ਸ਼ਹੀਦ ਪੁਲਿਸ ਦਿਹਾੜੇ ਮੌਕੇ ਪੁਲਿਸ ਲਾਈਨ ਮਹਾਦੀਆਂ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਪੁਲਿਸ ਸ਼ਹੀਦੀ ਸਮਾਗਮ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ, ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਰੰਜੀਵ ਵਸ਼ਿਸ਼ਟ ਸ਼ਹੀਦ ਪਰਿਵਾਰਾਂ ਨੂੰ ਸਨਮਾਨਤ ਕਰਦੇ ਹੋਏ।
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ:(ਦੀਦਾਰ ਗੁਰਨਾ ) 21 ਅਕਤੂਬਰ, 1959 ਨੂੰ ਸੀ.ਆਰ.ਪੀ.ਐਫ. ਦੇ ਜਵਾਨ ਚੀਨ ਵੱਲੋਂ ਅਚਾਨਕ ਹਮਲੇ ਦੌਰਾਨ ਸਹੀਦ ਹੋਏ ਸਨ, ਜਿਨ੍ਹਾਂ ਦੀ ਯਾਦ ਵਿੱਚ ਹਰੇਕ ਸਾਲ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਡਿਊਟੀ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਸ਼ਹੀਦੀ ਸਮਾਗਮ ਕਰਵਾਏ ਜਾਂਦੇ ਹਨ। ਜੋ ਕਿ ਪੰਜਾਬ ਪੁਲਿਸ ਦੇ ਗੌਰਵਮਈ ਇਤਿਹਾਸ ਦਾ ਪ੍ਰਤੀਕ ਹਨ। ਇਹ ਪ੍ਰਗਟਾਵਾ ਐਸ.ਐਸ.ਪੀ. ਸ਼੍ਰੀਮਤੀ ਅਲਕਾ ਮੀਨਾ ਨੇ ਪੁਲਿਸ ਲਾਈਨ ਮਹਾਦੀਆਂ ਵਿਖੇ ਜ਼ਿਲ੍ਹਾ ਪੁਲਿਸ ਦੇ ਡਿਊਟੀ ਦੌਰਾਨ ਸ਼ਹੀਦ ਹੋਏ 16 ਪੁਲਿਸ ਜਵਾਨਾਂ ਦੀ ਯਾਦ ਵਿੱਚ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਨੇ ਬਹਾਦਰੀ ਦਿਖਾਉਂਦਿਆਂ ਦੇਸ ਦੀ ਅੰਦਰੂਨੀ ਸੁਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜੋ ਕਿ ਹੋਰਨਾ ਪੁਲਿਸ ਜਵਾਨਾਂ ਲਈ ਹਮੇਸ਼ਾਂ ਪ੍ਰੇਰਨਾ ਦਾ ਸਰੋਤ ਬਣੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੱਤਵਾਦ ਦੇ ਕਾਲੇ ਸਮੇਂ ਦੌਰਾਨ ਪੰਜਾਬ ਪੁਲਿਸ ਨੇ ਅਮਨ ਤੇ ਸ਼ਾਂਤੀ ਕਾਇਮ ਰੱਖਣ ਲਈ ਜੋ ਕੁਰਬਾਨੀਆਂ ਦਿੱਤੀਆਂ ਉਸ ਦੀ ਮਿਸਾਲ ਕਿਧਰੇ ਨਹੀਂ ਮਿਲਦੀ ਅਤੇ ਅੱਜ ਜਿਸ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਨ ਉਹ ਸਾਡੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਸ਼ਹਾਦਤਾਂ ਦੇਣ ਵਿੱਚ ਪੰਜਾਬ ਪੁਲਿਸ ਦਾ ਇਤਿਹਾਸ ਸ਼ਾਨਾ ਮੱਤਾ ਰਿਹਾ ਹੈ, ਜਿਸ 'ਤੇ ਸਾਨੂੰ ਹਮੇਸ਼ਾ ਮਾਣ ਰਹੇਗਾ। ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਜਵਾਨਾਂ ਵੱਲੋਂ ਹਥਿਆਰ ਪੁੱਠੇ ਕਰਕੇ ਦੋ ਮਿੰਟ ਦਾ ਮੋਨ ਵੀ ਧਾਰਿਆ ਗਿਆ ਅਤੇ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਪੁਲਿਸ ਤੇ ਸਿਵਲ ਅਧਿਕਾਰੀਆਂ ਤੋਂ ਇਲਾਵਾ ਸ਼ਹੀਦ ਪੁਲਿਸ ਪਰਿਵਾਰਾਂ ਦੇ ਮੈਂਬਰਾਂ ਨੇ ਸ਼ਹੀਦ ਪੁਲਿਸ ਸਮਾਰਕ 'ਤੇ ਰੀਥ ਰੱਖ ਕੇ ਸ਼ਰਧਾਂਜਲੀ ਵੀ ਭੇਂਟ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕਿਹਾ ਕਿ ਇੱਕ ਪੁਲਿਸ ਅਧਿਕਾਰੀ ਦਾ ਸਪੁੱਤਰ ਹੋਣ ਦੇ ਨਾਤੇ ਉਨ੍ਹਾਂ ਦਾ ਇਸ ਦਿਨ ਨਾਲ ਵਿਸ਼ੇਸ਼ ਲਗਾਓ ਹੈ ਅਤੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਜਵਾਨਾਂ 'ਤੇ ਜਿੰਨਾਂ ਮਾਣ ਕੀਤਾ ਜਾਵੇ ਉਹ ਥੋੜਾ ਹੈ। ਉਨ੍ਹਾਂ ਕਿਹਾ ਕਿ ਮਹਾਨ ਹਨ ਉਹ ਮਾਪੇ ਜਿਨ੍ਹਾਂ ਨੇ ਅਜਿਹੇ ਯੋਧਿਆਂ ਨੂੰ ਜਨਮ ਦਿੱਤਾ, ਜਿਨ੍ਹਾਂ ਨੇ ਦੇਸ਼ ਤੇ ਸਮਾਜ ਦੀ ਖਾਤਰ ਆਪਣੇ ਫਰਜਾਂ ਨੂੰ ਹਮੇਸ਼ਾਂ ਮੋਹਰੀ ਰੱਖਿਆ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਮਹਾਨ ਸ਼ਹੀਦਾਂ ਵੱਲੋਂ ਵਿਖਾਏ ਗਏ ਮਾਰਗ 'ਤੇ ਚੱਲਦੇ ਹੋਏ ਆਪਣੇ ਫਰਜ਼ਾਂ ਦੀ ਪੂਰਤੀ ਕਰੀਏ।
ਇਸ ਮੌਕੇ ਐਸ.ਪੀ. (ਐਚ) ਸ. ਰਵਿੰਦਰਪਾਲ ਸਿੰਘ ਸੰਧੂ ਨੇ ਫ਼ਤਹਿਗੜ੍ਹ ਸਾਹਿਬ ਪੁਲਿਸ ਦੇ ਸ਼ਹੀਦ ਹੋਏ 16 ਜਵਾਨਾਂ ਅਤੇ 1-9-17 ਤੋਂ 31-8-18 ਤੱਕ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ 414 ਜਵਾਨਾਂ ਦੇ ਨਾਮ ਪੜ੍ਹ ਕੇ ਉਨ੍ਹਾਂ ਨੂੰ ਸ਼ਰਧਾ ਤੇ ਸਤਿਕਾਰ ਭੇਂਟ ਕੀਤਾ । ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਸ਼ਹੀਦ ਪਰਿਵਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਮੌਕੇ 'ਤੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹੇ ਦੇ 16 ਸ਼ਹੀਦਾਂ ਦੇ ਪਰਿਵਾਰਾਂ 'ਤੇ ਬਣਾਈ ਗਈ ਡਾਕੂਮੈਂਟਰੀ ਵੀ ਵਿਖਾਈ ਗਈ।
ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਰੰਜੀਵ ਵਸ਼ਿਸ਼ਟ, ਸੀ.ਜੇ.ਐਮ. ਸ਼੍ਰੀ ਪ੍ਰਸ਼ਾਂਤ ਵਰਮਾ, ਐਸ.ਪੀ. (ਡੀ) ਸ. ਹਰਪਾਲ ਸਿੰਘ, ਏ.ਐਸ.ਪੀ. ਡਾ. ਰਵਜੋਤ ਗਰੇਵਾਲ, ਡੀ.ਐਸ.ਪੀ. ਸੰਦੀਪ ਕੌਰ ਸੈਣੀ, ਡੀ.ਐਸ.ਪੀ. ਸੰਦੀਪ ਸਿੰਘ, ਡੀ.ਐਸ.ਪੀ. ਅਮਲੋਹ ਸ਼੍ਰੀ ਮਨਪ੍ਰੀਤ ਸਿੰਘ, ਏ.ਐਸ.ਪੀ. ਖਮਾਣੋਂ ਸ਼੍ਰੀ ਨਵਨੀਤ ਸਿੰਘ ਬੈਂਸ, ਡੀ.ਐਸ.ਪੀ. ਬਸੀ ਪਠਾਣਾ ਨਵਨੀਤ ਕੌਰ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਤੇ ਸਿਵਲ ਅਧਿਕਾਰੀ ਅਤੇ ਕਰਮਚਾਰੀ ਅਤੇ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਦੇ ਮੈਂਬਰ ਵੀ ਜ਼ਿਲ੍ਹਾ ਪੱਧਰੀ ਪੁਲਿਸ ਸ਼ਹੀਦ ਸਮਾਗਮ ਵਿੱਚ ਸ਼ਾਮਲ ਹੋਏ।