60 ਫੀਸਦੀ ਪਿੰਡਾਂ ਵਿੱਚ ਸੀਵਰੇਜ਼ ਦੀ ਸਹੂਲਤ ਮੁਹੱਈਆ ਕਰਾਉਣ ਦਾ ਟੀਚਾ ਮਿਥਿਆ ਗਿਆ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੇ ਜੰਗਲਾਤ ਮੰਤਰੀ ਸ੍ਰ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸ਼ਹੀਦਾਂ ਦੇ ਖੂਨ ਨਾਲ ਪ੍ਰਾਪਤ ਕੀਤੀ ਆਜ਼ਾਦੀ ਨੂੰ ਕਾਂਗਰਸ ਪਾਰਟੀ ਅਤੇ ਦੇਸ਼ ਦੇ ਲੋਕ ਕਦੇ ਵੀ ਕਿਸੇ ਵੀ ਤਰ੍ਹਾਂ ਦੀ ਗੁਲਾਮੀ ਵਿੱਚ ਤਬਦੀਲ ਨਹੀਂ ਹੋਣ ਦੇਣਗੇ। ਅਕਾਲੀ ਭਾਜਪਾ ਗਠਜੋੜ ਸਰਕਾਰ ਵੱਲੋਂ ਪਿਛਲੇ 10 ਸਾਲਾਂ ਦੌਰਾਨ ਪੰਜਾਬ ਅਤੇ ਇਥੋਂ ਦੇ ਲੋਕਾਂ ਨੂੰ ਆਰਥਿਕ ਗੁਲਾਮੀ ਦਾ ਸ਼ਿਕਾਰ ਬਣਾ ਦਿੱਤਾ ਗਿਆ ਸੀ, ਇਸ ਸਥਿਤੀ ਨੂੰ ਦੂਰ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਰਤੋੜ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪੋਲ ਖੋਲ੍ਹਣ ਦੀਆਂ ਗੱਲਾਂ ਕਰਨ ਵਾਲੇ ਅਕਾਲੀਆਂ ਦੀ ਪੋਲ ਉਦੋਂ ਖੁੱਲ੍ਹੇਗੀ, ਜਦੋਂ ਬੇਅਦਬੀ ਘਟਨਾਵਾਂ ਸੰਬੰਧੀ ਜਸਟਿਸ ਰਣਜੀਤ ਸਿੰਘ ਗਿੱਲ ਕਮਿਸ਼ਨ ਦੀ ਰਿਪੋਰਟ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੀ ਜਾਵੇਗੀ।
ਸ੍ਰ. ਧਰਮਸੋਤ ਨੇ ਦਾਅਵੇ ਨਾਲ ਕਿਹਾ ਕਿ ਸੂਬੇ ਵਿੱਚ ਨਸ਼ੇ ਦੀ ਆਮਦ ਅਤੇ ਤਸਕਰੀ ਪੂਰੀ ਤਰ੍ਹਾਂ ਰੋਕ ਦਿੱਤੀ ਗਈ ਹੈ। ਜੋ ਵਿਅਕਤੀ ਨਸ਼ੇ ਦੇ ਆਦੀ ਹੋ ਚੁੱਕੇ ਹਨ, ਉਨ੍ਹਾਂ ਦਾ ਪ੍ਰਮੁੱਖਤਾ ਨਾਲ ਇਲਾਜ਼ ਕਰਾਉਣ ਦੇ ਨਾਲ-ਨਾਲ ਉਨ੍ਹਾਂ ਦੇ ਮੁੜ ਵਸੇਬੇ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਪੈਨਸ਼ਨਾਂ ਦੀ ਰਾਸ਼ੀ ਵਿੱਚ ਵਾਧਾ ਕਰਨ ਦੇ ਨਾਲ-ਨਾਲ ਸ਼ਗਨ ਸਕੀਮ ਅਤੇ ਹੋਰ ਯੋਜਨਾਵਾਂ ਦੇ ਲਾਭ ਰਾਸ਼ੀ ਵਿੱਚ ਵਾਧਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਅਤੇ ਇਥੋਂ ਦੇ ਲੋਕਾਂ ਦੀ ਤ੍ਰਾਸਦੀ ਹੀ ਕਹੀ ਜਾ ਸਕਦੀ ਹੈ ਕਿ ਪਿਛਲੇ 10 ਸਾਲਾਂ ਦੌਰਾਨ ਇਥੋਂ ਦੇ ਲੋਕਾਂ ਨੂੰ ਕੁੱਟਿਆ ਅਤੇ ਲੁੱਟਿਆ ਗਿਆ, ਉਥੇ ਪੰਜਾਬ ਨੂੰ ਆਰਥਿਕ ਪੱਖੋਂ ਬਿਲਕੁਲ ਹੀ ਕੰਗਾਲ ਕਰਕੇ ਰੱਖ ਦਿੱਤਾ ਗਿਆ।
