ਬਰਨਾਲਾ, 11 ਅਕਤੂਬਰ 2018: ਬਰਨਾਲਾ ਜ਼ਿਲੇ ਵਿਚ ਬਿਨਾਂ ਸੁਪਰ ਐਸ.ਐਮ.ਐਸ. ਤੋਂ ਝੋਨੇ ਦੀ ਕਟਾਈ ਕਰਨ ਵਾਲੇ ਕੰਬਾਇਨ ਮਾਲਕਾਂ ਦੀਆਂ ਕੰਬਾਇਨਾਂ ਜ਼ਬਤ ਕੀਤੀਆਂ ਜਾਣਗੀਆਂ, ਇਸ ਲਈ ਕੋਈ ਵੀ ਕੰਬਾਇਨ ਮਾਲਕ ਝੋਨੇ ਦੀ ਵਢਾਈ ਕਰਨ ਵੇਲੇ ਸੁਪਰ ਐਸ.ਐਮ.ਐਸ ਵਰਤੋਂ ਕਰਨੀ ਯਕੀਨੀ ਬਣਾਉਣ। ਇਸ ਸਬੰਧੀ ਸਬ ਡਵੀਜ਼ਨ ਪੱਧਰ ’ਤੇ ਪੁਲਿਸ ਅਧਿਕਾਰੀ, ਖੇਤੀਬਾੜੀ ਅਫਸਰ, ਕਲੱਸਟਰ ਅਫ਼ਸਰ ਅਤੇ ਨੋਡਲ ਅਫ਼ਸਰ ਕੰਬਾਇਨ ਮਾਲਕਾਂ ਨਾਲ ਸਾਂਝੀਆਂ ਮੀਟਿੰਗਾਂ ਕਰਨਾ ਯਕੀਨੀ ਬਣਾਉਣ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਖੇਤੀਬਾੜੀ ਵਿਭਾਗ, ਪੁਲਿਸ ਵਿਭਾਗ, ਸਹਿਕਾਰਤਾ ਵਿਭਾਗ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਸ੍ਰੀ ਧਰਮ ਪਾਲ ਗੁਪਤਾ ਨੇ ਦੱਸਿਆ ਕਿ ਜ਼ਿਲੇ ਵਿਚ ਪਰਾਲੀ ਨੂੰ ਨਾ ਸਾੜਨ ਸਬੰਧੀ ਜਾਗਰੂਕਤਾ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇ ਅਤੇ ਹਰੇਕ ਪਿੰਡ ਵਿਚ ਜਾਗਰੂਕਤਾ ਕੈਂਪ ਲਗਾਏ ਜਾਣ। ਇਨਾਂ ਕੈਂਪਾਂ ਵਿਚ ਕਿਸਾਨ ਯੂਨੀਅਨ, ਯੂਥ ਕਲੱਬਾਂ, ਅਗਾਂਹਵਧੂ ਕਿਸਾਨਾਂ, ਕਿਸਾਨ ਬੀਬੀਆਂ ਅਤੇ ਸਕੂਲੀ ਬੱਚਿਆਂ ਨੂੰ ਵੀ ਸ਼ਾਮਲ ਕੀਤਾ ਜਾਵੇ। ਇਸ ਤੋਂ ਇਲਾਵਾ ਇਸ ਮੁਹਿੰਮ ਵਿਚ ਸੋਸ਼ਲ ਮੀਡੀਆ, ਵਟਸਐਪ, ਫੇਸਬੁੱਕ ਅਤੇ ਟਵਿੱਟਰ ਰਾਹੀਂ ਵੀ ਕਿਸਾਨਾਂ ਨੂੰ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਨੂੰ ਹਦਾਇਤਾਂ ਦਿੱਤੀਆਂ ਕਿ ਪੰਜਾਬ ਸਰਕਾਰ ਵਲੋਂ ਸਬਸਿਡੀ ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਹੀ ਰਲਾਉਣ ਵਾਲੀ ਮਸ਼ੀਨਰੀ ਨੂੰ ਤੁਰੰਤ ਮੁਹੱਈਆ ਕਰਵਾਈ ਜਾਵੇ। ਇਸ ਮੌਕੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਨੇ ਦੱਸਿਆ ਕਿ ਜ਼ਿਲੇ ਦੀਆਂ ਤਕਰੀਬਨ 60 ਫ਼ੀਸਦ ਸਹਿਕਾਰੀ ਸਭਾਵਾਂ ’ਚ ਪਰਾਲੀ ਸੰਭਾਲਣ ਤੇ ਮਿੱਟੀ ’ਚ ਰਲਾਉਣ ਵਾਲੇ ਸੰਦ ਸਬਸਿਡੀ ’ਤੇ ਮੁਹੱਈਆ ਕਰਵਾਏ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੀ ਮਸ਼ੀਨਰੀ 15 ਅਕਤੂਬਰ ਤੱਕ ਮੁਹੱਈਆ ਕਰਵਾ ਦਿੱਤੀ ਜਾਵੇਗੀ।
ਇਸ ਮੌਕੇ ਐਸ.ਐਸ.ਪੀ. ਹਰਜੀਤ ਸਿੰਘ, ਐਸ.ਡੀ.ਐਮ. ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਵੀਨ ਕੁਮਾਰ, ਸਹਾਇਕ ਕਮਿਸ਼ਨਰ ਡਾ. ਕਰਮਜੀਤ ਸਿੰਘ, ਐਸ.ਪੀ. ਸੁਖਦੇਵ ਸਿੰਘ ਵਿਰਕ, ਐਸ.ਪੀ. ਸ਼ਰਨਜੀਤ ਸਿੰਘ, ਸਮੂਹ ਕਲੱਸਟਰ ਅਫ਼ਸਰ, ਡੀ.ਐਸ.ਪੀ., ਐਸ.ਐਚ.ਓ. ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।