ਲੋਕ ਸਭਾ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਕੁਝ ਦੇਸ਼ ਵਿਰੋਧੀ ਤਾਕਤਾਂ ਵੱਲੋਂ ਦਿੱਤੇ ਰੈੱਫਰੈਂਡਮ 2020 ਦੇ ਸੱਦੇ ਨੂੰ ਨਕਾਰ ਦੇਣ। ਉਨ੍ਹਾਂ 'ਆਪ' ਪਾਰਟੀ 'ਤੇ ਦੋਸ਼ ਲਗਾਇਆ ਕਿ ਕੁਰਸੀ ਦੇ ਲਾਲਚ ਦੇ ਚੱਲਦਿਆਂ ਇਸ ਪਾਰਟੀ ਵੱਲੋਂ ਲੋਕਾਂ ਵਿੱਚ ਆਪਸੀ ਫੁੱਟ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਸ ਗੱਲ 'ਤੇ ਵੀ ਖੁਸ਼ੀ ਜ਼ਾਹਿਰ ਕੀਤੀ ਕਿ ਰੈੱਫਰੈਂਡਮ 2020 ਦੇ ਨਾਮ 'ਤੇ ਕੀਤੀ ਮੀਟਿੰਗ ਨੂੰ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੂੰ ਪਾਣੀਆਂ ਦਾ ਰਾਖਾ ਕਰਾਰ ਦਿੰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਇਹ ਹੌਂਸਲਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਅਤੇ ਬਾਦਲ ਪਰਿਵਾਰ ਨਹੀਂ ਦਿਖਾ ਸਕਦਾ ਸੀ।
ਉਨ•ਾਂ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਨੇ ਸੱਤਾ ਸਮੇਂ ਦੌਰਾਨ ਲੋਕਾਂ ਦੇ ਪੈਸੇ ਦੀ ਰੱਜ ਕੇ ਦੁਰਵਰਤੋਂ ਕੀਤੀ। ਨਤੀਜਾ ਇਹ ਹੋਇਆ ਕਿ ਕਾਂਗਰਸ ਪਾਰਟੀ ਵੱਲੋਂ ਸੂਬੇ ਦੀ ਵਾਗਡੋਰ ਸੰਭਾਲਣ ਮੌਕੇ ਪੰਜਾਬ ਗੰਭੀਰ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਿਹਾ ਸੀ। ਹੁਣ ਪੰਜਾਬ ਕੈਪਟਨ ਸਰਕਾਰ ਵੱਲੋਂ ਸੂਬੇ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਇਸ ਮੌਕੇ ਪਿੰਡ ਈਸੜੂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਗਰਾਂਟ ਜਾਰੀ ਕਰਾਉਣ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਇੱਕ ਪਰਿਵਾਰਕ ਮੈਂਬਰ ਨੂੰ ਅਗਲੇ ਕੁਝ ਦਿਨਾਂ ਵਿੱਚ ਸਰਕਾਰੀ ਨੌਕਰੀ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਪੰਜਾਬ ਨਾਲ ਗੱਲਬਾਤ ਕਰਨ ਬਾਰੇ ਵੀ ਕਿਹਾ।
ਬੁਲਾਰਿਆਂ ਨੇ ਕਿਹਾ ਕਿ ਪੰਜਾਬੀਆਂ ਨੂੰ ਕੁਰਬਾਨੀ ਦਾ ਜਜ਼ਬਾ ਸਿੱਖ ਗੁਰੂਆਂ ਤੋਂ ਵਿਰਸੇ ਵਿੱਚ ਮਿਲਿਆ ਹੈ ਅਤੇ ਪੰਜਾਬੀਆਂ ਨੇ ਦੇਸ਼ ਨੂੰ ਆਜ਼ਾਦ ਕਰਾਉਣ ਵਿੱਚ ਸਭ ਤੋਂ ਵੱਡਾ ਯੋਗਦਾਨ ਪਾਇਆ ਹੈ। ਦੇਸ਼ ਦੀ ਕੁੱਲ ਆਬਾਦੀ ਵਿੱਚ ਪੰਜਾਬੀਆਂ ਦੀ ਗਿਣਤੀ ਮਹਿਜ਼ ਦੋ ਫੀਸਦੀ ਹੋਣ ਦੇ ਬਾਵਜੂਦ ਪੰਜਾਬੀਆਂ ਵੱਲੋਂ ਦੇਸ਼ ਲਈ ਕੀਤੀਆਂ ਕੁਰਬਾਨੀਆਂ, ਕੈਦਾਂ ਅਤੇ ਘੋਰ ਸਜ਼ਾਵਾਂ ਕਿਤੇ ਜਿਆਦਾ ਹਨ। ਦੇਸ਼ ਨੂੰ ਆਜ਼ਾਦ ਕਰਾਉਣ ਲਈ ਚੱਲੀਆਂ ਕਈਆਂ ਲਹਿਰਾਂ ਦੀ ਅਗਵਾਈ ਪੰਜਾਬੀਆਂ ਨੇ ਕੀਤੀ। ਉਨ•ਾਂ ਆਜ਼ਾਦੀ ਘੁਲਾਟੀਆਂ ਵੱਲੋਂ ਦੇਸ਼ ਨੂੰ ਆਜ਼ਾਦ ਕਰਾਉਣ ਲਈ ਪਾਏ ਬੇਮਿਸਾਲ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਇਹ ਯੋਗਦਾਨ ਸਾਡੇ ਅੱਜ ਦੇ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਦਾ ਵਿਕਾਸ ਕਰਨ 'ਚ ਸਹਾਈ ਸਿੱਧ ਹੋਵੇਗਾ।
ਹਲਕਾ ਵਿਧਾਇਕ ਸ੍ਰ. ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਈਸੜੂ ਅਤੇ ਇਲਾਕੇ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਅਤੇ ਕਿਹਾ ਕਿ ਜੇਕਰ ਪਿਛਲੀ ਸਰਕਾਰ ਨੇ ਇਸ ਇਲਾਕੇ ਦੇ ਵਿਕਾਸ ਦੀ ਸਾਰ ਲਈ ਹੁੰਦੀ ਤਾਂ ਅੱਜ ਉਨ•ਾਂ ਨੂੰ ਆਪਣੇ ਇਲਾਕੇ ਦੀਆਂ ਮੰਗਾਂ ਸੰਬੰਧੀ ਵੇਰਵਾ ਨਾ ਪੇਸ਼ ਕਰਨਾ ਪੈਂਦਾ। ਉਨ•ਾਂ ਕਿਹਾ ਕਿ ਪਿੰਡ ਈਸੜੂ ਅਤੇ ਹਲਕਾ ਖੰਨਾ ਪਿਛਲੇ ਸਮੇਂ ਦੌਰਾਨ ਵਿਕਾਸ ਪੱਖੋਂ ਕਾਫੀ ਪਛੜ ਗਏ ਸਨ। ਉਨ•ਾਂ ਮੁੱਖ ਮਹਿਮਾਨ ਨੂੰ ਅਪੀਲ ਕੀਤੀ ਕਿ ਉਹ ਪਿੰਡ ਈਸੜੂ ਵਿੱਚ ਸ਼ਹੀਦ ਕਰਨੈਲ ਸਿੰਘ ਦੀ ਢੁੱਕਵੀਂ ਯਾਦਗਾਰ ਉਸਾਰਨ, ਖੇਡ ਸਟੇਡੀਅਮ ਦੀ ਜਲਦ ਉਸਾਰੀ, ਖੰਨਾ ਸ਼ਹਿਰ ਵਿੱਚ 100 ਫੀਸਦੀ ਸੀਵਰੇਜ਼ ਸਹੂਲਤ, ਫੋਕਲ ਪੁਆਇੰਟ ਦੀ ਕਾਇਆ ਕਲਪ ਅਤੇ ਹੋਰ ਮੰਗਾਂ ਸੰਬੰਧੀ ਮੁੱਖ ਮੰਤਰੀ ਪੰਜਾਬ ਨਾਲ ਵਿਸ਼ੇਸ਼ ਮੀਟਿੰਗ ਕਰਨ ਤਾਂ ਜੋ ਇਸ ਹਲਕੇ ਦੇ ਵਿਕਾਸ ਨੂੰ ਅੱਗੇ ਤੋਰਿਆ ਜਾ ਸਕੇ।
ਇਸ ਤੋਂ ਪਹਿਲਾਂ ਮੁੱਖ ਮਹਿਮਾਨ ਸਮੇਤ ਸਾਰੀਆਂ ਸਖ਼ਸ਼ੀਅਤਾਂ ਨੇ ਸ਼ਹੀਦ ਕਰਨੈਲ ਸਿੰਘ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਉਨ•ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਹੀਦ ਦੀ ਧਰਮਪਤਨੀ ਬੀਬੀ ਚਰਨਜੀਤ ਕੌਰ, ਵਿਧਾਇਕ ਸ੍ਰ. ਅਮਰੀਕ ਸਿੰਘ ਢਿੱਲੋਂ, ਵਿਧਾਇਕ ਸ੍ਰ. ਲਖ਼ਬੀਰ ਸਿੰਘ ਲੱਖਾ, ਵਿਧਾਇਕ ਸ੍ਰ. ਕੁਲਜੀਤ ਸਿੰਘ ਨਾਗਰਾ, ਵਿਧਾਇਕ ਸ੍ਰ. ਗੁਰਪ੍ਰੀਤ ਸਿੰਘ ਜੀ. ਪੀ., ਸਾਬਕਾ ਮੰਤਰੀ ਸ੍ਰ. ਤੇਜ ਪ੍ਰਕਾਸ਼ ਸਿੰਘ ਕੋਟਲੀ, ਸਾਬਕਾ ਮੰਤਰੀ ਸ੍ਰ. ਮਲਕੀਤ ਸਿੰਘ ਦਾਖਾ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਜ਼ਿਲ•ਾ ਪੁਲਿਸ ਮੁਖੀ ਖੰਨਾ ਸ੍ਰੀ ਧਰੁਵ ਦਹੀਆ ਤੋਂ ਇਲਾਵਾ ਕਈ ਉੱਚ ਅਧਿਕਾਰੀ ਅਤੇ ਪ੍ਰਮੁੱਖ ਸਖ਼ਸ਼ੀਅਤਾਂ ਵੀ ਹਾਜ਼ਰ ਸਨ।